ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਬੇਅਦਬੀ ਦੇ ਮਾਮਲਿਆਂ ਵਿੱਚ ਉਮਰ ਕੈਦ ਵਰਗੀਆਂ ਸਖ਼ਤ ਸਜ਼ਾਵਾਂ ਦੇਣ ਲਈ ਲਿਆਂਦੇ ਗਏ ਨਵੇਂ ਕਾਨੂੰਨ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਜਲੰਧਰ ਦੇ ਰਹਿਣ ਵਾਲੇ 43 ਸਾਲਾ ਸਿਮਰਨਜੀਤ ਸਿੰਘ ਵੱਲੋਂ ਦਾਇਰ ਕੀਤੀ ਇਸ ਪਟੀਸ਼ਨ ਵਿੱਚ ਇਸ ਐਕਟ ਨੂੰ ਸੰਵਿਧਾਨਕ ਤੌਰ ‘ਤੇ ਗਲਤ ਦੱਸਦਿਆਂ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਹਾਲਾਂਕਿ ਅਦਾਲਤ ਨੇ ਅਜੇ ਇਸ ਮਾਮਲੇ ਦੀ ਸੁਣਵਾਈ ਕਰਨੀ ਹੈ। ਪਟੀਸ਼ਨਕਰਤਾ ਨੇ ਦਲੀਲ ਦਿੱਤੀ ਹੈ ਕਿ ਇਸ ਐਕਟ ਰਾਹੀਂ ਅਜਿਹੀਆਂ ਅਪਰਾਧਕ ਸਜ਼ਾਵਾਂ ਤੈਅ ਕੀਤੀਆਂ ਗਈਆਂ ਹਨ, ਜੋ ‘ਸਮਵਰਤੀ ਸੂਚੀ’ ਦੇ ਅਧੀਨ ਆਉਂਦੀਆਂ ਹਨ। ਸੰਵਿਧਾਨ ਦੀ ਧਾਰਾ 254(2) ਅਨੁਸਾਰ, ਜੇਕਰ ਕੋਈ ਸੂਬਾ ਕੇਂਦਰੀ ਕਾਨੂੰਨ (ਭਾਰਤੀ ਨਿਆਂ ਸੰਹਿਤਾ) ਨਾਲ ਮੇਲ ਨਹੀਂ ਖਾਂਦਾ, ਤਾਂ ਉਸ ਲਈ ਰਾਸ਼ਟਰਪਤੀ ਦੀ ਸਹਿਮਤੀ ਲਾਜ਼ਮੀ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇਸ ਐਕਟ ਨੂੰ ਸਿਰਫ਼ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਹੀ ਨੋਟੀਫਾਈ ਕਰ ਦਿੱਤਾ ਗਿਆ ਹੈ, ਜੋ ਕਿ ਕਾਨੂੰਨੀ ਤੌਰ ‘ਤੇ ਨੁਕਸਦਾਰ ਹੈ। ਪਟੀਸ਼ਨ ਵਿੱਚ ਬਰਾਬਰੀ ਦੇ ਅਧਿਕਾਰ (ਧਾਰਾ 14) ਦਾ ਹਵਾਲਾ ਦਿੰਦਿਆਂ ਕਿਹਾ ਗਿਆ ਹੈ ਕਿ ਇਹ ਕਾਨੂੰਨ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਲਈ ਸਖ਼ਤ ਸਜ਼ਾ ਦਾ ਪ੍ਰਬੰਧ ਕਰਦਾ ਹੈ ਅਤੇ ਹੋਰ ਧਰਮਾਂ ਦੇ ਪਵਿੱਤਰ ਗ੍ਰੰਥਾਂ ਨੂੰ ਇਸ ਤੋਂ ਬਾਹਰ ਰੱਖਦਾ ਹੈ। ਪਟੀਸ਼ਨਕਰਤਾ ਅਨੁਸਾਰ ਇਹ ‘ਧਰਮ ਨਿਰਪੱਖਤਾ’ ਦੇ ਸਿਧਾਂਤ ਦੇ ਖ਼ਿਲਾਫ਼ ਹੈ ਅਤੇ ਕਾਨੂੰਨ ਦੀ ਨਜ਼ਰ ਵਿੱਚ ਸਾਰਿਆਂ ਨੂੰ ਬਰਾਬਰ ਸਮਝਣ ਦੇ ਟੈਸਟ ਵਿੱਚ ਫੇਲ੍ਹ ਸਾਬਤ ਹੁੰਦਾ ਹੈ। ਐਕਟ ਦੀ ਧਾਰਾ 5(3) ਤਹਿਤ ਬੇਅਦਬੀ ਦੀ ਸਾਜ਼ਿਸ਼ ਰਚਣ ਵਾਲਿਆਂ ਨੂੰ ਵੀ ਉਮਰ ਕੈਦ ਦੀ ਸਜ਼ਾ ਦਾ ਪ੍ਰਬੰਧ ਹੈ। ਪਟੀਸ਼ਨਕਰਤਾ ਨੇ ਇਸ ਨੂੰ ‘ਮਨਮਾਨੀ’ ਕਰਾਰ ਦਿੰਦਿਆਂ ਕਿਹਾ ਕਿ ਇਸ ਗੁਨਾਹ ਨੂੰ ਕਤਲ ਦੇ ਬਰਾਬਰ ਦੀ ਸਜ਼ਾ ਦੇਣਾ ਜਾਇਜ਼ ਨਹੀਂ ਹੈ। ਇਸ ਤੋਂ ਇਲਾਵਾ, ਬੇਅਦਬੀ ਦੀ ਪਰਿਭਾਸ਼ਾ ਵਿੱਚ ‘ਸ਼ਬਦਾਂ, ਸੰਕੇਤਾਂ ਜਾਂ ਇਲੈਕਟਰਾਨਿਕ ਸਾਧਨਾਂ’ ਨੂੰ ਸ਼ਾਮਲ ਕਰਨ ‘ਤੇ ਵੀ ਇਤਰਾਜ਼ ਜਤਾਇਆ ਗਿਆ ਹੈ।




