ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ ਹਨ।
ਉਨ੍ਹਾ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਜਿਸ ਤਰ੍ਹਾਂ ਦੀ ਸਫਲਤਾ ਮਿਲ ਰਹੀ ਹੈ, ਉਸ ਤੋਂ ਇਹ ਸਾਬਤ ਹੋ ਗਿਆ ਹੈ ਕਿ ਪੰਜਾਬ ਬਹੁਤ ਜਲਦ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਣ ਵੱਲ ਵਧ ਰਿਹਾ ਹੈ। ਸਰਕਾਰ ਅਤੇ ਜਨਤਾ ਵਿਚਕਾਰ ਇਸੇ ਤਾਲਮੇਲ ਨੇ ਨਸ਼ਾ ਤਸਕਰਾਂ ਦੀ ਕਮਰ ਤੋੜ ਦਿੱਤੀ ਹੈ।
ਨਸ਼ਿਆਂ ਵਿਰੁੱਧ ਜਾਰੀ ਇਸ ਜੰਗ ਦੇ ਹੁਣ ਤੱਕ ਦੇ ਅੰਕੜੇ ਸਾਂਝੇ ਕਰਦਿਆਂ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਪੁਲਸ ਨੇ ਹੁਣ ਤੱਕ ਮੁਸਤੈਦੀ ਦਿਖਾਉਂਦੇ ਹੋਏ ਕੁੱਲ 41,850 ਐਫ ਆਈ ਆਰ ਦਰਜ ਕੀਤੀਆਂ ਹਨ। ਇਨ੍ਹਾਂ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਕਰੀਬ 60,000 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਦੀਆਂ ਸੀਖਾਂ ਪਿੱਛੇ ਭੇਜਿਆ ਗਿਆ ਹੈ। ਹੁਣ ਤੱਕ ਪੁਲਸ ਨੇ 2569 ਕਿੱਲੋ ਹੈਰੋਇਨ, 0.37 ਕਿੱਲੋ ਸਮੈਕ, 748 ਕਿੱਲੋ ਅਫੀਮ, 35,058 ਕਿੱਲੋ ਭੁੱਕੀ, 898 ਕਿੱਲੋ ਗਾਂਜਾ ਅਤੇ 4599 ਕਿੱਲੋ ਕੋਕੀਨ ਬਰਾਮਦ ਕਰਕੇ ਨਸ਼ਿਆਂ ਦੇ ਵੱਡੇ ਨੈੱਟਵਰਕ ਨੂੰ ਤਬਾਹ ਕੀਤਾ ਹੈ। ਉਹਨਾ ਵਿਸ਼ੇਸ਼ ਤੌਰ ‘ਤੇ ਜ਼ਮੀਨੀ ਪੱਧਰ ‘ਤੇ ਜਨਤਾ ਦੀ ਸ਼ਮੂਲੀਅਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਬਣਾਈਆਂ ਗਈਆਂ ਵਿਲੇਜ ਡਿਫੈਂਸ ਕਮੇਟੀਆਂ (ਵੀ ਡੀ ਸੀ) ਨੂੰ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ।
ਉਨ੍ਹਾ ਦੱਸਿਆ ਕਿ ਇਸ ਮੁਹਿੰਮ ਲਈ ਬਣਾਈ ਗਈ ਵਿਸ਼ੇਸ਼ ਮੋਬਾਇਲ ਐਪ ‘ਤੇ ਸਭ ਤੋਂ ਵੱਧ ਸੂਚਨਾਵਾਂ ਪੁਲਸ ਤੱਕ ਪਹੁੰਚ ਰਹੀਆਂ ਹਨ, ਜਿਸ ਦੀ ਸਫਲਤਾ ਦਰ (ਸਕਸੈੱਸ ਰੇਟ) 80 ਫੀਸਦੀ ਤੋਂ ਵੀ ਜ਼ਿਆਦਾ ਹੈ।





