ਲਾਲਜੀਤ ਭੁੱਲਰ ਤੇ ਪੀ ਏ ਗ੍ਰਿਫਤਾਰ

0
18

ਅੰਮ੍ਰਿਤਸਰ : ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਕੇਸ ਵਿੱਚ ਨਾਮਜ਼ਦ ਕੀਤੇ ਗਏ ਪੱਟੀ ਤੋਂ ਵਿਧਾਇਕ ਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਉਸ ਦੇ ਪੀ ਏ ਦਿਲਬਾਗ ਸਿੰਘ ਨੂੰ ਅੰਮ੍ਰਿਤਸਰ ਪੁਲਸ ਨੇ ਸੋਮਵਾਰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫਤਾਰ ਕਰ ਲਿਆ।
ਲਾਲਜੀਤ ਭੁੱਲਰ ਅਤੇ ਉਸ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਤੇ ਪੀ ਏ ਦਿਲਬਾਗ ਸਿੰਘ ਖਿਲਾਫ ਕੇਸ ਥਾਣਾ ਰਣਜੀਤ ਐਵੇਨਿਊ ਦੀ ਪੁਲਸ ਵੱਲੋਂ ਮ੍ਰਿਤਕ ਗਗਨਦੀਪ ਦੀ ਪਤਨੀ ਉਪਿੰਦਰ ਕੌਰ ਦੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਸੀ। ਭੁੱਲਰ ਨੇ ਗ੍ਰਿਫਤਾਰੀ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਆਤਮਸਮਰਪਣ ਦੀ ਗੱਲ ਕਹੀ। ਭੁੱਲਰ ਨੇ ਕਿਹਾ, ‘ਮੈਨੂੰ ਦੇਸ਼ ਦੇ ਕਾਨੂੰਨ’ ਉੱਤੇ ਪੂਰਾ ਭਰੋਸਾ ਹੈ ਅਤੇ ਨਿਆਂ ਪ੍ਰਣਾਲੀ ‘ਤੇ ਅਟੱਲ ਵਿਸ਼ਵਾਸ ਹੈ। ਮੈਂ ਕਿਤੇ ਵੀ ਨਹੀਂ ਭੱਜਿਆ, ਮੈਂ ਆਪਣੇ ਪੰਜਾਬ ਵਿੱਚ ਹੀ ਹਾਂ। ਸਚਾਈ ਅਤੇ ਇਨਸਾਫ਼ ‘ਤੇ ਯਕੀਨ ਰੱਖਦਿਆਂ ਮੈਂ ਖ਼ੁਦ ਮੰਡੀ ਗੋਬਿੰਦਗੜ੍ਹ ਵਿਖੇ ਆਤਮਸਮਰਪਣ ਕਰ ਰਿਹਾ ਹਾਂ।’
ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ, ”ਮੇਰੇ ਲਈ ਸਾਰਾ ਪੰਜਾਬ ਹੀ ਇੱਕ ਪਰਿਵਾਰ ਹੈ…ਪੰਜਾਬ ‘ਚ ਕੋਈ ਵੀ ਜੇਕਰ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ ਭਾਵੇਂ ਉਹ ਕਿਸੇ ਵੀ ਅਹੁਦੇ ਉੱਤੇ ਜਾਂ ਮੇਰਾ ਕੋਈ ਸਕਾ-ਸੰਬੰਧੀ ਜਾਂ ਰਸੂਖਦਾਰ ਹੋਵੇ…ਕਿਸੇ ਦੀ ਪੁਸ਼ਤਪਨਾਹੀ ਕਰਨੀ ਸਾਡੀ ਪਾਰਟੀ ਦਾ ਏਜੰਡਾ ਨਹੀਂ ਹੈ…ਕੈਸ਼ ਅਤੇ ਫਰਮਾਇਸ਼ ਦੀ ਸਖ਼ਤ ਮਨਾਹੀ ਹੈ……।”
ਰੰਧਾਵਾ ਨੇ ਲਾਲਜੀਤ ਸਿੰਘ ਭੁੱਲਰ ‘ਤੇ ਕਈ ਤਰ੍ਹਾਂ ਦੇ ਦੋਸ਼ ਲਗਾਉਂਦਿਆਂ ਖੁਦਕੁਸ਼ੀ ਕਰ ਲਈ ਸੀ। ਇਸ ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਾਲਜੀਤ ਭੁੱਲਰ ਤੋਂ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਲੈ ਲਿਆ ਸੀ ਅਤੇ ਮਾਮਲੇ ਦੀ ਜਾਂਚ ਪੰਜਾਬ ਦੇ ਮੁੱਖ ਸਕੱਤਰ ਨੂੰ ਸੌਂਪ ਦਿੱਤੀ ਸੀ। ਗਗਨਦੀਪ ਸਿੰਘ ਦੀ ਪਤਨੀ ਉਪਿੰਦਰ ਕੌਰ ਨੇ ਸੋਮਵਾਰ ਸਵੇਰੇ ਅੰਮ੍ਰਿਤਸਰ ‘ਚ ਪ੍ਰੈੱਸ ਕਾਨਫਰੰਸ ‘ਚ ਕਿਹਾ ਸੀ ਕਿ ਜੇ ਲਾਲਜੀਤ ਸਿੰਘ ਭੁੱਲਰ ਨੂੰ 24 ਘੰਟਿਆਂ ਦੇ ਅੰਦਰ ਗ੍ਰਿਫਤਾਰ ਨਾ ਕੀਤਾ ਤਾਂ ਉਹ ਆਪਣੇ ਬੱਚਿਆਂ ਨਾਲ ਸੜਕਾਂ ‘ਤੇ ਬੈਠ ਜਾਵੇਗੀ। ਘਟਨਾ ਤੋਂ ਬਾਅਦ ਤੀਜੇ ਦਿਨ ਵੀ ਮ੍ਰਿਤਕ ਗਗਨਦੀਪ ਦਾ ਪੋਸਟਮਾਰਟਮ ਨਹੀਂ ਕਰਵਾਇਆ ਗਿਆ। ਸਾਂਸਦ ਗੁਰਜੀਤ ਸਿੰਘ ਔਜਲਾ ਨੇ ਜਦੋਂ ਲੋਕ ਸਭਾ ਵਿੱਚ ਅੰਮ੍ਰਿਤਸਰ ‘ਚ ਵੇਅਰਹਾਊਸ ਦੇ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦਾ ਮਾਮਲਾ ਚੁੱਕਿਆ ਤਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਸੰਬੰਧ ਵਿੱਚ ਸੰਸਦ ਮੈਂਬਰ ਲਿਖ ਕੇ ਦੇਣ ਤਾਂ ਉਹ ਇਹ ਮਾਮਲਾ ਸੀ ਬੀ ਆਈ ਦੇ ਹਵਾਲੇ ਕਰ ਦੇਣਗੇ।ਸ਼ਾਹ ਨੇ ਕਿਹਾ ਕਿ ਇਹ ਮਾਮਲਾ ਪੰਜਾਬ ਦਾ ਹੈ ਤੇ ਇਸ ਸੰਬੰਧ ਵਿੱਚ ਪੰਜਾਬ ਦੇ ਸਾਰੇ ਸੰਸਦ ਮੈਂਬਰ ਲਿਖ ਕੇ ਦੇਣ ਤਾਂ ਉਹ ਇਹ ਮਾਮਲਾ ਸੀ ਬੀ ਆਈ ਨੂੰ ਸੌਂਪ ਦੇਣਗੇ।