ਸੰਗਰੂਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਭਾਜਪਾ ਦਫ਼ਤਰ ਦੇ ਬਾਹਰ ਹੋਏ ਹਮਲੇ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕੇਂਦਰ ਦੇ ਕੰਟਰੋਲ ਅਧੀਨ ਆਉਂਦੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਸਿਆਸੀ ਦੂਸ਼ਣਬਾਜ਼ੀ ਦਾ ਆਧਾਰ ਬਣਾ ਕੇ ਵਰਤਣਾ ਪੂਰੀ ਤਰ੍ਹਾਂ ਗਲਤ ਹੈ। ਇਹ ਸਪੱਸ਼ਟ ਕਰਦਿਆਂ ਕਿ ਇਸ ਘਟਨਾ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਕੇਂਦਰ ਸਰਕਾਰ ਦੀ ਹੈ, ਉਨ੍ਹਾ ਕਿਹਾ ਕਿ ਜੇ ਇਸ ਘਟਨਾ ਨੂੰ ਉਨ੍ਹਾ ‘ਤੇ ਥੋਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕੇਂਦਰ ਨੂੰ ਆਪਣੀ ਡਿਊਟੀ ਤੋਂ ਭੱਜਣ ਦੀ ਬਜਾਏ ਚੰਡੀਗੜ੍ਹ ਨੂੰ ਪੰਜਾਬ ਸਰਕਾਰ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ।ਇਸ ਦੇ ਨਾਲ ਹੀ ਮਾਨ ਨੇ ਸ਼ਾਸਨ ਮਾਡਲਾਂ ਦਰਮਿਆਨ ਵੱਡੇ ਅੰਤਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਿੱਥੇ ‘ਆਪ’ ਸਰਕਾਰ ਲੋਕਾਂ ਤੋਂ ਵਿੱਤੀ ਬੋਝ ਘਟਾ ਰਹੀ ਹੈ, ਉਥੇ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਆਮ ਜਨਤਾ ‘ਤੇ ਗੈਰ-ਵਾਜਬ ਢੰਗ ਨਾਲ ਐਂਟਰੀ ਟੈਕਸ ਦਾ ਬੋਝ ਵਧਾ ਰਹੀ ਹੈ। ਉਨ੍ਹਾ ਇਸ ਕਦਮ ਨੂੰ ਲੋਕ ਵਿਰੋਧੀ ਦੱਸਦਿਆਂ ਇਸ ਦੇ ਹਰ ਪੱਧਰ ‘ਤੇ ਸਖ਼ਤ ਵਿਰੋਧ ਦਾ ਭਰੋਸਾ ਦਿੱਤਾ।
ਕਿਸਾਨਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਆੜ੍ਹਤੀਆਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਕੋਲ ਲਗਾਤਾਰ ਉਠਾਉਂਦੀ ਰਹੇਗੀ। ਉਨ੍ਹਾ ਕਿਹਾ ਕਿ ਸੂਬਾ ਸਰਕਾਰ ਕਿਸਾਨ ਭਾਈਚਾਰੇ ਦੇ ਮੋਢੇ ਨਾ ਮੋਢਾ ਲਾ ਕੇ ਹਮੇਸ਼ਾ ਖੜ੍ਹੀ ਹੈ ਅਤੇ ਪਹਿਲਾਂ ਦੇ ਸਫ਼ਲ ਸੀਜ਼ਨਾਂ ਦੀ ਤਰ੍ਹਾਂ ਫ਼ਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਏਗੀ। ਪਿੰਡ ਚੀਮਾ ਵਿਖੇ ਕਮਿਊਨਿਟੀ ਹੈੱਲਥ ਸੈਂਟਰ ਲੋਕ ਅਰਪਣ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਇਸ ਗੱਲ ਤੋਂ ਹਰ ਕੋਈ ਵਾਕਫ਼ ਹੈ ਕਿ ਚੰਡੀਗੜ੍ਹ ਦਾ ਪ੍ਰਬੰਧ ਪੰਜਾਬ ਦੇ ਰਾਜਪਾਲ ਦੁਆਰਾ ਚਲਾਇਆ ਜਾਂਦਾ ਹੈ, ਪਰ ਫਿਰ ਵੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨ ਅੰਦੋਲਨ, ਪੰਜਾਬ ਯੂਨੀਵਰਸਿਟੀ (ਪੀ ਯੂ) ਵਿੱਚ ਅੰਦੋਲਨ ਜਾਂ ਹੋਰ ਅਜਿਹਾ ਕੋਈ ਵੀ ਮੁੱਦਾ ਹੋਵੇ, ਭਾਜਪਾ ਸਾਰਾ ਦੋਸ਼ ਮੇਰੇ ‘ਤੇ ਥੋਪਣ ਨੂੰ ਹਮੇਸ਼ਾ ਤਿਆਰ ਰਹਿੰਦੀ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਨੂੰ ਇਸ ਮੁੱਦੇ ‘ਤੇ ਬੇਬੁਨਿਆਦ ਅਤੇ ਬੇਤੁਕੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਕਿਉਂਕਿ ਇਹ ਜਗ੍ਹਾ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਕ ਦੇ ਅਧਿਕਾਰ ਖੇਤਰ ਅਧੀਨ ਆਉਂਦੀ ਹੈ। ਉਨ੍ਹਾ ਕਿਹਾ ਕਿ ਜਦੋਂ ਪੰਜਾਬ ਚੰਡੀਗੜ੍ਹ ਦੀ ਮੰਗ ਕਰਦਾ ਹੈ ਤਾਂ ਇਸ ਨੂੰ ਵੱਖਵਾਦੀ ਵਿਚਾਰਧਾਰਾ ਦੱਸਿਆ ਜਾਂਦਾ ਹੈ, ਪਰ ਦੂਜੇ ਪਾਸੇ ਕੇਂਦਰ ਸਰਕਾਰ ਯੂ ਟੀ ਚੰਡੀਗੜ੍ਹ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖਣ ਦੇ ਆਪਣੇ ਫ਼ਰਜ਼ ਤੋਂ ਹਮੇਸ਼ਾ ਭੱਜਦੀ ਆਈ ਹੈ।
ਕਾਂਗਰਸ ਦੀ ਅਗਵਾਈ ਵਾਲੀ ਹਿਮਾਚਲ ਸਰਕਾਰ ਦੇ ਐਂਟਰੀ ਟੈਕਸ ਲਗਾਉਣ ਦੇ ਫੈਸਲੇ ਦਾ ਵਿਰੋਧ ਕਰਦਿਆਂ ਉਨ੍ਹਾ ਕਿਹਾ ਕਿ ਇੱਕ ਪਾਸੇ ‘ਆਪ’ ਸਰਕਾਰ ਟੋਲ ਟੈਕਸ ਖਤਮ ਕਰਕੇ ਆਮ ਆਦਮੀ ਨੂੰ ਰਾਹਤ ਦੇ ਰਹੀ ਹੈ, ਜਦੋਂ ਕਿ ਦੂਜੇ ਪਾਸੇ ਇਹ ਲੋਕ ਆਮ ਜਨਤਾ ‘ਤੇ ਬੇਲੋੜਾ ਟੈਕਸ ਲਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਹ ਕਦਮ ਪੂਰੀ ਤਰ੍ਹਾਂ ਗੈਰ-ਵਾਜਬ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਦਾ ਹਰੇਕ ਪੱਧਰ ‘ਤੇ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ।