ਅਮਰੀਕਾ ਤੇ ਯੂਰਪ ਵਾਂਗ ਮਹਿਜ਼ 6 ਮਿੰਟਾਂ ‘ਚ ਪੁਲਸ ਸਹਾਇਤਾ ਮਿਲੇਗੀ

0
8

ਧੂਰੀ (ਮੋਹਿਤ ਗਰਗ, ਮਨੋਹਰ ਸਿੰਘ ਸੱਗੂ, ਬਿੰਨੀ ਗਰਗ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਸੂਬੇ ਭਰ ਵਿੱਚ ਜ਼ਮੀਨੀ ਪੱਧਰ ‘ਤੇ ਪੁਲਿਸਿੰਗ ਨੂੰ ਮਜ਼ਬੂਤ ਕਰਨ ਲਈ ਆਪਣੇ ਹਲਕੇ ਧੂਰੀ ਦੇ ਲੱਡਾ ਪੁਲਸ ਟ੍ਰੇਨਿੰਗ ਕੈਂਪ ਵਿੱਚ 508 ਐਮਰਜੈਂਸੀ ਰਿਸਪਾਂਸ ਵਹੀਕਲ (ਈ ਵੀ ਆਰ) ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਅਮਰੀਕਾ ਅਤੇ ਯੂਰਪ ਵਰਗੇ ਵਿਕਸਤ ਦੇਸ਼ਾਂ ਵਾਂਗ ਮਹਿਜ਼ ਛੇ ਮਿੰਟਾਂ ਵਿੱਚ ਪੁਲਸ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।ਉੱਨਤ ਤਕਨਾਲੋਜੀ ਨਾਲ ਲੈਸ ਇਹ ਵਾਹਨ ਡਾਇਲ-112 ਅਧੀਨ ਸਾਰੇ 28 ਪੁਲਸ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਗਏ ਹਨ, ਜੋ ਐਮਰਜੈਂਸੀ ਹਾਲਤਾਂ ਦੌਰਾਨ ਤੁਰੰਤ ਸਹਾਇਤਾ ਯਕੀਨੀ ਬਣਾਉਣਗੇ।ਇਹ ਤੁਰੰਤ, ਤਕਨਾਲੋਜੀ-ਅਧਾਰਤ ਕਾਨੂੰਨ ਲਾਗੂ ਕਰਨ ਦੀ ਦਿਸ਼ਾ ਵੱਲ ਇਕ ਅਹਿਮ ਪੁਲਾਂਘ ਹੈ। ਮੁੱਖ ਮੰਤਰੀ ਨੇ ਕਿਹਾ ਕਿ ਚਾਰ ਸਾਲਾਂ ਦੌਰਾਨ ਪੁਲਸ ਵਾਹਨਾਂ ਲਈ 327.70 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ, ਜਿਸ ਨਾਲ ਨਾ ਸਿਰਫ ਫੋਰਸ ਦੇ ਆਧੁਨਿਕੀਕਰਨ ਨਾਲ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕੀਤਾ ਗਿਆ ਹੈ, ਸਗੋਂ ਨਸ਼ਾ ਤਸਕਰਾਂ ‘ਤੇ ਵੀ ਨਕੇਲ ਕੱਸੀ ਗਈ ਹੈ।ਬਿਹਤਰ ਸੁਰੱਖਿਆ ਨਿਵੇਸ਼ਕਾਂ ਦੇ ਵਿਸ਼ਵਾਸ ਵਿੱਚ ਵੀ ਵਾਧਾ ਕਰਦੀ ਹੈ ਜੋ ਟਾਟਾ ਸਟੀਲ ਵੱਲੋਂ ਪੰਜਾਬ ਵਿੱਚ ਆਪਣਾ ਦੂਜਾ ਸਭ ਤੋਂ ਵੱਡੇ ਪਲਾਂਟ ਸਥਾਪਤ ਕਰਨ ਲਈ ਕੀਤੇ ਜਾ ਰਹੇ ਵੱਡੇ ਨਿਵੇਸ਼ਾਂ ਤੋਂ ਸਪੱਸ਼ਟ ਹੁੰਦਾ ਹੈ।
ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਲੋਕਾਂ ਨੂੰ ਕਿਹਾ, ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਆਖਰੀ ਵਾਰ ਵਜੋਂ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਦਾ ਸਮਾਜਿਕ ਬਾਈਕਾਟ ਕਰਨਾ ਜ਼ਰੂਰੀ ਹੈ।ਉਨ੍ਹਾ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੀੜ੍ਹੀਆਂ ਨੂੰ ਬਰਬਾਦ ਕੀਤਾ ਹੈ, ਉਨ੍ਹਾਂ ਨਾਲ ਬਿਲਕੁਲ ਵੀ ਨਰਮੀ ਨਹੀਂ ਵਰਤਣੀ ਚਾਹੀਦੀ।ਉਨ੍ਹਾ ਕਿਹਾ,“ਅਜਿਹੇ ਤੱਤਾਂ ਨੂੰ ਸਬਕ ਸਿਖਾਇਆ ਜਾਣਾ ਚਾਹੀਦਾ ਹੈ ਅਤੇ ਇਹਨਾਂ ਦਾ ਸਮਾਜਿਕ ਬਾਈਕਾਟ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਅਹਿਮ ਭੂਮਿਕਾ ਨਿਭਾਏਗਾ।”ਪੰਜਾਬ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਦੇ ਵਪਾਰ ਵਿਰੁੱਧ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਸਜ਼ਾ ਦਰ 87 ਫੀਸਦ ਤੱਕ ਪਹੁੰਚ ਗਈ ਹੈ ਜੋ ਕਿ ਕਿਸੇ ਵੀ ਹੋਰ ਸੂਬੇ ਨਾਲੋਂ ਕਿਤੇ ਵੱਧ ਹੈ।ਉਨ੍ਹਾਂ ਕਿਹਾ ਕਿ“1,597 ਸਿਖਲਾਈ ਪ੍ਰਾਪਤ ਕਰਮਚਾਰੀਆਂ ਅਤੇ 144 ਆਧੁਨਿਕ ਵਾਹਨਾਂ ਦੇ ਨਾਲ ਸੜਕ ਸੁਰੱਖਿਆ ਫੋਰਸ ਨੇ ਆਪਣੀ ਸ਼ੁਰੂਆਤ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 48 ਫੀਸਦ ਦੀ ਕਮੀ ਲਿਆਂਦੀ ਹੈ।” ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਬਰਿੰਦਰ ਗੋਇਲ ਦੇ ਨਾਲ ਡੀ.ਜੀ.ਪੀ. ਜਨਰਲ ਗੌਰਵ ਯਾਦਵ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।