ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਬਿਜਲੀ ਮੰਤਰੀ ਦੀਆਂ ਅਰਥੀਆਂ ਫੂਕੀਆਂ

0
8

ਪਟਿਆਲਾ : ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਸਾਂਝੇ ਥੜ੍ਹੇ ਦੇ ਅਧਾਰਿਤ ਪੀ ਐੱਸ ਈ ਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ (ਰਜਿ. 24), ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ (ਏਟਕ), ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ (ਪਹਿਲਵਾਨ) ਦੇ ਸੱਦੇ ‘ਤੇ 16 ਅਪ੍ਰੈਲ ਨੂੰ ਜਥੇਬੰਦੀਆਂ ਨਾਲ ਬਿਜਲੀ ਮੰਤਰੀ ਦੀ ਹੋਈ ਮੀਟਿੰਗ ਦੌਰਾਨ ਬਿਜਲੀ ਮੰਤਰੀ ਵੱਲੋਂ ਕੀਤੇ ਹੈਂਕੜ ਭਰੇ ਵਤੀਰੇ ਖਿਲਾਫ ਸ਼ੁੱਕਰਵਾਰ ਸਮੁੱਚੇ ਪੰਜਾਬ ਅੰਦਰ ਬਿਜਲੀ ਮੁਲਾਜ਼ਮ ਅਤੇ ਪੈਨਸ਼ਨਰਾਂ ਵੱਲੋਂ ਮੰਡਲ/ਉਪ ਮੰਡਲ ਦਫ਼ਤਰਾਂ ਅੱਗੇ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ ।ਵੱਖ-ਵੱਖ ਥਾਵਾਂ ‘ਤੇ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਆਗੂਆਂ ਕੁਲਵਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਗੰਡੀਵਿੰਡ, ਹਰਪਾਲ ਸਿੰਘ, ਗੁਰਵੇਲ ਸਿੰਘ ਬੱਲਪੁਰੀਆ, ਗੁਰਭੇਜ ਸਿੰਘ ਢਿੱਲੋਂ, ਬਲਜੀਤ ਸਿੰਘ ਮੋਦਲਾ, ਦੇਵਿੰਦਰ ਸਿੰਘ ਪਿਸ਼ੌਰ, ਰਵੇਲ ਸਿੰਘ ਸਹਾਏਪੁਰ, ਇੰਜ. ਰਣਜੀਤ ਸਿੰਘ ਢਿੱਲੋਂ, ਜਸਵੀਰ ਸਿੰਘ ਆਂਡਲੂ, ਕੌਰ ਸਿੰਘ ਸੋਹੀ, ਪਵਨਪ੍ਰੀਤ ਸਿੰਘ, ਦਲੀਪ ਕੁਮਾਰ, ਰਾਧੇ ਸ਼ਿਆਮ, ਬਾਬਾ ਅਮਰਜੀਤ ਸਿੰਘ, ਗੁਰਪਿਆਰ ਸਿੰਘ ਆਦਿ ਨੇ ਦੱਸਿਆ ਕਿ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦੇ ਰਾਹ ‘ਤੇ ਹਨ। ਆਗੂਆਂ ਨੇ ਕਿਹਾ ਕਿ 16 ਅਪ੍ਰੈਲ ਨੂੰ ਜੱਥੇਬੰਦੀਆਂ ਅਤੇ ਬਿਜਲੀ ਮੰਤਰੀ ਵਿਚਾਲੇ ਹੋਈ ਮੀਟਿੰਗ ਦੌਰਾਨ ਬਿਜਲੀ ਮੰਤਰੀ ਦਾ ਰਵੱਈਆ ਬੇਹੱਦ ਨਿੰਦਣਯੋਗ ਰਿਹਾ। ਮੀਟਿੰਗ ਦੌਰਾਨ ਬਿਜਲੀ ਮੰਤਰੀ ਵੱਲੋਂ ਮੁਲਾਜ਼ਮਾਂ ਦੇ ਹੱਕੀ ਅਤੇ ਜਾਇਜ਼ ਮੰਗਾਂ/ਮਸਲਿਆਂ ਦੇ ਹੱਲ ਕਰਨੇ ਤਾਂ ਦੂਰ, ਉਨ੍ਹਾਂ ਨੂੰ ਸੁਣਨਾ ਵੀ ਵਾਜਿਬ ਨਹੀਂ ਸਮਝਿਆ ਗਿਆ ਅਤੇ ਪਿਛਲੀ ਮੀਟਿੰਗ ਦੌਰਾਨ ਬਣੀਆਂ ਸਹਿਮਤੀਆਂ ਤੋਂ ਵੀ ਬਿਜਲੀ ਮੰਤਰੀ ਅਤੇ ਮੈਨੇਜਮੈਂਟ ਪਿੱਛੇ ਹਟਦੀ ਨਜ਼ਰ ਆਈ, ਜਿਸ ਕਾਰਨ ਮੀਟਿੰਗ ਬੇਸਿੱਟਾ ਰਹੀ। ਰੋਹ ਵਿਚ ਆਏ ਆਗੂਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਿਜਲੀ ਮੰਤਰੀ ਦੇ ਇਸ ਮੁਲਾਜ਼ਮ ਵਿਰੋਧੀ ਰਵੱਈਏ ਅਤੇ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਅਤੇ ਮਸਲਿਆਂ ਦੇ ਮੱਦੇਨਜ਼ਰ ਜੱਥੇਬੰਦੀਆਂ ਵੱਲੋਂ ਅੱਜ ਦਿੱਤਾ ਵਰਕ-ਟੂ-ਰੂਲ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ, ਮਈ ਮਹੀਨੇ ਵਿੱਚ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਇੱਕ ਲਾ-ਮਿਸਾਲ ਸੂਬਾ ਪੱਧਰੀ ਰੋਸ ਧਰਨਾ ਲਗਾਇਆ ਜਾਵੇਗਾ, ਜੂਨ ਮਹੀਨੇ ਦੇ ਦੂਸਰੇ ਹਫਤੇ ਬਿਜਲੀ ਕਰਮਚਾਰੀਆਂ ਵੱਲੋਂ ਦੋ ਰੋਜ਼ਾ ਮੁਕੰਮਲ ਹੜਤਾਲ ਕੀਤੀ ਜਾਵੇਗੀ।ਆਗੂਆਂ ਵੱਲੋਂ ਇਹ ਵੀ ਕਿਹਾ ਗਿਆ ਕਿ ਪੰਜਾਬ ਦਾ ਬਿਜਲੀ ਅਦਾਰਾ ਇੱਕ ਮਹੱਤਵਪੂਰਨ ਅਦਾਰਾ ਹੈ, ਜਿਸ ਵਿੱਚ ਹਜ਼ਾਰਾਂ ਅਸਾਮੀਆਂ ਖ਼ਾਲੀ ਹੋਣ ਦੇ ਬਾਵਜੂਦ ਪੰਜਾਬ ਦੇ ਲੋਕਾਂ ਨੂੰ ਨਿਰਵਿਘਨ ਸਪਲਾਈ ਮੁਹੱਈਆ ਕਰਵਾਈ ਜਾ ਰਹੀ ਹੈ, ਪਰੰਤੂ ਬਿਜਲੀ ਮੰਤਰੀ ਅਤੇ ਪਾਵਰ ਮੈਨੇਜਮੈਂਟ ਹੋਈਆਂ ਸਹਿਮਤੀਆਂ ਲਾਗੂ ਕਰਨ ਦੀ ਥਾਂ ਟਕਰਾਅ ਦੀ ਨੀਤੀ ਅਪਣਾ ਰਹੇ ਹਨ, ਜਿਸ ਨਾਲ ਇਸ ਸੰਵੇਦਨਸ਼ੀਲ ਅਦਾਰੇ ਦਾ ਸਨਅਤੀ ਮਾਹੌਲ ਖਰਾਬ ਹੋ ਰਿਹਾ ਹੈ, ਜਿਸ ਦਾ ਸਿੱਧਾ ਅਸਰ ਆਮ ਲੋਕਾਂ ‘ਤੇ ਪੈਣਾ ਹੈ, ਇਸ ਲਈ ਆਗੂਆਂ ਨੇ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ, ਨਹੀਂ ਤਾਂ ਜੱਥੇਬੰਦੀਆਂ ਚੱਲਦੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੀਆਂ, ਜਿਸ ਦੀ ਜ਼ਿੰਮੇਵਾਰੀ ਬਿਜਲੀ ਮੰਤਰੀ ਅਤੇ ਮੈਨੇਜਮੈਂਟ ਦੀ ਹੋਵੇਗੀ ।