ਖਟਕੜ ਕਲਾਂ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ-ਏ-ਆਜ਼ਮ ਭਗਵਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੇਸ਼ ਵਿੱਚ ਕਈ ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਂਅ ‘ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ ਹਨ, ਪਰ ਭਗਤ ਸਿੰਘ ਵਰਗੇ ਮਹਾਨ ਸ਼ਹੀਦਾਂ ਨੂੰ ਅਕਸਰ ਅਣਡਿੱਠਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਜੇਕਰ ਸ਼ਹੀਦ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦੀ ਤਸਵੀਰ ਬਿਲਕੁਲ ਵੱਖਰੀ ਹੁੰਦੀ। ਉਨ੍ਹਾਂ ਇਹ ਵੀ ਕਿਹਾ ਕਿ ਜੇ ਆਜ਼ਾਦੀ ਤੋਂ ਬਾਅਦ ਦੇਸ਼ ਦੀ ਵਾਗਡੋਰ ਨੌਜਵਾਨਾਂ ਨੂੰ ਸੌਂਪੀ ਜਾਂਦੀ ਤਾਂ ਭਾਰਤ ਅੱਜ ਵਿਸ਼ਵ ਪੱਧਰ ‘ਤੇ ਅਗੇਤਰ ਦੇਸ਼ ਬਣ ਸਕਦਾ ਸੀ।ਖਟਕੜ ਕਲਾਂ ਅਤੇ ਹੁਸੈਨੀਵਾਲਾ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਬੰਗਾ ਵਿੱਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 23 ਮਾਰਚ ਸਿਰਫ਼ ਇਕ ਤਾਰੀਖ ਨਹੀਂ, ਸਗੋਂ ਇਹ ਉਹ ਦਿਨ ਹੈ ਜਦੋਂ ਤਿੰਨ ਨੌਜਵਾਨਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਸਾਨੂੰ ਅਨਿਆਂ ਅਤੇ ਜ਼ੁਲਮ ਵਿਰੁੱਧ ਡੱਟਣ ਦੀ ਪ੍ਰੇਰਣਾ ਦਿੰਦੀ ਹੈ ਅਤੇ ਹਰ ਨਾਗਰਿਕ ਦਾ ਫਰਜ਼ ਹੈ ਕਿ ਉਹ ਸਮਾਜਿਕ ਬੁਰਾਈਆਂ ਦੇ ਖਿਲਾਫ ਆਵਾਜ਼ ਉਠਾਏ।ਸਿੱਖਿਆ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਿਆ ਹੀ ਗਰੀਬੀ ਅਤੇ ਸਮਾਜਿਕ ਅਸਮਾਨਤਾ ਨੂੰ ਖਤਮ ਕਰਨ ਦਾ ਸਭ ਤੋਂ ਵੱਡਾ ਸਾਧਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਰਾਜ ਵਿੱਚ ਹੁਣ ਤੱਕ ਲਗਭਗ 65 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਮੁਹੱਈਆ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਮੋਹਾਲੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ ‘ਤੇ ਰੱਖਣ ਲਈ ਕੇਂਦਰ ਸਰਕਾਰ ਨਾਲ ਸੰਘਰਸ਼ ਕੀਤਾ ਗਿਆ ਹੈ ਅਤੇ ਹਲਵਾਰਾ ਹਵਾਈ ਅੱਡੇ ਦਾ ਨਾਂਅ ਕਰਤਾਰ ਸਿੰਘ ਸਰਾਭਾ ਦੇ ਨਾਂਅ ‘ਤੇ ਰੱਖਣ ਲਈ ਗੱਲਬਾਤ ਜਾਰੀ ਹੈ। ਅੰਤ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਰਾਜ ਨੂੰ ਦੇਸ਼ ਦਾ ਅਗੇਤਰ ਸੂਬਾ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।





