ਪੰਜਾਬ ਨੂੰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਮਿਲੀ : ਭਗਵੰਤ ਮਾਨ

0
6

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਅਕਤੂਬਰ ਮਹੀਨੇ ਦੇ ਅਖੀਰ ਵਿੱਚ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫੀ ਹੋਣ ਜਾ ਰਹੀ ਹੈ। ਇਸ ਲਈ ਏਸ਼ੀਅਨ ਹਾਕੀ ਫੈਡਰੇਸ਼ਨ ਅਤੇ ਭਾਰਤੀ ਹਾਕੀ ਫੈਡਰੇਸ਼ਨ ਵੱਲੋਂ ਐਤਵਾਰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾ ਕਿਹਾ ਕਿ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਮੁਕਾਬਲੇ ਅਕਤੂਬਰ ਦੇ ਅਖੀਰ ਵਿੱਚ ਕਰਵਾਏ ਜਾਣਗੇ।
ਇਹ ਮੁਕਾਬਲੇ ਮੁਹਾਲੀ ਅਤੇ ਜਲੰਧਰ ਦੇ ਖੇਡ ਮੈਦਾਨਾਂ ਵਿੱਚ ਕਰਵਾਏ ਜਾਣਗੇ। ਇਸ ਵਿੱਚ ਭਾਰਤ, ਪਾਕਿਸਤਾਨ, ਸਾਊਥ ਕੋਰੀਆ, ਜਾਪਾਨ ਸਣੇ ਹੋਰਨਾਂ ਕਈ ਦੇਸ਼ਾਂ ਦੀਆਂ ਟੀਮਾਂ ਸ਼ਾਮਲ ਹੋਣਗੀਆਂ। ਏਸ਼ੀਅਨ ਹਾਕੀ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਸੱਭਿਆਚਾਰ ਨੂੰ ਵੀ ਪ੍ਰਫੁੱਲਿਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 44 ਸਾਲ ਬਾਅਦ ਬੈਡਮਿੰਟਨ ਦੇ ਅੰਡਰ 13 ਨੈਸ਼ਨਲ ਚੈਂਪੀਅਨਸ਼ਿਪ ਵੀ ਦਸੰਬਰ ਮਹੀਨੇ ਵਿੱਚ ਜਲੰਧਰ ਵਿਖੇ ਹੋਣ ਜਾ ਰਹੀ ਹੈ।
ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਤਿਆਰ ਕੀਤੀ ਗਈ ਖੇਡ ਨੀਤੀ ਵਿੱਚ ਖਿਡਾਰੀਆਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਖੇਡ ਮੁਕਾਬਲਿਆਂ ਦੀਆਂ ਤਿਆਰੀਆਂ ਲਈ ਵੀ ਵੱਡੀ ਰਕਮ ਦੀ ਅਦਾਇਗੀ ਕੀਤੀ ਜਾ ਰਹੀ ਹੈ। ਇਸ ਦੌਰਾਨ ਏਸ਼ੀਅਨ ਖੇਡਾਂ ਲਈ ਖਿਡਾਰੀਆਂ ਨੂੰ ਅੱਠ-ਅੱਠ ਲੱਖ ਰੁਪਏ ਅਤੇ ਉਲੰਪਿਕ ਖੇਡਾਂ ਦੀ ਤਿਆਰੀ ਲਈ ਖਿਡਾਰੀਆਂ ਨੂੰ 15-15 ਲੱਖ ਰੁਪਏ ਦਿੱਤੇ ਜਾ ਰਹੇ ਹਨ, ਜਦੋਂਕਿ ਕੌਮਾਂਤਰੀ ਪੱਧਰ ਦੀਆਂ ਖੇਡਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਨਕਦ ਇਨਾਮ ਵੀ ਦਿੱਤੇ ਜਾਂਦੇ ਹਨ।