ਅਕਾਲੀ ਆਦਤਨ ਅਪਰਾਧੀ : ਮਾਨ

0
2

ਪਟਿਆਲਾ (ਰਾਜਿੰਦਰ ਸਿੰਘ ਥਿੰਦ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਨਤਕ ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂਆਂ ਨੇ ਪੰਜਾਬ ਨੂੰ ਲੁੱਟਣ ਦੀ ਆਪਣੀ ਆਦਤ ਅਜੇ ਤੱਕ ਨਹੀਂ ਛੱਡੀ ਹੈ। ਉਨ੍ਹਾ ਚੇਤਾਵਨੀ ਦਿੱਤੀ ਕਿ ਜੇ ਸੱਤਾ ਤੋਂ ਬਾਹਰ ਹੋ ਕੇ ਵੀ ਉਹ ਅਜਿਹੀਆਂ ਘਟੀਆ ਕਾਰਵਾਈਆਂ ਕਰ ਰਹੇ ਹਨ ਤਾਂ ਫਿਰ ਸੱਤਾ ‘ਚ ਆ ਕੇ ਤਾਂ ਉਹ ਜੋ ਨੁਕਸਾਨ ਪੰਜਾਬ ਨੂੰ ਪਹੁੰਚਾਉਣਗੇ, ਉਸ ਦਾ ਅੰਦਾਜ਼ਾ ਵੀ ਨਹੀਂ ਲਾਇਆ ਜਾ ਸਕਦਾ, ਜੋ ਗੰਭੀਰ ਸ਼ੰਕੇ ਖੜ੍ਹੇ ਕਰਦਾ ਹੈ। ਅਕਾਲੀਆਂ ਨੂੰ ਆਦਤਨ ਅਪਰਾਧੀ ਆਖਦਿਆਂ ਜਿਨ੍ਹਾਂ ਪਹਿਲਾਂ ਰੇਤਾ ਅਤੇ ਬੱਸਾਂ ਲੁੱਟੀਆਂ ਅਤੇ ਹੁਣ ਬਿਜਲੀ ਚੋਰੀ ਤੱਕ ਆ ਗਏ ਹਨ, ਉਨ੍ਹਾ ਕਿਹਾ ਕਿ ਅਜਿਹਾ ਘਟੀਆ ਵਿਹਾਰ ਸਰਕਾਰੀ ਸਰੋਤਾਂ ਦਾ ਸ਼ੋਸ਼ਣ ਕਰਨ ਦੀ ਉਨ੍ਹਾਂ ਦੀ ਦ੍ਰਿੜ੍ਹ ਮਾਨਸਿਕਤਾ ਨੂੰ ਦਰਸਾਉਂਦਾ ਹੈ।
ਮੁੱਖ ਮੰਤਰੀ ਨੇ ਇਸ ਦੇ ਆਧਾਰ ‘ਤੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਸਮਾਜਿਕ ਬਾਈਕਾਟ ਕਰਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਬੇਅਦਬੀ ਅਤੇ ਲੋਕਾਂ ‘ਤੇ ਅੱਤਿਆਚਾਰ ਢਾਹੁਣ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ।
ਪਟਿਆਲਾ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੇ ਸ਼ਾਸਨਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਇਜਾਜ਼ਤ ਦੇ ਕੇ ਹਰੇਕ ਆਮ ਆਦਮੀ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ। ਇਨ੍ਹਾਂ ਗੱਦਾਰਾਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ, ਕਿਉਂਕਿ ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਜ਼ਿੰਮੇਵਾਰ ਹਨ ਅਤੇ ਇਨ੍ਹਾਂ ਦੇ ਹੱਥ ਮਾਸੂਮ ਲੋਕਾਂ ਦੇ ਖੂਨ ਨਾਲ ਰੰਗੇ ਹੋਏ ਹਨ।
