ਚੰਡੀਗੜ੍ਹ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਪੇਟ ਪੂਜਾ ਐਪ ਰਾਹੀਂ ਟੈਕਸ ਚੋਰੀ ਕਰਨ ਦੇ ਮਾਮਲੇ ਦਾ ਸਖਤ ਨੋਟਿਸ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਜਰਾਤ ਦੀ ਪੇਟ ਪੂਜਾ ਐਪ ਵਿਰੁੱਧ ਫੌਜਦਾਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾ ਕਿਹਾ ਕਿ ਇਸ ਐਪ ਦੀ ਵਰਤੋਂ ਕਰਕੇ ਪੰਜਾਬ ਦੇ ਹੋਟਲਾਂ ਤੇ ਰੈਸਟੋਰੈਂਟਾਂ ਵਾਲਿਆਂ ਨੇ ਜੀ ਐੱਸ ਟੀ ਦੀ ਚੋਰੀ ਕੀਤੀ ਹੈ। ਹੁਣ ਤੱਕ 500 ਕਰੋੜ ਦੀ ਟਰਨਓਵਰ ਛੁਪਾਉਣ ਦਾ ਮਾਮਲਾ ਸਾਹਮਣੇ ਆਇਆ ਹੈ । ਉਨ੍ਹਾ ਦੱਸਿਆ ਕਿ ਹੁਣ ਤੱਕ 239 ਕੇਸਾਂ ਦੀ ਜਾਂਚ ਦੌਰਾਨ 2.54 ਕਰੋੜ ਦੀ ਚੋਰੀ ਫੜੀ ਗਈ ਹੈ, ਜਿਸ ਵਿੱਚੋਂ 2.02 ਕਰੋੜ ਦੀ ਵਸੂਲੀ ਕੀਤੀ ਜਾ ਚੁੱਕੀ ਹੈ। ਚੀਮਾ ਨੇ ਕਿਹਾ ਕਿ ਪੰਜਾਬ ‘ਚ 882 ਅਦਾਰੇ ਪੇਟ ਪੂਜਾ ਐਪ ਦੀ ਵਰਤੋਂ ਕਰ ਰਹੇ ਸਨ। ਦੇਸ਼ ਵਿੱਚ ਕਰੀਬ 70 ਹਜ਼ਾਰ ਕਰੋੜ ਰੁਪਏ ਦੇ ਹੋਏ ‘ਪੇਟ ਪੂਜਾ ਜੀ ਐੱਸ ਟੀ’ ਘੁਟਾਲੇ ਦਾ ਸੇਕ ਪੰਜਾਬ ਨੂੰ ਵੀ ਲੱਗਿਆ ਹੈ। ਵੇਰਵਿਆਂ ਮੁਤਾਬਕ ਮੁੱਢਲੇ ਪੜਾਅ ‘ਤੇ ‘ਪੇਟ ਪੂਜਾ’ ਐਪ ਜ਼ਰੀਏ ਕਰੋੜਾਂ ਰੁਪਏ ਜੀ ਐੱਸ ਟੀ ਚੋਰੀ ਦੀ ਪੁਸ਼ਟੀ ਹੋਈ ਹੈ।





