ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਦੇਸ਼ ਭਰ ਵਿੱਚ ‘ਸਿੱਖਿਆ ਦਾ ਅਧਿਕਾਰ ਐਕਟ’ ਨੂੰ ਸਹੀ ਤਰੀਕੇ ਨਾਲ ਲਾਗੂ ਕਰਨ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ, ਸਮੂਹ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨੋਟਿਸ ਜਾਰੀ ਕੀਤਾ ਹੈ। ਮੁੱਖ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੋਇਮਾਲਿਆ ਬਾਗਚੀ ਦੀ ਬੈਂਚ ਨੇ ਕਿਹਾ ਕਿ ਅਦਾਲਤ ਇਸ ਗੰਭੀਰ ਮੁੱਦੇ ਦੀ ਬਾਰੀਕੀ ਨਾਲ ਜਾਂਚ ਕਰਨਾ ਚਾਹੁੰਦੀ ਹੈ। ਇਹ ਪਟੀਸ਼ਨ ਹਰਿਪ੍ਰਿਆ ਪਟੇਲ ਵੱਲੋਂ ਦਾਇਰ ਕੀਤੀ ਗਈ ਹੈ, ਜਿਸ ਵਿੱਚ 6 ਤੋਂ 14 ਸਾਲ ਦੇ ਬੱਚਿਆਂ ਲਈ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦੇ ਅਧਿਕਾਰ ਨੂੰ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਬਣਾਉਣ ਦੀ ਗੁਹਾਰ ਲਗਾਈ ਗਈ ਹੈ। ਪਟੀਸ਼ਨਕਰਤਾ ਦੇ ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਨਵੀਂ ਸਿੱਖਿਆ ਨੀਤੀ ਤਹਿਤ ਪ੍ਰੀ-ਪ੍ਰਾਇਮਰੀ ਸਿੱਖਿਆ ਨੂੰ ਲਾਜ਼ਮੀ ਬਣਾਉਣਾ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ 25 ਫੀਸਦ ਸੀਟਾਂ ਰਾਖਵੀਆਂ ਰੱਖਣ ਦੇ ਨਿਯਮ ਨੂੰ ਸਖ਼ਤੀ ਨਾਲ ਲਾਗੂ ਕਰਨਾ ਬੇਹੱਦ ਜ਼ਰੂਰੀ ਹੈ। ਨਵੀਂ ਸਿੱਖਿਆ ਨੀਤੀ 10+2 ਦੇ ਪੁਰਾਣੇ ਢਾਂਚੇ ਨੂੰ ਬਦਲ ਕੇ 5+3+3+4 ਮਾਡਲ ਪੇਸ਼ ਕਰਦੀ ਹੈ, ਜਿਸ ਵਿੱਚ ਕਿੱਤਾਮੁਖੀ ਸਿਖਲਾਈ ਅਤੇ ਤਕਨੀਕੀ ਗਿਆਨ ‘ਤੇ ਜ਼ੋਰ ਦਿੱਤਾ ਗਿਆ ਹੈ।



