ਮੋਗਾ (ਇਕਬਾਲ ਸਿੰਘ ਖਹਿਰਾ)
ਮੋਗਾ ਦੀ ਅਨਾਜ ਮੰਡੀ ਵਿੱਚ ਆਮ ਆਦਮੀ ਪਾਰਟੀ ਦੀ ਸੂਬਾ ਪੱਧਰੀ ਰੈਲੀ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਪਹਿਲਾਂ 83 ਕਰੋੜ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਹਨਾ ਨਾਲ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਹਲਕਾ ਮੋਗਾ ਦੀ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ, ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁੱਖਾਨੰਦ, ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਨਗਰ ਨਿਗਮ ਦੇ ਮੇਅਰ ਪ੍ਰਵੀਨ ਕੁਮਾਰ, ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮੱਧੇਕੇ, ਆਦਿ ਆਗੂ ਮੌਜੂਦ ਸਨ। ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਵਿਸਾਖੀ ਵਾਲੇ ਦਿਨ ‘ਮੁੱਖ ਮੰਤਰੀ ਸਕੀਮ, 30 ਦਿਨਾਂ ‘ਚ ਤਕਸੀਮ’ ਦਾ ਕੰਮ ਆਰੰਭਿਆ ਜਾਵੇਗਾ, ਜਿਸ ਨੂੰ ਇੱਕ ਮਹੀਨੇ ਦੇ ਵਿੱਚ-ਵਿੱਚ ਪੂਰਾ ਕੀਤਾ ਜਾਵੇਗਾ। ਬਿਜਲੀ ਵਿਭਾਗ ਨਾਲ ਗੱਲ ਕਰਕੇ ਜ਼ਮੀਨਾਂ ਵਿੱਚੋਂ ਖੰਭੇ ਕਢਵਾਉਣ ਦਾ ਕੰਮ ਆਰੰਭ ਕੀਤਾ ਗਿਆ ਹੈ। ਮਾਨ ਨੇ ਕਿਹਾ, ‘ਮੈਂ ਕਿਸਾਨ ਦਾ ਪੁੱਤ ਹਾਂ ਤੇ ਕਿਸਾਨ ਦੀ ਪੁੱਤਾਂ ਵਾਂਗ ਪਾਲੀ ਫਸਲ ਸੰਬੰਧੀ ਭਲੀਭਾਂਤ ਜਾਣਦਾ ਹਾਂ, ਇਸ ਕਰਕੇ ਮੰਡੀਆਂ ਵਿੱਚ ਆਉਣ ਵਾਲੀ ਕਣਕ ਦਾ ਇੱਕ-ਇੱਕ ਦਾਣਾ ਮੰਡੀ ਵਿੱਚੋਂ ਚੁਕਾਉਂਗਾ।’ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 8 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਰੰਭ ਕੀਤਾ ਗਿਆ ਹੈ, ਇਸ ਲਈ ਉਹ ਉਨ੍ਹਾ ਦੇ ਧੰਨਵਾਦੀ ਹਨ ਤੇ ਆਸ ਕਰਦੇ ਹਨ ਕਿ ਮੋਗਾ ਦੇ ਵਿਕਾਸ ਲਈ ਉਹ ਹਮੇਸ਼ਾ ਸਾਨੂੰ ਸਹਿਯੋਗ ਦਿੰਦੇ ਰਹਿਣਗੇ।ਮਨੀਸ਼ ਸਿਸੋਦੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਹ ਚਿਹਰਾ ਹਨ, ਜੋ ਪੰਜਾਬ ਵਿੱਚ ਹੀ ਨਹੀਂ, ਬਲਕਿ ਪੂਰੇ ਹਿੰਦੁਸਤਾਨ ਵਿੱਚ ਮਕਬੂਲ ਮੁੱਖ ਮੰਤਰੀ ਵਜੋਂ ਜਾਣੇ ਜਾਂਦੇ ਹਨ।





