ਸਿੱਖਿਆ ਖੇਤਰ ‘ਚ ਪ੍ਰਾਪਤੀਆਂ ਮਿਸਾਲੀ : ਮਾਨ

0
3

ਚੰਡੀਗੜ੍ਹ (ਗੁਰਜੀਤ ਬਿੱਲਾ, ਸੁਰਜੀਤ ਸੁਮਨ, ਕ੍ਰਿਸ਼ਨ ਗਰਗ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਕਾਰਜ ਕੀਤੇ ਗਏ ਹਨ, ਜਿਸ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦਾ ਮਿਆਰ ਹੁਣ ਨਿੱਜੀ (ਪ੍ਰਾਈਵੇਟ) ਸਕੂਲਾਂ ਦੇ ਬਰਾਬਰ ਹੋ ਗਿਆ ਹੈ।
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਦੇ ਖੇਤਰ ਵੱਲ ਕਦੇ ਲੋੜੀਂਦਾ ਧਿਆਨ ਨਹੀਂ ਦਿੱਤਾ, ਜਦੋਂਕਿ ਮੌਜੂਦਾ ਸਰਕਾਰ ਨੇ ਇਸ ਨੂੰ ਆਪਣੀ ਮੁੱਖ ਤਰਜੀਹ ਬਣਾਇਆ ਹੈ। ਉਨ੍ਹਾ ਦੱਸਿਆ ਕਿ ਸਰਕਾਰ ਨੇ ਸਿੱਖਿਆ ਦਾ ਬਜਟ ਵਧਾ ਕੇ 19,279 ਕਰੋੜ ਰੁਪਏ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ‘ਨੈਸ਼ਨਲ ਅਚੀਵਮੈਂਟ ਸਰਵੇ’ ਵਿੱਚ ਪੰਜਾਬ ਦੇਸ਼ ਭਰ ਵਿੱਚੋਂ ਪਹਿਲੇ ਸਥਾਨ ‘ਤੇ ਰਿਹਾ ਹੈ ਅਤੇ ਕੇਰਲਾ, ਗੁਜਰਾਤ ਤੇ ਹਰਿਆਣਾ ਵਰਗੇ ਸੂਬਿਆਂ ਨੂੰ ਪਿੱਛੇ ਛੱਡ ਦਿੱਤਾ ਹੈ। ਉਨ੍ਹਾ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਜੇ ਈ ਈ (ਮੇਨ) ਅਤੇ ਨੀਟ ਵਰਗੀਆਂ ਮੁਕਾਬਲਾ ਪ੍ਰੀਖਿਆਵਾਂ ਵਿੱਚ ਸਫਲਤਾ ਹਾਸਲ ਕਰ ਰਹੇ ਹਨ। ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੂੰ ਸਕੂਲਾਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਬੱਸ ਸੇਵਾ ਦਾ ਹੁਣ ਤੱਕ 15,500 ਵਿਦਿਆਰਥੀ ਲਾਭ ਲੈ ਰਹੇ ਹਨ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਸਕੂਲਾਂ ਵਿੱਚ ‘ਹਾਈ ਸਪੀਡ ਇੰਟਰਨੈੱਟ’ ਸੇਵਾ ਸ਼ੁਰੂ ਕੀਤੀ ਗਈ ਹੈ, ਜੋ ਦੇਸ਼ ਦੇ ਸਿਰਫ ਤਿੰਨ ਸੂਬਿਆਂ ਵਿੱਚ ਹੀ ਉਪਲੱਬਧ ਹੈ। ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ 14,525 ਅਧਿਆਪਕਾਂ ਸਮੇਤ 1,932 ਕੈਂਪਸ ਮੈਨੇਜਰ, 1,323 ਸੁਰੱਖਿਆ ਗਾਰਡ, 7,876 ਸਫਾਈ ਸੇਵਕ ਅਤੇ 1,792 ਚੌਕੀਦਾਰਾਂ ਦੀ ਭਰਤੀ ਕੀਤੀ ਹੈ। ਉਨ੍ਹਾ ‘ਬਿਜ਼ਨਸ ਬਲਾਸਟਰ’ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਵਿੱਚ ਉੱਦਮੀ ਸੋਚ ਪੈਦਾ ਹੋ ਰਹੀ ਹੈ, ਜਿਸ ਨਾਲ ਉਹ ਭਵਿੱਖ ਵਿੱਚ ਨੌਕਰੀਆਂ ਲੈਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਨਗੇ।