ਫੂਲਕਾ ਭਾਜਪਾ ‘ਚ ਸ਼ਾਮਲ

0
13

ਨਵੀਂ ਦਿੱਲੀ : 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਲੰਬੀ ਕਾਨੂੰਨੀ ਲੜਾਈ ਲੜਨ ਵਾਲੇ ਸੀਨੀਅਰ ਵਕੀਲ ਤੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਐੱਚ ਐੱਸ ਫੂਲਕਾ ਨੇ ਬੁੱਧਵਾਰ ਦਿੱਲੀ ਵਿਖੇ ਭਾਜਪਾ ਦਾ ਪੱਲਾ ਫੜ ਲਿਆ। ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਤਰੁਣ ਚੁੱਘ ਅਤੇ ਹੋਰ ਕਈ ਸੀਨੀਅਰ ਭਾਜਪਾ ਆਗੂਆਂ ਨੇ ਫੂਲਕਾ ਦਾ ਪਾਰਟੀ ਵਿੱਚ ਸਵਾਗਤ ਕੀਤਾ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਫੂਲਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਦੰਦ ਦਿਖਾਉਣ ਦੇ ਹੋਰ ਅਤੇ ਖਾਣ ਦੇ ਹੋਰ ਹਨ। ਉਹ ਅੰਨਾ ਹਜ਼ਾਰੇ ਅੰਦੋਲਨ ਦੌਰਾਨ ਪਾਰਟੀ ਨਾਲ ਜੁੜੇ ਸਨ, ਪਰ ਪਾਰਟੀ ਦੀਆਂ ਗਤੀਵਿਧੀਆਂ ਨੂੰ ਦੇਖਦੇ ਹੋਏ ਪਾਸੇ ਹੋ ਗਏ ਸਨ। ਫੂਲਕਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ, ਨਸ਼ਿਆਂ ਦਾ ਖਾਤਮਾ ਨਹੀਂ ਹੋ ਰਿਹਾ, ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਨਹੀਂ ਹੋ ਰਹੀਆਂ ਅਤੇ ਹੋਰ ਕਈ ਮਸਲੇ ਵਿਚਕਾਰ ਹੀ ਲਟਕੇ ਹੋਏ ਹਨ। ਉਨ੍ਹਾ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਲੋਕ ਹਿੱਤ ਵਿੱਚ ਵੱਡੇ ਫੈਸਲੇ ਲਏ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫੂਲਕਾ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਫੂਲਕਾ ਨੂੰ 2017 ਵਿੱਚ ਵਿਰੋਧੀ ਧਿਰ ਦਾ ਨੇਤਾ ਨਿਯੁਕਤ ਕੀਤਾ ਸੀ, ਪਰ ਫੂਲਕਾ ਨੇ ਉਸ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਬਾਅਦ ਵਿੱਚ ਅਸੈਂਬਲੀ ਮੈਂਬਰੀ ਛੱਡ ਦਿੱਤੀ ਸੀ। ਉਨ੍ਹਾਂ ਕਿਹਾ ਕਿ ਫੂਲਕਾ ਨੇ ਲੋਕਾਂ ਦਾ ਭਰੋਸਾ ਤੋੜਿਆ ਸੀ ਅਤੇ ਇਹੋ ਜਿਹੇ ਵਿਅਕਤੀ ਨੂੰ ਲੋਕ ਕਦੇ ਵੀ ਮੁਆਫ ਨਹੀਂ ਕਰਨਗੇ।