ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਨਿੱਚਰਵਾਰ ਵਿਰੋਧੀ ਸਿਆਸੀ ਪਾਰਟੀਆਂ ‘ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ‘ਤੇ ਸੂਬੇ ਵਿੱਚ ਗੈਂਗਸਟਰਵਾਦ ਨੂੰ ਉਤਸ਼ਾਹਤ ਕਰਨ ਦਾ ਦੋਸ਼ ਲਾਇਆ ਅਤੇ ਸੰਕੇਤ ਦਿੱਤਾ ਕਿ ਕੁਝ ਆਗੂਆਂ ਨੂੰ ਕੁਝ ਅਪਰਾਧਕ ਘਟਨਾਵਾਂ ਬਾਰੇ ਪਹਿਲਾਂ ਹੀ ਜਾਣਕਾਰੀ ਹੋ ਸਕਦੀ ਹੈ |
ਮੀਡੀਆ ਨਾਲ ਗੱਲਬਾਤ ਕਰਦਿਆਂ ਮਾਨ ਨੇ ਦਾਅਵਾ ਕੀਤਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਿਆਸੀ ਸਰਪ੍ਰਸਤੀ ਕਾਰਨ ਗੈਂਗਸਟਰ ਸੱਭਿਆਚਾਰ ਵਧਿਆ-ਫੁੱਲਿਆ, ਜਿਸ ਨਾਲ ਅਪਰਾਧੀਆਂ ਨੂੰ ਬਿਨਾਂ ਕਿਸੇ ਡਰ ਦੇ ਕੰਮ ਕਰਨ ਦੀ ਇਜਾਜ਼ਤ ਮਿਲੀ |
ਉਨ੍ਹਾ ਖਾਸ ਤੌਰ ‘ਤੇ ਨਾਭਾ ਜੇਲ੍ਹ ਤੋੜਨ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਇਸ ਘਟਨਾ ਬਾਰੇ ਬਿਆਨ ਘਟਨਾ ਜਨਤਕ ਹੋਣ ਦੇ ਅੱਧੇ ਘੰਟੇ ਦੇ ਅੰਦਰ ਹੀ ਆ ਗਿਆ ਸੀ | ਮਾਨ ਨੇ ਵਿਅੰਗ ਕਰਦਿਆਂ ਕਿਹਾ, ‘ਜੇ ਘਟਨਾ ਵਿੱਚ ਦੇਰੀ ਹੋ ਜਾਂਦੀ, ਤਾਂ ਸ਼ਾਇਦ ਬਿਆਨ ਅਸਲ ਵਿੱਚ ਜੇਲ੍ਹ ਟੁੱਟਣ ਤੋਂ ਪਹਿਲਾਂ ਹੀ ਆ ਜਾਂਦਾ |’
ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾ ਦੀ ਸਰਕਾਰ ‘ਗੈਂਗਸਟਰਾਂ ‘ਤੇ ਵਾਰ’ ਵਰਗੀਆਂ ਮੁਹਿੰਮਾਂ ਰਾਹੀਂ ਗੈਂਗਸਟਰਵਾਦ ਨੂੰ ਖਤਮ ਕਰਨ ਲਈ ਵਚਨਬੱਧ ਹੈ ਅਤੇ ਸੰਗਠਤ ਅਪਰਾਧ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਹੈ, ਜੋ ਕਿ ਪਿਛਲੀਆਂ ਸਰਕਾਰਾਂ ਦੇ ਉਲਟ ਹੈ, ਜਿਨ੍ਹਾਂ ਕਥਿਤ ਤੌਰ ‘ਤੇ ਸਿਆਸੀ ਲਾਭ ਲਈ ਅਜਿਹੇ ਅਨਸਰਾਂ ਦੀ ਰੱਖਿਆ ਕੀਤੀ ਅਤੇ ਉਨ੍ਹਾਂ ਨੂੰ ਉਤਸ਼ਾਹਤ ਕੀਤਾ |
ਮਾਨ ਦੀਆਂ ਇਹ ਟਿੱਪਣੀਆਂ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਚੱਲ ਰਹੀ ਸਿਆਸੀ ਖਿੱਚੋਤਾਣ ਦਰਮਿਆਨ ਆਈਆਂ ਹਨ, ਜਿਸ ਵਿੱਚ ਵਿਰੋਧੀ ਪਾਰਟੀਆਂ ਅਕਸਰ ‘ਆਪ’ ਸਰਕਾਰ ‘ਤੇ ਵਧ ਰਹੀਆਂ ਗੈਂਗਸਟਰ ਗਤੀਵਿਧੀਆਂ ਅਤੇ ਫਿਰੌਤੀ ਦੇ ਮਾਮਲਿਆਂ ਨੂੰ ਰੋਕਣ ਵਿੱਚ ਅਸਫਲ ਰਹਿਣ ਦੇ ਦੋਸ਼ ਲਾਉਂਦੀਆਂ ਰਹੀਆਂ ਹਨ |




