ਭਾਜਪਾ ਦਫਤਰ ਅੱਗੇ ਧਮਾਕੇ ਦੇ ਦੋਨੋਂ ਮੁੱਖ ਮੁਲਜ਼ਮ ਗ੍ਰਿਫਤਾਰ : ਡੀ ਜੀ ਪੀ

0
10

ਚੰਡੀਗੜ੍ਹ : ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਐਤਵਾਰ ਦੱਸਿਆ ਕਿ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫਤਰ ਦੇ ਬਾਹਰ ਹੋਏ ਧਮਾਕੇ ਦੇ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਨ੍ਹਾਂ ਦੀ ਪਛਾਣ ਗੁਰਤੇਜ ਸਿੰਘ ਅਤੇ ਅਮਨਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਰੋਪੜ ਦੇ ਮੋਰਿੰਡਾ ਨੇੜਲੇ ਪਿੰਡ ਰਤਨਗੜ੍ਹ ਦੇ ਰਹਿਣ ਵਾਲੇ ਹਨ। ਦੋਵਾਂ ਨੂੰ ਸ਼ਨੀਵਾਰ ਰਾਤ ਹਰਿਆਣਾ ਦੇ ਰੇਵਾੜੀ ਤੋਂ ਕਾਬੂ ਕੀਤਾ ਗਿਆ। ਇੱਕ ਅਪਰੈਲ ਨੂੰ ਸੈਕਟਰ 37 ਵਿੱਚ ਹੋਏ ਧਮਾਕੇ ਵਿੱਚ ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ, ਪਰ ਕਾਰਾਂ ਦੇ ਸ਼ੀਸ਼ੇ ਟੁੱਟ ਗਏ ਸਨ ਅਤੇ ਇੱਕ ਸਕੂਟਰ ਨੂੰ ਨੁਕਸਾਨ ਪਹੁੰਚਿਆ ਸੀ। ਪੁਲਸ ਨੇ ਇਨ੍ਹਾਂ ਕੋਲੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ .30 ਬੋਰ ਦੀ ਜ਼ਿਗਾਨਾ ਪਿਸਤੌਲ ਸਮੇਤ ਗੋਲੀ-ਸਿੱਕਾ ਬਰਾਮਦ ਕੀਤਾ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਮਡਿਊਲ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ ਐੱਸ ਆਈ ਦੀ ਮਦਦ ਨਾਲ ਚਲਾਇਆ ਜਾ ਰਿਹਾ ਸੀ, ਜਿਸ ਦੇ ਤਾਰ ਪੁਰਤਗਾਲ ਅਤੇ ਜਰਮਨੀ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਹੋਏ ਹਨ। ਗੁਰਤੇਜ ਸਿੰਘ ਪਿਛਲੇ ਛੇ ਮਹੀਨਿਆਂ ਤੋਂ ਪੁਰਤਗਾਲ ਰਹਿੰਦੇ ਬਲਜੋਤ ਸਿੰਘ ਉਰਫ ਜੋਤ ਦੇ ਸੰਪਰਕ ਵਿੱਚ ਸੀ, ਜਿਸ ਨੇ ਉਸ ਨੂੰ ਹਥਿਆਰ ਇਕੱਠੇ ਕਰਨ ਦੇ ਨਿਰਦੇਸ਼ ਦਿੱਤੇ ਸਨ।
ਇਸ ਮਾਮਲੇ ਵਿੱਚ ਹੁਣ ਤੱਕ ਕੁੱਲ ਸੱਤ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਬਲਵਿੰਦਰ ਲਾਲ, ਜਸਵੀਰ ਸਿੰਘ, ਚਰਨਜੀਤ ਸਿੰਘ, ਰੂਬਲ ਚੌਹਾਨ ਅਤੇ ਮਨਦੀਪ ਨੂੰ ਗ੍ਰਿਫਤਾਰ ਕੀਤਾ ਸੀ। ਧਮਾਕੇ ਤੋਂ ਤੁਰੰਤ ਬਾਅਦ ਸੋਸ਼ਲ ਮੀਡੀਆ ‘ਤੇ ਇਸ ਦੀ ਇੱਕ ਵੀਡੀਓ ਵੀ ਵਾਇਰਲ ਹੋਈ ਸੀ ਅਤੇ ਪਾਬੰਦੀਸ਼ੁਦਾ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਸੁਖਜਿੰਦਰ ਸਿੰਘ ਬੱਬਰ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ। ਦੱਸਿਆ ਜਾ ਰਿਹਾ ਹੈ ਅਮਨਪ੍ਰੀਤ ਸਿੰਘ ਨੇ ਗ੍ਰਨੇਡ ਸੁੱਟਿਆ ਸੀ, ਜਦਕਿ ਗੁਰਤੇਜ ਨੇ ਵੀਡੀਓ ਬਣਾਈ ਸੀ। ਅਮਨਪ੍ਰੀਤ ਸਿੰਘ ‘ਤੇ ਪਹਿਲਾਂ ਵੀ ਚੋਰੀ ਅਤੇ ਲੁੱਟ-ਖੋਹ ਦੇ ਮਾਮਲੇ ਦਰਜ ਹਨ। ਪੁਲਸ ਨੇ ਮੁਲਜ਼ਮਾਂ ਖਿਲਾਫ ਅਸਲਾ ਐਕਟ ਅਤੇ ਭਾਰਤੀ ਨਿਆਂ ਸੰਹਿਤਾ ਤਹਿਤ ਮਾਮਲਾ ਦਰਜ ਕੀਤਾ ਹੈ।