ਨਵੀਂ ਦਿੱਲੀ : ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਗਰੀਬਾਂ ਨੂੰ ਮੁਫਤ ਅਨਾਜ ਦੇਣ ਸੰਬੰਧੀ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੀ ਮਿਆਦ ਤਿੰਨ ਮਹੀਨੇ ਮਤਲਬ ਦਸੰਬਰ ਤੱਕ ਵਧਾ ਦਿੱਤੀ। ਇਸ ’ਤੇ 44,700 ਕਰੋੜ ਰੁਪਏ ਦੀ ਲਾਗਤ ਆਵੇਗੀ। ਸਾਲ ਦੇ ਅਖੀਰ ਵਿਚ ਹਿਮਾਚਲ ਤੇ ਗੁਜਰਾਤ ਅਸੰਬਲੀ ਦੀਆਂ ਚੋਣਾਂ ਹੋਣੀਆਂ ਹਨ, ਜਿਥੇ ਭਾਜਪਾ ਦੀਆਂ ਸਰਕਾਰਾਂ ਹਨ।
ਮੰਤਰੀ ਮੰਡਲ ਨੇ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ 4 ਫੀਸਦੀ ਦੀ ਦਰ ਨਾਲ ਮਹਿੰਗਾਈ ਭੱਤਾ ਤੇ ਰਾਹਤ ਦੀ ਕਿਸ਼ਤ ਜਾਰੀ ਕਰਨ ਨੂੰ ਵੀ ਮਨਜ਼ੂਰੀ ਦੇ ਦਿੱਤੀ। ਸੂਚਨਾ ਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਮੀਡੀਆ ਨੂੰ ਦੱਸਿਆ ਕਿ ਇਹ ਕਿਸ਼ਤ ਪਹਿਲੀ ਜੁਲਾਈ 2022 ਤੋਂ ਲਾਗੂ ਹੋਵੇਗੀ। ਮੰਤਰੀ ਮੰਡਲ ਨੇ 10,000 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਦਿੱਲੀ, ਅਹਿਮਦਾਬਾਦ ਅਤੇ ਛਤਰਪਤੀ ਸ਼ਿਵਾਜੀ ਟਰਮੀਨਲ-ਮੁੰਬਈ ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਦੀ ਤਜਵੀਜ਼ ਨੂੰ ਵੀ ਮਨਜ਼ੂਰੀ ਦਿੱਤੀ।