ਉਨ੍ਹਾ ਕਿਹਾ ਕਿ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਮਤਲਬ ਹੈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਮਾਸੂਮ ਪ੍ਰਦਰਸ਼ਨਕਾਰੀਆਂ ‘ਤੇ ਗੋਲੀਬਾਰੀ ਅਤੇ ਆਮ ਆਦਮੀ ‘ਤੇ ਅੱਤਿਆਚਾਰਾਂ ਦਾ ਯੁੱਗ ਵਾਪਸ ਲਿਆਉਣ ਲਈ ਆਪਣੀ ਸਹਿਮਤੀ ਦੇਣਾ ਹੈ।
ਅਜਿਹੇ ਆਗੂਆਂ ਖਿਲਾਫ਼ ਸਖ਼ਤ ਜਨਤਕ ਕਾਰਵਾਈ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਸੂਬੇ ਦੀਆਂ ਕਈ ਪੀੜ੍ਹੀਆਂ ਨੂੰ ਬਰਬਾਦ ਕੀਤਾ ਹੈ ਅਤੇ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਜ਼ਿੰਮੇਵਾਰ ਹਨ, ਉਨ੍ਹਾਂ ਨੂੰ ਕਿਸੇ ਵੀ ਹੀਲੇ ਮੁਆਫ਼ੀ ਨਹੀਂ ਦਿੱਤੀ ਜਾਣੀ ਚਾਹੀਦੀ ਅਤੇ ਉਨ੍ਹਾਂ ਨੂੰ ਸਬਕ ਸਿਖਾਇਆ ਜਾਣਾ ਚਾਹੀਦਾ ਹੈ। ਇਨ੍ਹਾਂ ਆਗੂਆਂ ਦਾ ਸਮਾਜਿਕ ਬਾਈਕਾਟ ਕਰਨਾ ਸਮੇਂ ਦੀ ਲੋੜ ਹੈ, ਤਾਂ ਜੋ ਉਹ ਸੂਬੇ ਅਤੇ ਇਸ ਦੇ ਲੋਕਾਂ ਨੂੰ ਹੋਰ ਨੁਕਸਾਨ ਨਾ ਪਹੁੰਚਾ ਸਕਣ। ਉਨ੍ਹਾ ਹੈਰਾਨੀ ਪ੍ਰਗਟਾਈ ਕਿ ਕੁਝ ਲੋਕ ਆਪਣੇ ਨਿੱਜੀ ਸਵਾਰਥੀ ਹਿੱਤਾਂ ਲਈ ਅਜਿਹੇ ਆਗੂਆਂ ਦੀਆਂ ਘਟੀਆ ਕਾਰਵਾਈਆਂ ਤੋਂ ਚੰਗੀ ਤਰ੍ਹਾਂ ਜਾਣੂ ਹੋਣ ਦੇ ਬਾਵਜੂਦ ਉਨ੍ਹਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕਰ ਰਹੇ ਹਨ, ਜੋ ਬਹੁਤ ਮੰਦਭਾਗਾ ਹੈ। ਅਕਾਲੀ ਦਲ ਦੀ ਅਖੌਤੀ ‘ਪੰਜਾਬ ਬਚਾਓ ਯਾਤਰਾ’ ‘ਤੇ ਚੁਟਕੀ ਲੈਂਦਿਆਂ ਉਨ੍ਹਾ ਟਿੱਪਣੀ ਕੀਤੀ ਕਿ ਅਖੌਤੀ ਪੰਜਾਬ ਬਚਾਓ ਯਾਤਰਾ ਅਸਲ ਵਿੱਚ ਇੱਕ ‘ਪਰਿਵਾਰ ਬਚਾਓ ਯਾਤਰਾ’ ਹੈ। ਉਨ੍ਹਾ ਕਿਹਾ ਕਿ 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਅਕਾਲੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਪੰਜਾਬ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਉਨ੍ਹਾ ਕਿਹਾ ਕਿ ਅਕਾਲੀ ਆਗੂ ਲੋਕਾਂ ਤੋਂ ਇੱਕ ਮੌਕਾ ਮੰਗ ਰਹੇ ਹਨ, ਪਰ ਸ਼ਾਇਦ ਉਹ ਭੁੱਲ ਗਏ ਹਨ ਕਿ ਉਨ੍ਹਾਂ ਨੂੰ ਪੰਜ ਵਾਰ ਮੌਕਾ ਦਿੱਤਾ ਗਿਆ ਸੀ। ਲੋਕਾਂ ਦੀ ਸੇਵਾ ਕਰਨ ਦੀ ਬਜਾਏ, ਉਨ੍ਹਾਂ ਜਨਤਾ ਅਤੇ ਸੂਬੇ ਨੂੰ ਲੁੱਟਿਆ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਦਰਵਾਜ਼ਾ ਦਿਖਾ ਦਿੱਤਾ।
