ਚੰਡੀਗੜ੍ਹ (ਗੁਰਜੀਤ ਬਿੱਲਾ/ ਸੁਰਜੀਤ ਸੁਮਨ/ ਕ੍ਰਿਸ਼ਨ ਗਰਗ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਨਿੱਚਰਵਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਅੰਤਮ ਰੂਪ ਦਿੱਤਾ।ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਵਨ ਵਿਖੇ ਸੰਤ ਸਮਾਜ ਨਾਲ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਮਾਨ ਨੇ ਸੂਬਾ ਪੱਧਰੀ ਸਮਾਗਮਾਂ ਅਤੇ ਪਹਿਲਕਦਮੀਆਂ ਦੀ ਲੜੀ ਦੀ ਰੂਪਰੇਖਾ ਤਿਆਰ ਕੀਤੀ। ਇਨ੍ਹਾਂ ਸਮਾਗਮਾਂ ਵਿੱਚ ਸੈਮੀਨਾਰ, ਕੀਰਤਨ ਸਮਾਗਮ, ਯਾਤਰਾਵਾਂ, ਪੌਦੇ ਲਗਾਉਣ ਦੀਆਂ ਮੁਹਿੰਮਾਂ ਅਤੇ 650 ਏਕੜ ਵਿੱਚ ‘ਗੁਰੂ ਰਵਿਦਾਸ ਬਗੀਚੀਆਂ’ ਲਾਉਣਾ ਸ਼ਾਮਲ ਹੈ ਅਤੇ ਇਸ ਸਬੰਧੀ ਮੁੱਖ ਸਮਾਗਮ ਖੁਰਾਲਗੜ੍ਹ ਵਿਖੇ ਹੋਵੇਗਾ।ਮੁੱਖ ਮੰਤਰੀ ਨੇ ਕਿਹਾ, ‘ਮੈਂ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦਾ ਹਾਂ ਕਿ ਮੈਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਸੁਭਾਗ ਹਾਸਲ ਹੋਇਆ ਹੈ। ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ, ਕਿਉਂਕਿ ਗੁਰੂ ਜੀ ਦੇ ਸੰਦੇਸ਼ ਨੂੰ ਦੁਨੀਆ ਭਰ ਤੱਕ ਪਹੁੰਚਾਉਣਾ ਸਾਡਾ ਸਮੂਹਿਕ ਫਰਜ਼ ਹੈ।’
ਉਨ੍ਹਾ ਕਿਹਾ, “’ਸ੍ਰੀ ਗੁਰੂ ਰਵਿਦਾਸ ਮਹਾਰਾਜ ਨੇ ਹਰ ਭੇਦਭਾਵ ਤੋਂ ਮੁਕਤ ਬਰਾਬਰੀ ਵਾਲੇ ਸਮਾਜ ਦੀ ਕਲਪਨਾ ਕੀਤੀ ਸੀ। ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਅਗਾਮੀ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਇਆ ਜਾਵੇ। ਅਸੀਂ ਹਾਲ ਹੀ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਤ ਵੱਖ-ਵੱਖ ਸਮਾਗਮ ਕਰਵਾਏ ਸਨ।’”ਸਮਾਗਮ ਦੀਆਂ ਤਿਆਰੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਸਾਂਝਾ ਕੀਤਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਯੋਜਨਾ ਉਲੀਕੀ ਗਈ ਹੈ। ਸ੍ਰੀ ਗੁਰੂ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਅਤੇ ਅਜਿਹੇ ਸਮਾਨਤਾਵਾਦੀ ਸਮਾਜ ਦੀ ਨੀਂਹ ਰੱਖੀ, ਜਿੱਥੇ ਕੋਈ ਵੀ ਦੁਖੀ ਨਾ ਹੋਵੇ।”ਸਾਲ ਭਰ ਚੱਲਣ ਵਾਲੇ ਜਸ਼ਨਾਂ ਵਿੱਚ ਸੈਮੀਨਾਰ ਅਤੇ ਵਰਕਸ਼ਾਪਾਂ, ਵਿਸ਼ੇਸ਼ ਕੀਰਤਨ ਸਮਾਗਮ, ਤੀਰਥ ਯਾਤਰਾ, ਸਕੂਲ ਵਾਰ ਮੁਕਾਬਲੇ, ਦਸਤਾਵੇਜ਼ੀ ਸ਼ੋਅ, ਡਰੋਨ ਸ਼ੋਅ, ਖੂਨਦਾਨ ਕੈਂਪ, ਪੌਦੇ ਲਾਉਣ ਦੀ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਮੁੱਖ ਸਮਾਗਮ ਖੁਰਾਲਗੜ੍ਹ ਵਿਖੇ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਗੁਰੂ ਰਵਿਦਾਸ ਜੀ ਬਗੀਚੀਆਂ ਦੀ ਸਥਾਪਨਾ ਪੰਜਾਬ ਭਰ ਵਿੱਚ ਕੁੱਲ 650 ਏਕੜ ਪੰਚਾਇਤੀ ਜ਼ਮੀਨ ‘ਤੇ ਪ੍ਰਤੀ ਜ਼ਿਲ੍ਹਾ ਔਸਤਨ 6.50 ਲੱਖ ਪੌਦੇ ਲਾਉਣ ਦੀ ਮੁਹਿੰਮ ਦੇ ਨਾਲ-ਨਾਲ ਮੈਰਾਥਨ, ਸ਼ੋਭਾ ਯਾਤਰਾਵਾਂ, ਸਾਈਕਲ ਰੈਲੀਆਂ ਅਤੇ ਹੋਰਨਾਂ ਪ੍ਰੋਗਰਾਮਾਂ ਰਾਹੀਂ ਕੀਤੀ ਜਾਵੇਗੀ।650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਮੁੱਖ ਸਮਾਗਮ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ ‘ਤੇ ਪ੍ਰਦਰਸ਼ਨੀ ਦਾ ਉਦਘਾਟਨ, ਕਥਾ ਅਤੇ ਕੀਰਤਨ ਦਰਬਾਰ, ਸ੍ਰੀ ਗੁਰੂ ਰਵਿਦਾਸ ਜੀ ਦੇ ਯੋਗਦਾਨ ਨੂੰ ਸਮਰਪਤ ਸੰਤ ਸੰਮੇਲਨ, ਮੀਨਾਰ-ਏ-ਬੇਗਮਪੁਰਾ ਵਿਖੇ 3ਡੀ ਪ੍ਰੋਜੈਕਸ਼ਨ, ਡਰੋਨ ਸ਼ੋਅ, ਗੁਰੂ ਰਵਿਦਾਸ ਜੀ ਦੀ ਬਾਣੀ ‘ਤੇ ਕਾਨਫਰੰਸ ਅਤੇ ਹੋਰ ਪ੍ਰੋਗਰਾਮ ਸ਼ਾਮਲ ਹੋਣਗੇ।ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਤਰੁਨਪ੍ਰੀਤ ਸਿੰਘ ਸੌਂਦ, ਲਾਲ ਚੰਦ ਕਟਾਰੂ ਚੱਕ ਅਤੇ ਡਾ. ਰਵਜੋਤ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਸਲਾਹਕਾਰ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੀਪਕ ਬਾਲੀ ਅਤੇ ਹੋਰ ਵੀ ਮੌਜੂਦ ਸਨ।





