ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਵੱਲੋਂ ਅਸਤੀਫਾ

0
4

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਨਿੱਚਰਵਾਰ ਅਸਤੀਫਾ ਦੇ ਦਿੱਤਾ | ਸੂਤਰਾਂ ਅਨੁਸਾਰ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਅੰਮਿ੍ਤਸਰ ਜ਼ਿਲ੍ਹੇ ਦੇ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਤੋਂ ਬਾਅਦ ਪੈਦਾ ਹੋਏ ਵਿਵਾਦ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾ ਤੋਂ ਅਸਤੀਫਾ ਮੰਗ ਲਿਆ ਸੀ | ਅਧਿਕਾਰੀ ਦੀ ਮੌਤ ਦੇ ਮਾਮਲੇ ਵਿੱਚ ਭੁੱਲਰ ਦਾ ਨਾਂਅ ਵੱਜਣ ਤੋਂ ਬਾਅਦ ਸਰਕਾਰ ‘ਤੇ ਲਗਾਤਾਰ ਦਬਾਅ ਬਣ ਰਿਹਾ ਸੀ |
ਮੁੱਖ ਮੰਤਰੀ ਮਾਨ ਨੇ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅਧਿਕਾਰੀ ਦੀ ਮੌਤ ਦੇ ਹਾਲਾਤ ਦੀ ਜਾਂਚ ਦੇ ਹੁਕਮ ਦਿੱਤੇ ਹਨ | ਸਰਕਾਰੀ ਬੁਲਾਰੇ ਅਨੁਸਾਰ ਇਸ ਜਾਂਚ ਵਿੱਚ ਇਹ ਦੇਖਿਆ ਜਾਵੇਗਾ ਕਿ ਕੀ ਇਸ ਖੁਦਕੁਸ਼ੀ ਪਿੱਛੇ ਭੁੱਲਰ ਦੀ ਕੋਈ ਭੂਮਿਕਾ ਸੀ | ਮੁੱਖ ਮੰਤਰੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਜਾਂ ਗਲਤ ਵਿਹਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ |
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਕਦਮ ਰਾਹੀਂ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਭਿ੍ਸ਼ਟਾਚਾਰ ਜਾਂ ਸੱਤਾ ਦੀ ਦੁਰਵਰਤੋਂ ਦੇ ਮਾਮਲੇ ਵਿੱਚ ਕੋਈ ਵੀ ਮੰਤਰੀ ਜਾਂ ਵਿਧਾਇਕ ਕਾਨੂੰਨ ਤੋਂ ਉੱਪਰ ਨਹੀਂ | ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ | ਭੁੱਲਰ ਦੇ ਅਸਤੀਫੇ ਤੋਂ ਬਾਅਦ ਹੁਣ ਪੰਜਾਬ ਕੈਬਨਿਟ ਵਿੱਚ ਨਵੇਂ ਚਿਹਰੇ ਨੂੰ ਸ਼ਾਮਲ ਕਰਨ ਦੀਆਂ ਚਰਚਾਵਾਂ ਵੀ ਤੇਜ਼ ਹੋ ਗਈਆਂ ਹਨ |
ਅੰਮਿ੍ਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵਾਇਰਲ ਹੋਈ ਵੀਡੀਓ ‘ਤੇ ਪਰਵਾਰ ਤੋਂ ਪ੍ਰਾਪਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਟੈਂਡਰ ਆਪਣੇ ਹੱਕ ਵਿੱਚ ਖੁੱਲ੍ਹਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਮੈਨੇਜਰ ‘ਤੇ ਦਬਾਅ ਪਾਇਆ ਗਿਆ ਸੀ | ਜ਼ਿਲ੍ਹਾ ਮੈਨੇਜਰ ਦੀ ਮਾਰਕੁੱਟ ਵੀ ਕਰਵਾਈ ਗਈ ਸੀ | ਮੌਤ ਹੋਣ ਤੋਂ ਪਹਿਲਾਂ ਰੰਧਾਵਾ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ, ਜਿਸ ਵਿੱਚ ਉਹ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ‘ਤੇ ਦੋਸ਼ ਲਾ ਰਹੇ ਹਨ | ਔਜਲਾ ਨੇ ਭੁੱਲਰ ਖਿਲਾਫ ਕਤਲ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ | ਇਸ ਤੋਂ ਇਲਾਵਾ ਵਿਭਾਗ ਦੇ ਚੁੱਪ ਰਹਿਣ ਵਾਲੇ ਅਧਿਕਾਰੀਆਂ ਖਿਲਾਫ ਵੀ ਕਾਰਵਾਈ ਦੀ ਮੰਗ ਕੀਤੀ ਹੈ | ਉਨ੍ਹਾ ਦੋਸ਼ ਲਾਇਆ ਕਿ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜ਼ਿਲ੍ਹਾ ਮੈਨੇਜਰ ਤੇ ਕੈਬਨਿਟ ਮੰਤਰੀ ਵੱਲੋਂ ਪਾਏ ਜਾ ਰਹੇ ਦਬਾਅ ਸੰਬੰਧੀ ਜਾਣਕਾਰੀ ਸੀ, ਪਰ ਉਨ੍ਹਾਂ ਸਮਾਂ ਰਹਿੰਦਿਆਂ ਕੋਈ ਕਾਰਵਾਈ ਨਹੀਂ ਕੀਤੀ |
ਉਨ੍ਹਾ ਕਿਹਾ ਕਿ ਰੰਧਾਵਾ ਦੇ ਤਿੰਨ ਛੋਟੇ ਬੱਚੇ ਹਨ | ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਇਸ ਮਾਮਲੇ ਦਾ ਖੁਦ ਨੋਟਿਸ ਲੈਣ ਤੇ ਇਨਸਾਫ ਯਕੀਨੀ ਬਣਾਉਣ ਲਈ ਕਿਹਾ ਹੈ | ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜੇ ਸਰਕਾਰ ਇਨਸਾਫ ਪ੍ਰਤੀ ਗੰਭੀਰ ਹੈ ਤਾਂ ਤੁਰੰਤ ਕਤਲ ਦਾ ਕੇਸ ਦਰਜ ਕਰਕੇ ਮੰਤਰੀ ਨੂੰ ਹਿਰਾਸਤ ਵਿੱਚ ਲਿਆ ਜਾਣਾ ਚਾਹੀਦਾ ਹੈ |