ਕਿਸਾਨਾਂ ਦੀਆਂ ਚਿੰਤਾਵਾਂ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਨੂੰ ਕੇਂਦਰ ਸਰਕਾਰ ਕੋਲ ਉਠਾਵਾਂਗਾ, ਕਿਉਂਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਭਾਰਤ ਸਰਕਾਰ ਨਾਲ ਸੰਬੰਧਤ ਹਨ। ਪੰਜਾਬ ਸਰਕਾਰ ਵੱਲੋਂ ਇਹ ਮੁੱਦੇ ਪਹਿਲਾਂ ਵੀ ਵਾਰ-ਵਾਰ ਕੇਂਦਰ ਕੋਲ ਉਠਾਏ ਗਏ ਹਨ ਅਤੇ ਸੂਬਾ ਸਰਕਾਰ ਲਗਾਤਾਰ ਅਜਿਹਾ ਕਰਦੀ ਰਹੇਗੀ। ਉਨ੍ਹਾ ਕਿਹਾ ਕਿ ‘ਆਪ’ ਸਰਕਾਰ ਕਿਸਾਨਾਂ ਨੂੰ ਲਾਭ ਪਹੁੰਚਾਉਣ ਵਾਸਤੇ ਸੁਚਾਰੂ ਅਤੇ ਮੁਸ਼ਕਲ ਰਹਿਤ ਖਰੀਦ ਯਕੀਨੀ ਬਣਾਉਣ ਲਈ ਦ੍ਰਿੜ੍ਹ ਹੈ।
ਮਾਨ ਨੇ ਪਿੰਡ ਚੀਮਾ ਵਿਖੇ ਸੰਤ ਅਤਰ ਸਿੰਘ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ।11.70 ਕਰੋੜ ਦੀ ਲਾਗਤ ਨਾਲ ਬਣਿਆ ਅਤੇ 30 ਬਿਸਤਰਿਆਂ ਵਾਲਾ ਇਹ ਅਤਿ-ਆਧੁਨਿਕ ਹਸਪਤਾਲ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਸਥਾਰ ਦੇ ਨਾਲ-ਨਾਲ ਪੂਰੇ ਖੇਤਰ ਵਿੱਚ ਹਜ਼ਾਰਾਂ ਲੋਕਾਂ ਨੂੰ ਮਿਆਰੀ ਡਾਕਰਟਰੀ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਹਸਪਤਾਲ ਨਾ ਸਿਰਫ਼ 15 ਪਿੰਡਾਂ ਦੇ ਲਗਪਗ 50 ਹਜ਼ਾਰ ਵਾਸੀਆਂ ਨੂੰ ਲਾਭ ਪਹੁੰਚਾਏਗਾ, ਸਗੋਂ ਨੇੜਲੇ ਖੇਤਰਾਂ ਦੀ ਲਗਭਗ 35 ਤੋਂ 40 ਹਜ਼ਾਰ ਆਬਾਦੀ ਲਈ ਕਿਫਾਇਤੀ ਅਤੇ ਮਿਆਰੀ ਇਲਾਜ ਵੀ ਮੁਹੱਈਆ ਕਰਵਾਏਗਾ।ਇਸ ਦੌਰਾਨ ਮਾਨ ਨੇ ਕਿਹਾ ਕਿ ਸੰਤ ਬਾਬਾ ਅਤਰ ਸਿੰਘ ਦੇ ਨਾਂਅ ‘ਤੇ ਮੈਡੀਕਲ ਕਾਲਜ ਦਾ ਕੰਮ ਵੀ ਜਲਦੀ ਸ਼ੁਰੂ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਨੇ ਇਸ ਸੰਬੰਧੀ ਪ੍ਰਬੰਧਾਂ ਨੂੰ ਅੰਤਮ ਰੂਪ ਦੇ ਦਿੱਤਾ ਹੈ।ਇਸ ਮੌਕੇ ਕੈਬਨਿਟ ਮੰਤਰੀ ਤੇ ਸਥਾਨਕ ਵਿਧਾਇਕ ਅਮਨ ਅਰੋੜਾ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ।




