ਮੁਹਾਲੀ (ਗੁਰਜੀਤ ਬਿੱਲਾ)
ਪੰਜਾਬ ਦੇ ਸ਼ਾਨਾਮੱਤੇ ਵਿਕਾਸ ਦੇ ਸਫਰ ਵਿੱਚ ਔਰਤਾਂ ਦੇ ਅਹਿਮ ਸਥਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਪ੍ਰਸ਼ਾਸਨ, ਆਰਥਿਕਤਾ ਅਤੇ ਸਮਾਜ ਵਿੱਚ ਔਰਤਾਂ ਦੀ ਮਹੱਤਵਪੂਰਨ ਭੂਮਿਕਾ ਦੇ ਵਿਲੱਖਣ ਦਿ੍ਸ਼ਟੀਕੋਣ ਨੂੰ ਉਚੇਚੇ ਤੌਰ ‘ਤੇ ਉਭਾਰਿਆ | ਉਨ੍ਹਾ ਕਿਹਾ ਕਿ ਅਸਲ ਵਿੱਚ ਔਰਤਾਂ ਦਾ ਸਸ਼ਕਤੀਕਰਨ ਸਿੱਖਿਆ, ਢੁਕਵੀਂ ਨੁਮਾਇੰਦਗੀ ਅਤੇ ਆਰਥਿਕ ਮੌਕਿਆਂ ਰਾਹੀਂ ਕੀਤਾ ਜਾ ਸਕਦਾ ਹੈ | ਜ਼ਮੀਨੀ ਪੱਧਰ ‘ਤੇ ਨਿਵੇਕਲੇ ਹੁਨਰ ਰਾਹੀਂ ਕਾਮਯਾਬ ਹੋਈਆਂ ਮਹਿਲਾ ਉੱਦਮੀਆਂ ਨੂੰ ਸਨਮਾਨਤ ਕਰਨ ਲਈ ਕਰਵਾਏ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ‘ਆਪ’ ਸਰਕਾਰ ਦੀਆਂ ਪਹਿਲਕਦਮੀਆਂ, ਨੌਕਰੀਆਂ ਵਿੱਚ ਰਾਖਵੇਂਕਰਨ ਅਤੇ ਵਿੱਤੀ ਸਹਾਇਤਾ ਦੇ ਨਾਲ-ਨਾਲ ਵਿਆਪਕ ਰੋਜ਼ੀ-ਰੋਟੀ ਸੰਬੰਧੀ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਔਰਤਾਂ ਨੂੰ ਫੈਸਲਾ ਲੈਣ ਵਾਲੇ ਅਹੁਦਿਆਂ ਤੱਕ ਪਹੁੰਚਣ ਅਤੇ ਸੂਬੇ ਦੇ ਭਵਿੱਖ ਨੂੰ ਸੰਵਾਰਨ ਦੀ ਅਪੀਲ ਕੀਤੀ | ਮਹਿਲਾ ਉੱਦਮੀਆਂ ਨੂੰ ਸਨਮਾਨਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ, ‘ਇਹ ਬੇਹੱਦ ਜ਼ਰੂਰੀ ਹੈ ਕਿ ਕੁੜੀਆਂ ਅੱਗੇ ਆਉਣ ਅਤੇ ਸਿੱਖਿਆ ਰਾਹੀਂ ਖੁਦ ਨੂੰ ਸਸ਼ਕਤ ਬਣਾਉਣ | ਇਹ ਦੇਸ਼ ਲਈ ਲਾਹੇਵੰਦ ਹੈ, ਕਿਉਂਕਿ ਘਰਾਂ ਅਤੇ ਪਰਵਾਰਾਂ ਨੂੰ ਬਿਹਤਰ ਢੰਗ ਨਾਲ ਸੰਭਾਲਣ ਵਾਲੀਆਂ ਔਰਤਾਂ ਨੂੰ ਦੇਸ਼ ਦੀ ਵਿਵਸਥਾ ਨੂੰ ਵੀ ਚਲਾਉਣਾ ਚਾਹੀਦਾ ਹੈ | ਸੂਬਾ ਸਰਕਾਰ ਇਸ ਨੇਕ ਕਾਰਜ ਪ੍ਰਤੀ ਵਚਨਬੱਧ ਹੈ ਅਤੇ ਇਸ ਸੰਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ |’ ਸਿਆਸਤ ਵਿੱਚ ਔਰਤਾਂ ਦੀ ਸ਼ਮੂਲੀਅਤ ਨੂੰ ਉਤਸ਼ਾਹਤ ਕਰਦਿਆਂ ਉਨ੍ਹਾ ਕਿਹਾ, ‘ਕੁੜੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਸਿਆਸਤ ਵਿੱਚ ਪੈਰ ਰੱਖਣਾ ਚਾਹੀਦਾ ਹੈ, ਤਾਂ ਜੋ ਉਹ ਫੈਸਲੇ ਲੈਣ ਵਿੱਚ ਸਰਗਰਮ ਭਾਈਵਾਲ ਬਣ ਸਕਣ ਅਤੇ ਸਮਾਜ ਵਿੱਚ ਜ਼ਰੂਰੀ ਬਦਲਾਅ ਲਿਆ ਸਕਣ | ਅੱਜ ਕੁੜੀਆਂ ਲਗਭਗ ਹਰ ਖੇਤਰ ਵਿੱਚ ਮੁੰਡਿਆਂ ਨਾਲੋਂ ਅੱਗੇ ਹਨ, ਪਰ ਸਿਆਸਤ ਵਿੱਚ ਅਜੇ ਵੀ ਪਿੱਛੇ ਹਨ | ਇਸ ਖੇਤਰ ਨੂੰ ਲੰਮੇ ਸਮੇਂ ਤੋਂ ਮਰਦਾਂ ਦੀ ਜਗੀਰ ਮੰਨਿਆ ਜਾਂਦਾ ਰਿਹਾ ਹੈ, ਪਰ ਸਮਾਂ ਆ ਗਿਆ ਹੈ ਕਿ ਔਰਤਾਂ ਸਿਆਸਤ ਵਿੱਚ ਵੀ ਨਾਮਣਾ ਖੱਟਣ | ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਅਤੇ ਜ਼ਮੀਨੀ ਪੱਧਰ ‘ਤੇ ਲੋਕਤੰਤਰ ਨੂੰ ਮਜਬੂਤ ਕਰਨ ਲਈ ਔਰਤਾਂ ਦੀ ਭਾਈਵਾਲੀ ਜ਼ਰੂਰੀ ਹੈ | ਔਰਤਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹ ਅਤੇ ਉਨ੍ਹਾਂ ਦੇ ਪਰਵਾਰ ਆਪਣੀ ਵੋਟ ਦੀ ਵਰਤੋਂ ਪੂਰੀ ਸਮਝ ਅਤੇ ਧਿਆਨ ਨਾਲ ਕਰਨ, ਤਾਂ ਜੋ ਵਿਧਾਨ ਸਭਾ ਅਤੇ ਸੰਸਦ ਲਈ ਯੋਗ ਆਗੂ ਚੁਣੇ ਜਾਣ |’
ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਨੂੰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾਉਣ ਵਿੱਚ ਮਦਦ ਕਰੇਗਾ | ਇਹ ਮਾਣ ਵਾਲੀ ਗੱਲ ਹੈ ਕਿ ਅੱਜ ਕੁੜੀਆਂ ਸਾਰੇ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਸੂਬਾ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਨਿਰੰਤਰ ਕਦਮ ਚੁੱਕੇ ਗਏ ਹਨ | ‘ਆਪ’ ਸਰਕਾਰ ਨੇ ਕਈ ਔਰਤਾਂ ਨੂੰ ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ ਵਜੋਂ ਨਿਯੁਕਤ ਕੀਤਾ ਹੈ, ਜੋ ਕਿ ਪਹਿਲਾਂ ਨਾਲੋਂ ਵੱਡਾ ਬਦਲਾਅ ਹੈ | ਕਿਸੇ ਵੀ ਸਰਕਾਰ ਦੇ ਮੁਕਾਬਲੇ ਆਪ ਵੱਲੋਂ ਇਨ੍ਹਾਂ ਅਹੁਦਿਆਂ ‘ਤੇ ਸਭ ਤੋਂ ਵੱਧ ਗਿਣਤੀ ਵਿੱਚ ਔਰਤਾਂ ਨੂੰ ਤਾਇਨਾਤ ਕੀਤਾ ਗਿਆ ਹੈ | ਔਰਤਾਂ ਨੂੰ ਪ੍ਰੇਰਿਤ ਕਰਨ ਲਈ ਵਿਸ਼ਵਵਿਆਪੀ ਉਦਾਹਰਨ ਪੇਸ਼ ਕਰਦਿਆਂ ਉਨ੍ਹਾ ਕਿਹਾ, ‘ਚੀਨ ਵਿੱਚ ਹਰ ਔਰਤ ਕਿਸੇ ਨਾ ਕਿਸੇ ਵਸਤੂ ਦੇ ਉਤਪਾਦਨ ਵਿੱਚ ਲੱਗੀ ਹੋਈ ਹੈ | ਜੇਕਰ ਉਹ ਨਿਰਯਾਤ ਕਰਨਾ ਬੰਦ ਕਰ ਦਿੰਦੀਆਂ ਹਨ ਤਾਂ ਵਿਸ਼ਵ ਦੀ ਅਰਥ ਵਿਵਸਥਾ ਪ੍ਰਭਾਵਤ ਹੋ ਜਾਵੇਗੀ | ਪੰਜਾਬੀ ਔਰਤਾਂ ਨੂੰ ਮਾਤਾ ਗੁਜਰੀ ਜੀ, ਮਾਈ ਭਾਗੋ ਅਤੇ ਹੋਰ ਮਹਾਨ ਸ਼ਖਸੀਅਤਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਵੱਖ-ਵੱਖ ਖੇਤਰਾਂ ਵਿੱਚ ਬੁਲੰਦੀਆਂ ਨੂੰ ਛੂਹਣਾ ਚਾਹੀਦਾ ਹੈ | ਸਾਡੀ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵਿਆਪਕ ਸੁਧਾਰ ਕੀਤੇ ਗਏ ਹਨ, ਤਾਂ ਜੋ ਸੂਬੇ ਭਰ ਵਿੱਚ ਖਾਸ ਕਰਕੇ ਕੁੜੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ | ਸਿੱਖਿਆ ਕਮਜ਼ੋਰ ਵਰਗਾਂ ਦੇ ਜੀਵਨ ਨੂੰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ, ਪਰ ਪਿਛਲੀਆਂ ਸਰਕਾਰਾਂ ਵੱਲੋਂ ਇਸ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ |’ ਉਨ੍ਹਾ ਕਿਹਾ ਕਿ ਅੱਜ ਪੰਜਾਬ ਦੀਆਂ ਔਰਤਾਂ ਲਈ ਇਤਿਹਾਸਕ ਦਿਨ ਹੈ, ਜਿਨ੍ਹਾਂ ਸਖਤ ਮਿਹਨਤ ਤੇ ਲਗਨ ਨਾਲ ਆਪਣੀ ਪਛਾਣ ਬਣਾਈ ਹੈ | ਮਹਿਲਾ ਉੱਦਮੀਆਂ ਨੂੰ ਹਮੇਸ਼ਾ ਮੌਕੇ ਦਿੱਤੇ ਜਾਣੇ ਚਾਹੀਦੇ ਹਨ ਅਤੇ ਅਸੀਂ ਉਨ੍ਹਾਂ ਨੂੰ ਸਨਮਾਨਤ ਕਰਨ ‘ਤੇ ਮਾਣ ਮਹਿਸੂਸ ਕਰ ਰਹੇ ਹਾਂ | ਕਿਸੇ ਵੀ ਸਮਾਜ ਦਾ ਵਿਕਾਸ ਔਰਤਾਂ ਦੇ ਯੋਗਦਾਨ ਤੋਂ ਬਿਨਾਂ ਅਧੂਰਾ ਹੈ | ਸੱਭਿਆਚਾਰਕ ਅਤੇ ਦਾਰਸ਼ਨਿਕ ਪਿਛੋਕੜ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਸਿਧਾਂਤਾਂ ਵਿੱਚ ਔਰਤਾਂ ਨੂੰ ਹਮੇਸ਼ਾ ਸਨਮਾਨਜਨਕ ਸਥਾਨ ਦਿੱਤਾ ਜਾਂਦਾ ਹੈ | ਅੱਜ ਪੰਜਾਬ ਰਾਜ ਪੇਂਡੂ ਆਜੀਵਕਾ ਮਿਸਨ (ਪੀ ਐੱਸ ਆਰ ਐੱਲ ਐੱਮ) ਅਧੀਨ 23 ਜ਼ਿਲਿ੍ਹਆਂ ਦੀਆਂ ਸਭ ਤੋਂ ਬਿਹਤਰ ਪ੍ਰਦਰਸ਼ਨ ਕਰਨ ਵਾਲੀਆਂ 100 ਮਹਿਲਾ ਉੱਦਮੀਆਂ ਨੂੰ ਸਨਮਾਨਤ ਕੀਤਾ ਜਾ ਰਿਹਾ ਹੈ | ਹਰੇਕ ਨੂੰ 25,000 ਰੁਪਏ, ਇੱਕ ਸਰਟੀਫਿਕੇਟ ਅਤੇ ਇੱਕ ਯਾਦਗਾਰੀ ਚਿੰਨ੍ਹ ਦਿੱਤਾ ਜਾਵੇਗਾ | ਇਸ ਤੋਂ ਪਹਿਲਾਂ 117 ਵਿਧਾਨ ਸਭਾ ਹਲਕਿਆਂ ਵਿੱਚ 11,700 ਔਰਤਾਂ ਨੂੰ ਸਨਮਾਨਤ ਕੀਤਾ ਗਿਆ ਸੀ | ਉਨ੍ਹਾ ਕਿਹਾ, ‘ਜ਼ਿਲ੍ਹਾ ਪੱਧਰ ‘ਤੇ 23 ਜ਼ਿਲਿ੍ਹਆਂ ਵਿੱਚ 2,300 ਔਰਤਾਂ ਨੂੰ ਸਨਮਾਨਤ ਕੀਤਾ ਗਿਆ ਸੀ | ਕੁੱਲ 58,303 ਸਵੈ-ਸਹਾਇਤਾ ਗਰੁੱਪ ਬਣਾਏ ਗਏ ਹਨ, ਜਿਹਨਾਂ ਨਾਲ ਲਗਭਗ 5.89 ਲੱਖ ਪੇਂਡੂ ਪਰਵਾਰ ਜੁੜੇ ਹਨ ਅਤੇ ਇਹਨਾਂ ਨੂੰ ਮਜ਼ਬੂਤ ਕਰਨ ਲਈ 147 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ |’ ਇਸ ਦੌਰਾਨ ‘ਆਪ’ ਪੰਜਾਬ ਪ੍ਰਭਾਰੀ ਮਨੀਸ ਸਿਸੋਦੀਆ ਨੇ ਕਿਹਾ, ‘ਪਹਿਲਾਂ ਅਜਿਹੇ ਸਮਾਗਮ ਸਿਰਫ ਧਨਾਢ ਪਰਵਾਰਾਂ ਦੀਆਂ ਔਰਤਾਂ ਤੱਕ ਸੀਮਤ ਸਨ | ਪਹਿਲੀ ਵਾਰ ਸਧਾਰਨ ਪਰਵਾਰਾਂ ਦੀਆਂ ਔਰਤਾਂ ਨੂੰ ਸਨਮਾਨਤ ਕੀਤਾ ਜਾ ਰਿਹਾ ਹੈ | ਇਹ ਲਹਿਰ ਸਸ਼ਕਤੀਕਰਨ ਰਾਹੀਂ ਔਰਤਾਂ ਦੇ ਜੀਵਨ ਨੂੰ ਬਦਲਣ ਅਤੇ ਹੋਰਨਾਂ ਨੂੰ ਰਾਸ਼ਟਰ ਨਿਰਮਾਤਾ ਵਜੋਂ ਅਹਿਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨ ਵਿੱਚ ਬਹੁਤ ਮਦਦ ਕਰੇਗੀ |’ ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹੋਰ ਪਤਵੰਤ ਵੀ ਮੌਜੂਦ ਸਨ |





