ਮੋਗਾ/ਅਜੀਤਵਾਲ (ਇਕਬਾਲ ਸਿੰਘ ਖਹਿਰਾ, ਨਛ¾ਤਰ ਸੰਧੂ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਕਿਲੀ ਚਹਿਲਾਂ ਮੋਗਾ ਦੀ ਧਰਤੀ ਤੋਂ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਮੁਹਿੰਮ ਦਾ ਰਸਮੀ ਆਗਾਜ਼ ਕਰ ਦਿੱਤਾ| ਪਾਰਟੀ ਦੀ ‘ਬਦਲਾਅ ਰੈਲੀ’ ਨੂੰ ਸੰਬੋਧਨ ਕਰਦਿਆਂ ਨਾਨਕਸ਼ਾਹੀ ਨਵੇਂ ਸਾਲ ਦੀਆਂ ਮੁਬਾਰਕਾਂ ਦਿੰਦਿਆਂ ਸ਼ਾਹ ਨੇ ਸਪੱਸ਼ਟ ਕੀਤਾ ਕਿ ਹੁਣ ਭਾਜਪਾ ਪੰਜਾਬ ਵਿੱਚ ‘ਛੋਟੇ ਭਰਾ’ (ਜੂਨੀਅਰ ਸਹਿਯੋਗੀ) ਵਜੋਂ ਨਹੀਂ, ਸਗੋਂ ਆਪਣੇ ਦਮ ’ਤੇ ਸਰਕਾਰ ਬਣਾਉਣ ਦੇ ਮਕਸਦ ਨਾਲ ਮੈਦਾਨ ਵਿੱਚ ਉਤਰੇਗੀ| ਉਨ੍ਹਾ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਨੇ ਦੇਸ਼ ਵਿੱਚੋਂ ਨਕਸਲਵਾਦ ਨੂੰ ਨੱਥ ਪਾਈ ਹੈ, ਉਸੇ ਤਰ੍ਹਾਂ ਪੰਜਾਬ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਿਆ ਜਾਵੇਗਾ| ਕੇਂਦਰੀ ਮੰਤਰੀ ਨੇ ਪੰਜਾਬ ਦੀ ਮੌਜੂਦਾ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ‘ਤਿੰਨ ਵੱਡੇ ਖ਼ਤਰਿਆਂ’-ਗੈਂਗਸਟਰ ਕਲਚਰ, ਜ਼ਬਰਦਸਤੀ ਧਰਮ ਪਰਿਵਰਤਨ ਅਤੇ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਅਹਿਦ ਲਿਆ| ਉਨ੍ਹਾ ਭਰੋਸਾ ਦਿੱਤਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਇਨ੍ਹਾਂ ਬੁਰਾਈਆਂ ਨੂੰ ਸੂਬੇ ਵਿੱਚੋਂ ਪੂਰੀ ਤਰ੍ਹਾਂ ਮਲੀਆਮੇਟ ਕਰ ਦਿੱਤਾ ਜਾਵੇਗਾ|
ਇਸ ਤੋਂ ਪਹਿਲਾਂ ਕੇਸਰੀ ਦਸਤਾਰ ਸਜਾ ਕੇ ਮੋਗਾ ਵਿਖੇ ਪਾਰਟੀ ਦੀ ‘ਬਦਲਾਅ ਰੈਲੀ’ ਵਿਚ ਪਹੁੰਚੇ ਸ਼ਾਹ ਦਾ ਪੰਜਾਬ ਭਾਜਪਾ ਦੇ ਆਗੂਆਂ ਨੇ ਨਿੱਘਾ ਸਵਾਗਤ ਕੀਤਾ | ਇਸ ਰੈਲੀ ਵਿੱਚ ਸਭ ਤੋਂ ਵੱਧ ਚਰਚਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੈਰ-ਹਾਜ਼ਰੀ ਦੀ ਰਹੀ, ਹਾਲਾਂ ਕਿ ਉਨ੍ਹਾ ਦੀ ਪਤਨੀ ਪਰਨੀਤ ਕੌਰ ਅਤੇ ਬੇਟੀ ਜੈ ਇੰਦਰ ਕੌਰ ਮੰਚ ’ਤੇ ਮੌਜੂਦ ਸਨ| ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸੂਬੇ ਵਿੱਚ ‘ਡਬਲ ਇੰਜਣ’ ਸਰਕਾਰ ਚਾਹੁੰਦੇ ਹਨ ਅਤੇ ਮੌਜੂਦਾ ‘ਆਪ’ ਸਰਕਾਰ ਦੀਆਂ ਨੀਤੀਆਂ ਨੇ ਪੰਜਾਬ ਨੂੰ ਆਰਥਿਕ ਕੰਗਾਲੀ ਵੱਲ ਧੱਕ ਦਿੱਤਾ ਹੈ|
ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ’ਤੇ ਗੰਭੀਰ ਚਿੰਤਾ ਪ੍ਰਗਟਾਈ| ਉਨ੍ਹਾ ਕਿਹਾ ਕਿ ਪੰਜਾਬ ਦਾ ਨੌਜਵਾਨ, ਜੋ ਕਦੇ ਖੇਤਾਂ ਅਤੇ ਖੇਡ ਮੈਦਾਨਾਂ ਦੀ ਸ਼ਾਨ ਹੁੰਦਾ ਸੀ, ਅੱਜ ਨਸ਼ਿਆਂ ਕਾਰਨ ਨਾਲੀਆਂ ਵਿੱਚ ਦਮ ਤੋੜ ਰਿਹਾ ਹੈ| ਸ਼ਰਮਾ ਨੇ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਵਿਗੜ ਰਹੀ ਸਥਿਤੀ ਨੂੰ ਸੁਧਾਰਨ ਲਈ ਦਖਲ ਦੇਣ| ਭਾਜਪਾ ਆਗੂਆਂ ਨੇ ਦਾਅਵਾ ਕੀਤਾ ਕਿ ਸਿਰਫ਼ ਭਾਜਪਾ ਹੀ ਪੰਜਾਬ ਨੂੰ ਨਸ਼ਾ ਮੁਕਤ ਕਰ ਸਕਦੀ ਹੈ ਅਤੇ ਸੂਬੇ ਵਿੱਚ ਅਮਨ-ਸ਼ਾਂਤੀ ਬਹਾਲ ਕਰ ਸਕਦੀ ਹੈ|





