ਮੈਣੀ ਮਾਜਰੀ ਦੇ 11 ਸ਼ਰਧਾਲੂਆਂ ਦੀ ਮੌਤ

0
10

ਮੋਰਿੰਡਾ (ਨਿਹਾਲ ਸਿੰਘ ਕਲਸੀ)
ਵਿਸਾਖੀ ‘ਤੇ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਮੰਗਲਵਾਰ ਰਾਤ ਵਾਪਸ ਆਉਂਦਿਆਂ ਸ਼ਰਧਾਲੂਆਂ ਦੀ ਬੱਸ ਪਲਟ ਜਾਣ ਕਾਰਨ 11 ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਵੇਲੇ ਛੇ ਵਿਅਕਤੀਆਂ ਦੀ ਮੌਤ ਹੋਈ ਸੀ ਅਤੇ 15 ਜ਼ਖਮੀ ਹੋ ਗਏ ਸਨ, ਪਰ ਬੁੱਧਵਾਰ ਸਵੇਰ 5 ਹੋਰ ਵਿਅਕਤੀਆਂ ਨੇ ਦਮ ਤੋੜ ਦਿੱਤਾ। ਇਹ ਘਟਨਾ ਰਾਤ ਕਰੀਬ 10 ਵਜੇ ਮੋਰਿੰਡਾ-ਚੁੰਨੀ ਰੋਡ ਇਲਾਕੇ ਵਿੱਚ ਭਟੇੜੀ ਨੇੜੇ ਵਾਪਰੀ। ਸਾਰੇ ਸ਼ਰਧਾਲੂ ਫਤਿਹਗੜ੍ਹ ਸਾਹਿਬ ਦੇ ਮੈਣ ਮਾਜਰੀ ਦੇ ਰਹਿਣ ਵਾਲੇ ਸਨ। ਮੁੱਢਲੀ ਜਾਣਕਾਰੀ ਅਨੁਸਾਰ ਕੁੱਝ ਤਕਨੀਕੀ ਖਰਾਬੀ ਤੋਂ ਬਾਅਦ ਡਰਾਈਵਰ ਕੰਟਰੋਲ ਗੁਆ ਬੈਠਾ, ਜਿਸ ਕਾਰਨ ਬੱਸ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਦੌਰਾਨ ਬੱਸ ਵਿੱਚ 40 ਦੇ ਕਰੀਬ ਸ਼ਰਧਾਲੂ ਸਫਰ ਕਰ ਰਹੇ ਸਨ। ਜ਼ਖਮੀਆਂ ਨੂੰ ਸ਼ੁਰੂ ਵਿੱਚ ਮੋਰਿੰਡਾ ਅਤੇ ਫਤਿਹਗੜ੍ਹ ਸਾਹਿਬ ਦੇ ਹਸਪਤਾਲਾਂ ਵਿੱਚ ਭੇਜਿਆ ਗਿਆ, ਜਦੋਂ ਕਿ ਗੰਭੀਰ ਜ਼ਖਮੀਆਂ ਨੂੰ ਇਲਾਜ ਲਈ ਚੰਡੀਗੜ੍ਹ ਪੀ ਜੀ ਆਈ ਰੈਫਰ ਕਰ ਦਿੱਤਾ ਗਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੌਤਾਂ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਰਮਾਤਮਾ ਵਿੱਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਿੱਛੇ ਪਰਵਾਰਾਂ ਨੂੰ ਭਾਣਾ ਮੰਨਣ ਦਾ ਬਲ ਦੇਵੇ। ਮੁੱਖ ਮੰਤਰੀ ਨੇ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਹੈ ਕਿ ਜ਼ਖਮੀਆਂ ਦੇ ਇਲਾਜ ਵਿੱਚ ਕੋਈ ਕਮੀ ਨਾ ਆਉਣ ਦਿੱਤੀ ਜਾਵੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਮੁਸ਼ਕਲ ਦੇ ਸਮੇਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲੇ ਸਥਾਨਕ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾ ਪੀੜਤ ਪਰਵਾਰਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਨਾਲ ਖੜ੍ਹੀ ਹੈ।