ਮਾਨ ਵੱਲੋਂ ਬਟਾਲਾ ਲਈ 177 ਕਰੋੜ ਦੇ ਪ੍ਰੋਜੈਕਟਾਂ ਦਾ ਐਲਾਨ

0
5

ਬਟਾਲਾ (ਤਰਲੋਕ ਬੱਗਾ/
ਡਾਕਟਰ ਮਲਵਿੰਦਰ ਸਿੰਘ)
ਇਤਿਹਾਸਕ ਸ਼ਹਿਰ ਬਟਾਲਾ ਦੀ ਕਾਇਆਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ 177 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ। ਨਗਰ ਨਿਗਮ ਵੱਲੋਂ 95.72 ਕਰੋੜ ਰੁਪਏ ਦਾ ਵਿਕਾਸ ਕਾਰਜ ਕੀਤੇ ਜਾਣਗੇ, ਮੰਡੀ ਬੋਰਡ ਵੱਲੋਂ 16.05 ਕਰੋੜ ਰੁਪਏ ਦੇ ਵਿਕਾਸ ਕੰਮ ਕੀਤੇ ਜਾਣਗੇ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ ਸੜਕਾਂ ਦੇ ਨਿਰਮਾਣ ‘ਤੇ 65.09 ਕਰੋੜ ਰੁਪਏ ਖਰਚੇ ਜਾਣਗੇ। ਇਸ ਤੋਂ ਇਲਾਵਾ ਸੜਕਾਂ ਦੇ ਨਵੀਨੀਕਰਨ ‘ਤੇ ਮੰਡੀ ਬੋਰਡ 42.56 ਕਰੋੜ ਰੁਪਏ, ਜਦਕਿ ਲੋਕ ਨਿਰਮਾਣ ਵਿਭਾਗ 34.97 ਕਰੋੜ ਰੁਪਏ ਖਰਚੇਗਾ। ਬਟਾਲਾ ਹਲਕੇ ਵਿੱਚ ਚਾਰ ਨਵੇਂ ਪੁਲ ਬਣਨਗੇ ਅਤੇ ਨਵੀਂ ਪੁਲਸ ਲਾਈਨ ਲਈ 14.81 ਕਰੋੜ ਜਾਰੀ ਕੀਤੇ ਗਏ ਹਨ।
ਕਈ ਪ੍ਰਮੁੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦੇ ਹੋਏ ਮਾਨ ਨੇ ਕਿਹਾ, ‘ਅਕਾਲੀਆਂ ਨੇ ਜਾਣਬੁੱਝ ਕੇ ਬੇਅਦਬੀ ਵਿਰੁੱਧ ਕਮਜ਼ੋਰ ਕਾਨੂੰਨ ਬਣਾਇਆ ਸੀ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਨਾ ਮਿਲੇ।’ ਉਨ੍ਹਾ ਕਿਹਾ ਕਿ ਇਹ ਆਗੂ ਇਹ ਵੀ ਡਰਦੇ ਸਨ ਕਿ ਉਨ੍ਹਾਂ ਨੂੰ ਵੀ ਉਨ੍ਹਾਂ ਦੇ ਅਪਰਾਧ ਦੀ ਸਜ਼ਾ ਮਿਲੇਗੀ, ਜਿਸ ਕਾਰਨ ਇਨ੍ਹਾਂ ਕਾਨੂੰਨ ਹੀ ਕਮਜ਼ੋਰ ਬਣਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਪਾਸ ਕੀਤਾ ਹੈ, ਜਿਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾ ਕਿਹਾ—ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਘਿਨਾਉਣਾ ਗੁਨਾਹ ਸੂਬੇ ਵਿੱਚ ਸਖ਼ਤ ਘਾਲਣਾ ਘਾਲ ਕੇ ਕਾਇਮ ਕੀਤੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਸੀ।
ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ‘ਤੇ ਚੁਟਕੀ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “”ਅਕਾਲੀ ਦਲ ਦੀ ਇਸ ਯਾਤਰਾ ਦਾ ਅਸਲ ਨਾਂਅ ‘ਪਰਵਾਰ ਬਚਾਓ ਯਾਤਰਾ’ ਹੈ, ਕਿਉਂਕਿ ਇਹ ਸਾਰਾ ਯਤਨ ਉਨ੍ਹਾਂ ਦੇ ਪਰਿਵਾਰਕ ਹਿੱਤਾਂ ਦੀ ਰਾਖੀ ਲਈ ਹੈ।”ਉਨ੍ਹਾ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ, ਪੰਜਾਬੀਆਂ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ ਅਤੇ ਵੱਖ-ਵੱਖ ਮਾਫੀਏ ਨੂੰ ਸਰਪ੍ਰਸਤੀ ਦਿੱਤੀ।”
ਸੀਨੀਅਰ ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਕਿਹਾ, ‘ਇਹ ਬੇਹੱਦ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਭਗਵੰਤ ਸਿੰਘ ਮਾਨ ਸੂਬੇ ਦੇ ਸਭ ਤੋਂ ਚਹੇਤੇ ਮੁੱਖ ਮੰਤਰੀ ਸਾਬਤ ਹੋਏ ਹਨ।
ਮਾਨ ਦੇਸ਼ ਦੇ ਇਕਲੌਤੇ ਮੁੱਖ ਮੰਤਰੀ ਹਨ, ਜੋ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੇ ਹਨ, ਜਦੋਂ ਕਿ ਬਾਕੀ ਸਾਰੇ ਸੂਬਿਆਂ ਵਿੱਚ ਅਜਿਹੇ ਮੁੱਖ ਮੰਤਰੀ ਹਨ, ਜੋ ਲਾਲਚ ਜਾਂ ਆਪਣੀ ਪਾਰਟੀ ਦੇ ਹਿੱਤਾਂ ਦੀ ਪੂਰਤੀ ਲਈ ਕੰਮ ਕਰ ਰਹੇ ਹਨ।’ ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।