ਫਾਜ਼ਿਲਕਾ : ਪੰਜਾਬ ਭਰ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਵਿਸ਼ਾਲ ਨੈੱਟਵਰਕ ਕਾਇਮ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਵਿੱਚ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ ਤੇ 350 ਕਿਲੋਮੀਟਰ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰੀ ਦੀ ਆੜ ਵਿੱਚ ਬਣਦੀਆਂ ਘਟੀਆ-ਮਿਆਰ ਵਾਲੀਆਂ ਸੜਕਾਂ ਦੇ ਨਿਰਮਾਣ ਦਾ ਯੁੱਗ ਹੁਣ ਖਤਮ ਹੋ ਚੁੱਕਾ ਹੈ।
ਅੱਜ ਦੇ ਸੜਕੀ ਪ੍ਰਾਜੈਕਟ ਨੂੰ ਪੰਜਾਬ ਭਰ ਵਿੱਚ ਬਣਾਏ ਜਾ ਰਹੇ 43,000 ਕਿਲੋਮੀਟਰ ਦੇ ਵਿਸ਼ਾਲ ਸੜਕੀ ਨੈੱਟਵਰਕ ਦਾ ਹਿੱਸਾ ਦੱਸਿਦਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਖ਼ਤ ਜਵਾਬਦੇਹੀ ਨਾਲ ਸੜਕਾਂ ਚੰਗੀਆਂ ਬਣਨਗੀਆਂ, ਜ਼ਮੀਨਦੋਜ਼ ਤਾਰਾਂ ਰਾਹੀਂ ਬਿਜਲੀ ਦੇ ਖੰਭੇ ਹਟਾਉਣ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਵੋਟਰ ਮੁੜ ਫਤਵਾ ਦੇ ਕੇ ਸਰਕਾਰ ਨੂੰ ਵਾਪਸ ਲਿਆਉਣਗੇ।
ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ ਸੂਬਾ ਸਰਕਾਰ ਨੇ ਰਵਾਇਤੀ ਪਾਰਟੀਆਂ ਦੇ 70 ਸਾਲਾਂ ਦੇ ਕਾਰਜਕਾਲ ਨਾਲੋਂ ਵੱਧ ਕੰਮ ਕੀਤਾ ਹੈ। ਸੂਬਾ ਸਰਕਾਰ ਤੇਜ਼ ਗਤੀ ਨਾਲ ਅੱਗੇ ਵਧ ਰਹੀ ਹੈ ਅਤੇ ਸਾਲ 2027 ਵਿੱਚ ਸੂਬਾ ਇਸ ਵਿਕਾਸ ਨੂੰ ਅਗਲੇ ਪੱਧਰ ‘ਤੇ ਲੈ ਜਾਵੇਗਾ। ਇਹ ਵਿਕਾਸ ਆਮ ਆਦਮੀ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕਈ ਲੋਕ-ਪੱਖੀ ਨੀਤੀਆਂ ਨਾਲ ਜੁੜਿਆ ਹੋਇਆ ਹੈ।”ਉਨ੍ਹਾਂ ਅੱਗੇ ਕਿਹਾ, “ਇਹ ਕੰਧ ‘ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਆਮ ਲੋਕਾਂ ਦੇ ਸਹਿਯੋਗ ਨਾਲ ਆਮ ਆਦਮੀ ਪਾਰਟੀ ਸਾਲ 2027 ਵਿੱਚ ਦੁਬਾਰਾ ਸਰਕਾਰ ਬਣਾਏਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਸਰਕਾਰ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ ਜਦੋਂ ਕਿ ਵਿਰੋਧੀ ਧਿਰ ਸੱਤਾ ਵਿੱਚ ਹੁੰਦੀ ਹੋਈ ਕਾਰੋਬਾਰ ਵਿੱਚੋਂ ਹਿੱਸਾ ਮੰਗਦੀ ਰਹੀ ਹੈ।ਅਕਾਲੀ ਦਲ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ, “ਅਕਾਲੀ ਦਲ ਦੇ ਇਸ ਡਰਾਮੇ ਦਾ ਅਸਲੀ ਨਾਮ ‘ਪਰਿਵਾਰ ਬਚਾਓ ਯਾਤਰਾ’ ਹੈ। 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਇਹ ਕਿਸ ਤੋਂ ਪੰਜਾਬ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ? ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ, ਪੰਜਾਬੀਆਂ ਦੇ ਹਿਰਦਿਆਂ ਨੂੰ ਵਲੂੰਧਰਿਆ ਅਤੇ ਮਾਫੀਏ ਨੂੰ ਸਰਪ੍ਰਸਤੀ ਦਿੱਤੀ ਹੈ।ਉਨ੍ਹਾਂ ਅੱਗੇ ਕਿਹਾ, “ਲੋਕ ਅਕਾਲੀਆਂ ਅਤੇ ਬਾਦਲ ਪਰਵਾਰ ਦੇ ਸ਼ੱਕੀ ਕਿਰਾਦਰ ਤੋਂ ਚੰਗੀ ਤਰ੍ਹਾਂ ਜਾਣੂ ਹਨ ਜਿਸ ਕਾਰਨ ਉਨ੍ਹਾਂ ਦੀਆਂ ਨੌਟੰਕੀਆਂ ਹੁਣ ਨਹੀਂ ਚੱਲਣਗੀਆਂ।”
ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘ਕਾਂਗਰਸੀ ਆਗੂ ਸੂਬੇ ਵਿੱਚ ਸੱਤਾ ਸੰਭਾਲਣ ਦੇ ਸੁਪਨੇ ਦੇਖ ਰਹੇ ਹਨ। ਕਾਂਗਰਸ ਪਾਰਟੀ ਆਪਸੀ ਕਾਟੋ-ਕਲੇਸ਼ ਕਾਰਨ ਮੂਧੇ ਮੂੰਹ ਡਿੱਗੇਗੀ।ਇਹ ਦੁੱਖ ਦੀ ਗੱਲ ਹੈ ਕਿ ਕਾਂਗਰਸ ਦੇ ਚੋਟੀ ਦੇ ਆਗੂ ਸੱਤਾ ਲਈ ਲੜ ਰਹੇ ਹਨ ਅਤੇ ਸੂਬੇ ਲਈ ਉਨ੍ਹਾਂ ਕੋਲ ਕੋਈ ਏਜੰਡਾ ਨਹੀਂ। ਪਿਛਲੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਇਲਾਕੇ ਵਿੱਚ ਛੋਟੇ ਦੁਕਾਨਦਾਰ, ਵਪਾਰੀ ਅਤੇ ਕਿਸਾਨ ਹਨ। ਲੋਕਾਂ ਨੇ ਪਹਿਲਾਂ ਰਵਾਇਤੀ ਪਾਰਟੀਆਂ ਨੂੰ ਵੱਡੇ ਪੱਧਰ ‘ਤੇ ਵੋਟ ਦਿੱਤੀ ਸੀ, ਪਰ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਲੁੱਟਿਆ। ਇਨ੍ਹਾਂ ਆਗੂਆਂ ਨੇ ਸਰੋਤਾਂ ਨੂੰ ਨਿੱਜੀ ਮੁਫਾਦਾਂ ਲਈ ਵਰਤਿਆ ਅਤੇ ਅੱਜ ਵੀ ਉਨ੍ਹਾਂ ਕੋਲ ਕੋਈ ਏਜੰਡਾ ਨਹੀਂ ਹੈ, ਸਿਰਫ਼ ਸੱਤਾ ਦੀ ਭੁੱਖ ਹੈ। ਉਹ ਇੱਕ ਦੂਜੇ ਤੋਂ ਮੂਹਰੇ ਹੋ ਕੇ ਮੈਨੂੰ ਗਾਲ੍ਹਾਂ ਕੱਢਦੇ ਹਨ।”ਉਨ੍ਹਾਂ ਅੱਗੇ ਕਿਹਾ, “ਪਹਿਲਾਂ ਭ੍ਰਿਸ਼ਟਾਚਾਰ ਕਾਰਨ ਇਸ ਪੈਸੇ ਦੀ ਦੁਰਵਰਤੋਂ ਹੁੰਦੀ ਸੀ, ਪਰ ਹੁਣ ਅਸੀਂ ਲੋਕਾਂ ਅਤੇ ਰਾਜ ਦੀ ਭਲਾਈ ਲਈ ਇਨ੍ਹਾਂ ਚੋਰ-ਮੋਰੀਆਂ ਨੂੰ ਰੋਕਿਆ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘ਰਾਜ ਸਰਕਾਰ ਨੇ ਮਾਝਾ ਖੇਤਰ ਵਿੱਚ 22 ਕਿਲੋਮੀਟਰ ਲੰਬੀ ਸਰਹਾਲੀ ਨਹਿਰ ਦਾ ਪਤਾ ਲਾ ਲਿਆ ਹੈ ਜੋ ਕਿ ਜ਼ਮੀਨ ਹੇਠ ਦੱਬ ਗਈ ਸੀ। ਇਹ ਨਹਿਰ ਹੁਣ ਸੂਬਾ ਸਰਕਾਰ ਦੇ ਠੋਸ ਯਤਨਾਂ ਕਾਰਨ ਚਾਲੂ ਹੈ।’
ਉਨ੍ਹਾਂ ਅੱਗੇ ਕਿਹਾ, ”ਦਹਾਕਿਆਂ ਤੋਂ ਕਿਸਾਨ ਫਿਰੋਜ਼ਪੁਰ ਅਤੇ ਸਰਹਿੰਦ ਨਹਿਰਾਂ ਤੋਂ ਰੋਟੇਸ਼ਨ ਵਿੱਚ ਪਾਣੀ ਲੈਂਦੇ ਆ ਰਹੇ ਸਨ, ਪਰ ਪਹਿਲੀ ਵਾਰ ਇਹ ਪ੍ਰਣਾਲੀ ਖਤਮ ਹੋਈ ਹੈ, ਜਿਸ ਨਾਲ ਵੱਡੀ ਰਾਹਤ ਮਿਲੀ ਹੈ” ਇਸ ਮੌਕੇ ਕੈਬਨਿਟ ਮੰਤਰੀ, ਵਿਧਾਇਕ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।