ਹਾਲ ਹੀ ਵਿੱਚ ਵਾਪਰੀ ਇੱਕ ਘਟਨਾ ਦਾ ਹਵਾਲਾ ਦਿੰਦਿਆਂ ਮਾਨ ਨੇ ਕਿਹਾ—ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਸਮਾਗਮ ਵਿੱਚ ਅਕਾਲੀ ਲੀਡਰਸ਼ਿਪ ਨੂੰ ਬਿਜਲੀ ਚੋਰੀ ਕਰਦਿਆਂ ਫੜਿਆ ਗਿਆ ਸੀ ਅਤੇ ਸੂਬਾ ਸਰਕਾਰ ਉਨ੍ਹਾਂ ਵਿਰੁੱਧ ਕੇਸ ਦਰਜ ਕਰੇਗੀ। ਉਨ੍ਹਾ ਸਵਾਲ ਪੁੱਛਿਆ ਕਿ ਅਜਿਹੇ ਲੋਕਾਂ ਤੋਂ ਭਲਾਈ ਦੀ ਕੀ ਉਮੀਦ ਕੀਤੀ ਜਾ ਸਕਦੀ ਹੈ, ਜੋ ਬਿਜਲੀ ਚੋਰੀ ਵਰਗੇ ਛੋਟੇ-ਮੋਟੇ ਅਪਰਾਧਾਂ ਵਿੱਚ ਸ਼ਾਮਲ ਹਨ।” ਉਨ੍ਹਾ ਕਿਹਾ ਕਿ ਉਨ੍ਹਾ ਦੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਸਖ਼ਤ ਯਤਨ ਕਰ ਰਹੀ ਹੈ।
ਉਨ੍ਹਾ ਕਿਹਾ ਕਿ ਅਜਿਹੇ ਸਿਆਸੀ ਆਗੂ ਲੋਕਾਂ ਨੂੰ ਪੈਸਾ ਦੇਣ ਦੀ ਬਜਾਏ ਉਨ੍ਹਾਂ ਤੋਂ ਗੈਰ-ਕਾਨੂੰਨੀ ਤਰੀਕਿਆਂ ਨਾਲ ਪ੍ਰਾਪਤ ਕਰਦੇ ਹਨ। ਸਾਬਕਾ ਉਪ ਮੁੱਖ ਮੰਤਰੀ ਨੇ ਹੜ੍ਹਾਂ ਦੌਰਾਨ ਗੋਲਕਾਂ ਤੋਂ ਪੈਸਾ ਵੰਡਿਆ।” ਉਨ੍ਹਾ ਟਿੱਪਣੀ ਕੀਤੀ ਕਿ “ਸਾਬਕਾ ਉਪ ਮੁੱਖ ਮੰਤਰੀ ਸੂਬੇ ਦੇ ਇਤਿਹਾਸ, ਭੂਗੋਲ ਅਤੇ ਸੱਭਿਆਚਾਰ ਤੋਂ ਬਿਲਕੁਲ ਅਣਜਾਣ ਹਨ ਅਤੇ ਉਹ ਫ਼ਸਲਾਂ ਵਿਚਕਾਰ ਫਰਕ ਵੀ ਨਹੀਂ ਕਰ ਸਕਦੇ।”
ਮਾਨ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਨੇ ਸੂਬੇ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ, ਜਿਸ ਕਾਰਨ ਪੰਜਾਬ ਵਿਕਾਸ ਵਿੱਚ ਪਛੜ ਗਿਆ। ਉਨ੍ਹਾ ਸੂਬੇ ਨੂੰ ਆਰਥਿਕ, ਸਮਾਜਿਕ, ਰਾਜਨੀਤਕ ਅਤੇ ਧਾਰਮਿਕ ਤੌਰ ‘ਤੇ ਵੀ ਨੁਕਸਾਨ ਪਹੁੰਚਾਇਆ, ਪਰ ਸਾਡੀ ਸਰਕਾਰ ਦੁਆਰਾ ਚੁੱਕੇ ਗਏ ਕਦਮਾਂ ਕਾਰਨ ਪੰਜਾਬ ਹੁਣ ਵਿਕਾਸ ਦੀ ਸਹੀ ਰਾਹ ‘ਤੇ ਹੈ।”ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਹਲਕੇ ਪਟਿਆਲਾ ਦਿਹਾਤੀ ਦੀ ਅਨਾਜ ਮੰਡੀ ਵਿਖੇ ਹੋਈ ਵਿਸ਼ਾਲ ਰੈਲੀ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਆਪ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਬੀਰ ਸਿੰਘ, ਹਰਭਜਨ ਸਿੰਘ ਈ ਟੀ ਓ, ਲਾਲ ਚੰਦ ਕਟਾਰੂ ਚੱਕ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ, ਬਰਿੰਦਰ ਗੋਇਲ ਤੇ ਮਹਿੰਦਰ ਭਗਤ ਸਮੇਤ ਵਿਧਾਇਕ ਨੀਨਾ ਮਿੱਤਲ, ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਕੁਲਵੰਤ ਸਿੰਘ ਬਾਜ਼ੀਗਰ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਰਣਜੋਧ ਸਿੰਘ ਹਡਾਣਾ, ਪੀ ਆਰ ਟੀ ਸੀ ਦੇ ਚੇਅਰਮੈਨ ਹਰਪਾਲ ਜੁਨੇਜਾ, ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਮੇਅਰ ਕੁੰਦਨ ਗੋਗੀਆ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਤੇਜਿੰਦਰ ਮਹਿਤਾ, ਇੰਪਰੂਵਮੈਂਟ ਟਰੱਸਟ ਚੇਅਰਮੈਨ ਹਰਪਾਲ ਸਿੰਘ ਵਿਰਕ, ਜੱਸੀ ਸੋਹੀਆਂ ਵਾਲਾ ਤੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟ ਯੂਨੀਵਰਸਿਟੀ ਦੇ ਵਾਈਸ ਚਾਂਲਸਰ ਡਾ. ਪੁਸ਼ਪਿੰਦਰ ਸਿੰਘ ਗਿੱਲ ਵੀ ਮੌਜੂਦ ਸਨ। ਇਸ ਦੌਰਾਨ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਸਨਮਾਨ ਵੀ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਪਟਿਆਲਾ ਵਿਖੇ 250 ਨਵੀਆਂ ਪੀ ਆਰ ਟੀ ਸੀ ਬੱਸਾਂ ਨੂੰ ਹਰੀ ਝੰਡੀ ਦਿਖਾਈ ਤੇ ਇਸ ਨੂੰ ਜਨਤਕ ਆਵਾਜਾਈ ਦੀ ਮਜ਼ਬੂਤੀ, ਰੋਜ਼ਗਾਰ ਉਤਪਤੀ ਤੇ ਪੰਜਾਬ ਭਰ ‘ਚ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਵੱਲ ਇੱਕ ਵੱਡਾ ਕਦਮ ਦੱਸਿਆ। ਬੱਸ ਫਲੀਟ ਵਿੱਚ ਵਾਧੇ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਟਿਆਲਾ ਵਿੱਚ 250 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਪੀ ਆਰ ਟੀ ਸੀ ਫਲੀਟ ਵਿੱਚ ਸ਼ਾਮਲ ਕੀਤਾ ਗਿਆ। ਇਹ ਸਿਰਫ਼ ਆਵਾਜਾਈ ਸਹੂਲਤਾਂ ਵਿੱਚ ਸੁਧਾਰ ਨਹੀਂ, ਸਗੋਂ ਲੋਕਾਂ ਨੂੰ ਬਿਹਤਰ, ਸੁਰੱਖਿਅਤ ਅਤੇ ਵਧੇਰੇ ਆਰਾਮਦਾਇਕ ਯਾਤਰਾ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਨਾਲ ਜਨਤਕ ਆਵਾਜਾਈ ਮਜ਼ਬੂਤ ਹੋਵੇਗੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਆਉਣ ਵਾਲੇ ਦਿਨਾਂ ਵਿੱਚ 300 ਤੋਂ ਵੱਧ ਹੋਰ ਬੱਸਾਂ ਪੀ ਆਰ ਟੀ ਸੀ ਫਲੀਟ ਵਿੱਚ ਸ਼ਾਮਲ ਕੀਤੀਆਂ ਜਾਣਗੀਆਂ।