4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦੇ ਕੇ ਨੌਜਵਾਨਾਂ ਦੀ ਵਿਦੇਸ਼ਾਂ ਵੱਲ ਹਿਜਰਤ ਨੂੰ ਠੱਲ੍ਹ ਪਾਈ : ਭਗਵੰਤ ਮਾਨ

0
2

ਚੰਡੀਗੜ੍ਹ (ਗੁਰਜੀਤ ਬਿੱਲਾ, ਸੁਰਜੀਤ ਸੁਮਨ, ਕ੍ਰਿਸ਼ਨ ਗਰਗ)
ਆਮ ਆਦਮੀ ਪਾਰਟੀ ਸਰਕਾਰ ਦੀ ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਲੜੀ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਖੇਤਰਾਂ ਵਿੱਚ ਆਪ ਸਰਕਾਰ ਦੀ ਕਾਰਗੁਜ਼ਾਰੀ ‘ਤੇ ਚਾਨਣਾ ਪਾਉਂਦਾ ਆਪਣੀ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਇਸ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਕੇਂਦ੍ਰਿਤ ਸ਼ਾਸਨ ਵੱਲ ਇੱਕ ਨਿਰਣਾਇਕ ਤਬਦੀਲੀ ਵਜੋਂ ਦਰਸਾਇਆ।ਮੁੱਖ ਮੰਤਰੀ ਨੇ ਸ਼ੁੱਕਰਵਾਰ ਕਿਹਾ ਕਿ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਦੀ ਭਰਪਾਈ ਕਰਦਿਆਂ ਨੌਜਵਾਨਾਂ ਨੂੰ ਉਮਰ ਹੱਦ ਵਿੱਚ 5 ਸਾਲ ਦੀ ਛੋਟ ਦਿੰਦਿਆਂ ਸਿਰਫ ਚਾਰ ਸਾਲਾਂ ਵਿੱਚ ਰਿਕਾਰਡ 65,264 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਦਿੱਤੀਆਂ ਗਈਆਂ ਹੁਣ ਤੱਕ ਦੀਆਂ ਸਭ ਤੋਂ ਵੱਧ ਨੌਕਰੀਆਂ ਹਨ।
ਵੱਖ-ਵੱਖ ਵਿਭਾਗਾਂ ਦੇ ਰਿਪੋਰਟ ਕਾਰਡ ਪੇਸ਼ ਕਰਦਿਆਂ ਮਾਨ ਨੇ ਕਿਹਾ ਕਿ ਵਿਦੇਸ਼ਾਂ ਵੱਲ ਨੌਜਵਾਨਾਂ ਦੀ ਹਿਜਰਤ ਦੇ ਰੁਝਾਨ ਨੂੰ ਠੱਲ੍ਹ ਪਈ ਹੈ ਅਤੇ ਪੰਜਾਬ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਦੇ ਨੌਜਵਾਨਾਂ ਨੂੰ ਇਨ੍ਹਾਂ ਨੌਕਰੀਆਂ ਦਾ ਲਾਭ ਹੋਇਆ ਹੈ।ਕਈ ਨੌਜਵਾਨ ਨੌਕਰੀਆਂ ਲੈਣ ਲਈ ਵਿਦੇਸ਼ਾਂ ਤੋਂ ਵਾਪਸ ਆਏ ਹਨ।ਹੁਣ ਨੌਜਵਾਨ ਆਈਲੈਟਸ ਸੈਂਟਰਾਂ ਵਿੱਚ ਜਾਣ ਦੀ ਬਜਾਏ ਸਰਕਾਰੀ ਨੌਕਰੀਆਂ ਲਈ ਤਿਆਰੀ ਕਰਨ ਨੂੰ ਤਰਜੀਹ ਦੇ ਰਹੇ ਹਨ।ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਮ ਲੋਕਾਂ ਦੀ ਬਜਾਏ ਆਪਣੇ ਹੀ ਪਰਵਾਰਾਂ ਦਾ ਪੱਖ ਪੂਰਿਆ ਪਰ ਸੂਬਾ ਸਰਕਾਰ ਨੇ ਸਭ ਦੀ ਭਲਾਈ ਲਈ ਕੰਮ ਕੀਤਾ ਹੈ ਜਿਸ ਦੇ ਚਲਦਿਆਂ ਪ੍ਰਾਈਵੇਟ ਕੰਪਨੀਆਂ ਵਿੱਚ ਵੀ ਸੱਤ ਲੱਖ ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ। ਉਨ੍ਹਾ ਅੱਗੇ ਕਿਹਾ ਕਿ ਅੰਮ੍ਰਿਤਸਰ, ਬਠਿੰਡਾ, ਹੁਸ਼ਿਆਰਪੁਰ, ਜਲੰਧਰ ਅਤੇ ਲੁਧਿਆਣਾ ਵਿੱਚ ਪੰਜ ਬਹੁ-ਹੁਨਰ ਵਿਕਾਸ ਕੇਂਦਰ ਸਥਾਪਤ ਕੀਤੇ ਗਏ ਹਨ।ਇਨ੍ਹਾਂ ਕੇਂਦਰਾਂ ਵਿੱਚ ਹੁਣ ਤੱਕ 1.25 ਲੱਖ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਗਈ ਹੈ, ਜਿਨ੍ਹਾਂ ਵਿੱਚੋਂ 73,250 ਨੂੰ ਰੁਜ਼ਗਾਰ ਵੀ ਮਿਲ ਗਿਆ ਹੈ।
ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੇ ਹਾਲਾਤ ਇਸ ਹੱਦ ਤੱਕ ਅਜੀਬੋ-ਗਰੀਬ ਬਣ ਗਏ ਹਨ ਅਤੇ ਦੇਸ਼ ਵਿੱਚ ਜੋ ਵੀ ਮਾੜਾ ਹੋਇਆ ਹੈ, ਉਸ ਲਈ ਨਹਿਰੂ ਨੂੰ, ਦਿੱਲੀ ਲਈ ਅਰਵਿੰਦ ਕੇਜਰੀਵਾਲ ਨੂੰ ਅਤੇ ਪੰਜਾਬ ਅਤੇ ਚੰਡੀਗੜ੍ਹ ਲਈ ਮੈਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਉਨ੍ਹਾ ਅੱਗੇ ਕਿਹਾ ਕਿ ਭਾਜਪਾ ਸਭ ਕੁਝ ਸਿਆਸੀ ਵਿਰੋਧੀਆਂ ਦੇ ਨਾਂਅ ‘ਤੇ ਥੋਪ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ, ਜਦੋਂ ਕਿ 15 ਲੱਖ ਰੁਪਏ ਦੇ ਵਾਅਦੇ ਤੋਂ ਲੈ ਕੇ ਐੱਮ ਐੱਸ ਪੀ ਤੱਕ ਕੁਝ ਵੀ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਭਾਜਪਾ ਸ਼ਬਦਾਂ ਦੀ ਖੇਡ ਅਤੇ ਕਠਪੁਤਲੀਆਂ ਦੀ ਤਰ੍ਹਾਂ ਵਿਰੋਧੀਆਂ ਨੂੰ ਨਿਸ਼ਾਨਾ ਬਣਾ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ।ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰ ਮੌਜੂਦ ਸਨ।