16.8 C
Jalandhar
Sunday, December 22, 2024
spot_img

46 ਯੁਵਕਾਂ ਨੂੰ ਪੁਰਸਕਾਰ ’ਚ ਮਿਲਣਗੇ 51-51 ਹਜ਼ਾਰ ਰੁਪਏ

ਚੰਡੀਗੜ੍ਹ (ਗੁਰਜੀਤ ਬਿੱਲਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਅਹਿਮ ਐਲਾਨ ਕਰਦਿਆਂ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਨੂੰ ਮੁੜ ਸੁਰੂ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਯੁਵਕ ਸੇਵਾਵਾਂ ਵਿਭਾਗ ਨੇ ਪੁਰਸਕਾਰ ਲਈ ਸੂਬੇ ਦੇ ਨੌਜਵਾਨਾਂ ਤੋਂ ਬਿਨੈ-ਪੱਤਰ ਮੰਗੇ ਹਨ।
ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਇਸ ਫੈਸਲੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾ ਕਿਹਾ ਕਿ ਨੌਜਵਾਨਾਂ ਨੂੰ ਸੂਬੇ ਦੇ ਵਿਕਾਸ ਵਿੱਚ ਹਿੱਸੇਦਾਰ ਬਣਾਉਣ ਅਤੇ ਉਨ੍ਹਾਂ ਨੂੰ ਸਸ਼ਕਤੀਕਰਨ ਲਈ ਕਈ ਸਾਲਾਂ ਤੋਂ ਰੁਕੇ ਇਸ ਪੁਰਸਕਾਰ ਨੂੰ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਸੂਬਾ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਨੂੰ ਅੱਗੇ ਲਿਜਾਣ ਅਤੇ ਨੌਜਵਾਨਾਂ ਨੂੰ ਸੂਬੇ ਦੀ ਅਗਵਾਈ ਲਈ ਤਿਆਰ ਕਰਨ ਲਈ ਨਿਰੰਤਰ ਕੋਸ਼ਿਸ਼ਾਂ ਕਰ ਰਹੀ ਹੈ, ਜਿਸ ਦੇ ਸਿੱਟੇ ਵਜੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ।
ਮੀਤ ਹੇਅਰ ਨੇ ਦੱਸਿਆ ਕਿ ਪੁਰਸਕਾਰ ਲਈ ਯੋਗ ਨੌਜਵਾਨ ਯੁਵਕ ਸੇਵਾਵਾਂ ਵਿਭਾਗ ਕੋਲ 30 ਨਵੰਬਰ ਤੱਕ ਅਪਲਾਈ ਕਰ ਸਕਦੇ ਹਨ। ਇਸ ਤੋਂ ਬਾਅਦ ਵਿਭਾਗ ਇਨ੍ਹਾਂ ਦੀ ਪੜਚੋਲ ਕਰਕੇ ਸਭ ਤੋਂ ਕਾਬਲ ਅਤੇ ਸਰਵੋਤਮ ਮੈਰਿਟ ਵਾਲੇ ਹਰ ਜ਼ਿਲੇ ਵਿੱਚੋਂ 2 ਨੌਜਵਾਨਾਂ, ਜਿਨ੍ਹਾਂ ਦੀ ਉਮਰ 15 ਤੋਂ 35 ਸਾਲ ਦਰਮਿਆਨ ਹੋਵੇ, ਦੀ ਚੋਣ ਕੀਤੀ ਜਾਵੇਗੀ। ਸੂਬੇ ਵਿੱਚੋਂ ਕੁੱਲ 46 ਨੌਜਵਾਨਾਂ ਨੂੰ ਇਹ ਪੁਰਸਕਾਰ ਦਿੱਤਾ ਜਾਵੇਗਾ। ਇਸ ਪੁਰਸਕਾਰ ਵਿੱਚ 51 ਹਜ਼ਾਰ ਰੁਪਏ ਦੀ ਨਗਦ ਰਾਸ਼ੀ, ਇਕ ਮੈਡਲ, ਇਕ ਸਕਰੋਲ, ਇਕ ਬਲੇਜਰ ਅਤੇ ਇਕ ਸਰਟੀਫਿਕੇਟ ਨਾਲ ਸਨਮਾਨਤ ਕੀਤਾ ਜਾਵੇਗਾ। ਨੌਜਵਾਨਾਂ ਨੂੰ ਇਹ ਪੁਰਸਕਾਰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਨ 23 ਮਾਰਚ ਮੌਕੇ ਦਿੱਤੇ ਜਾਣਗੇ।
ਯੁਵਕ ਸੇਵਾਵਾਂ ਮੰਤਰੀ ਨੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੇਣ ਦੀ ਸ਼ੁਰੂਆਤ 1985 ਵਿੱਚ ਕੀਤੀ ਗਈ ਸੀ, ਪਰ ਇਹ ਐਵਾਰਡ ਕਈ ਸਾਲਾਂ ਤੋਂ ਨਹੀਂ ਦਿੱਤਾ ਗਿਆ। ਇਸ ਐਵਾਰਡ ਲਈ ਯੁਵਕ ਭਲਾਈ ਗਤੀਵਿਧੀਆਂ, ਐੱਨ ਸੀ ਸੀ , ਐੱਨ ਐੱਸ ਐੱਸ, ਸਮਾਜਿਕ ਸੇਵਾਵਾਂ, ਸੱਭਿਆਚਾਰ ਗਤੀਵਿਧੀਆਂ, ਖੇਡਾਂ, ਟਰੈਕਿੰਗ, ਰਾਸ਼ਟਰੀ ਏਕਤਾ, ਖੂਨਦਾਨ, ਨਸ਼ਿਆਂ ਵਿਰੱਧ ਜਾਗਰੂਕਤਾ, ਵਿਦਿਅਕ ਯੋਗਤਾ, ਬਹਾਦਰੀ ਦੇ ਕਾਰਨਾਮੇ, ਸਕਾਊਟਸ ਅਤੇ ਗਾਈਡਿੰਗ ਅਤੇ ਸਾਹਸੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਨੌਜਵਾਨਾਂ ਵਿੱਚੋਂ ਉਨ੍ਹਾਂ ਦੀ ਮੈਰਿਟ ਅਨੁਸਾਰ ਚੋਣ ਕਰਕੇ ਇਹ ਐਵਾਰਡ ਦਿੱਤਾ ਜਾਵੇਗਾ।

Related Articles

LEAVE A REPLY

Please enter your comment!
Please enter your name here

Latest Articles