ਰੋਪੜ : ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਪਹਿਲੀ ਅਪਰੈਲ ਤੋਂ ਐਂਟਰੀ ਟੈਕਸ ਵਧਾਉਣ ਦੇ ਫੈਸਲੇ ਦੇ ਜਵਾਬ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਮਵਾਰ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੀ ਹਿਮਾਚਲ ਪ੍ਰਦੇਸ਼ ਵਿੱਚ ਰਜਿਸਟਰਡ ਕਮਰਸ਼ੀਅਲ ਗੱਡੀਆਂ ‘ਤੇ ਐਂਟਰੀ ਟੈਕਸ ਲਗਾਉਣ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾ ਕਿਹਾ ਕਿ ਹਾਲਾਂਕਿ ਸਰਕਾਰ ਆਮ ਲੋਕਾਂ ‘ਤੇ ਬੋਝ ਨਹੀਂ ਪਾਉਣਾ ਚਾਹੁੰਦੀ, ਪਰ ਹਿਮਾਚਲ ਦੀਆਂ ਕਮਰਸ਼ੀਅਲ ਗੱਡੀਆਂ ‘ਤੇ ਟੈਕਸ ਲਗਾ ਕੇ ਉੱਥੋਂ ਦੀ ਸਰਕਾਰ ਨੂੰ ਲੋਕਾਂ ਦੀ ਤਕਲੀਫ ਦਾ ਅਹਿਸਾਸ ਕਰਵਾਇਆ ਜਾਵੇਗਾ। ਬੈਂਸ ਨੇ ਕਿਹਾ ਕਿ ਹਿਮਾਚਲ ਸਰਕਾਰ ਵੱਲੋਂ ਨੈਸ਼ਨਲ ਹਾਈਵੇਅ ‘ਤੇ ਟੈਕਸ ਲਗਾਉਣਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ, ਕਿਉਂਕਿ ਇਹ ਸੜਕਾਂ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਅਧੀਨ ਆਉਂਦੀਆਂ ਹਨ। ਪੰਜਾਬ ਸਰਕਾਰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣ ਦੀ ਤਿਆਰੀ ਕਰ ਰਹੀ ਹੈ।
ਬੈਂਕ ਗਾਰਡ ਗੰਭੀਰ ਜ਼ਖਮੀ
ਤਲਵਾੜਾ : ਬੀ ਬੀ ਐੱਮ ਬੀ ਕਾਲੋਨੀ ਸੈਕਟਰ-2 ਸਥਿਤ ਪੰਜਾਬ ਨੈਸ਼ਨਲ ਬੈਂਕ ਵਿੱਚ ਦੁਨਾਲੀ ਬੰਦੂਕ ਵਿੱਚੋਂ ਅਚਾਨਕ ਗੋਲੀ ਚੱਲਣ ਕਾਰਨ ਸੁਰੱਖਿਆ ਗਾਰਡ ਗੁਰਮੇਲ ਸਿੰਘ (48) ਵਾਸੀ ਦਸੂਹਾ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਜਲੰਧਰ ਦੇ ਹਸਪਤਾਲ ਲਈ ਰੈਫਰ ਕਰਨਾ ਪਿਆ।
ਜਹਾਜ਼ ‘ਚ ਗੱਡੀ ਵੱਜੀ, ਪਾਇਲਟ ਤੇ ਕੋ-ਪਾਇਲਟ ਦੀ ਮੌਤ
ਨਿਊਯਾਰਕ : ਇੱਥੋਂ ਦੇ ਲਾ ਗਾਰਡੀਆ ਹਵਾਈ ਅੱਡੇ ‘ਤੇ ਏਅਰ ਕੈਨੇਡਾ ਐਕਸਪ੍ਰੈਸ ਦਾ ਮਾਂਟ੍ਰੀਅਲ ਤੋਂ ਆਇਆ ਜਹਾਜ਼ ਉਤਰਨ ਤੋਂ ਬਾਅਦ ਰਨਵੇਅ ‘ਤੇ ਫਾਇਰ ਬ੍ਰਿਗੇਡ ਦੀ ਗੱਡੀ ਨਾਲ ਟਕਰਾ ਗਿਆ। ਇਸ ਟੱਕਰ ਵਿੱਚ ਪਾਇਲਟ ਅਤੇ ਕੋ-ਪਾਇਲਟ ਦੀ ਮੌਤ ਹੋ ਗਈ। ਦਰਜਨਾਂ ਹੋਰ ਸਵਾਰੀਆਂ ਵੀ ਜ਼ਖ਼ਮੀ ਹੋ ਗਈਆਂ।




