ਚੰਡੀਗੜ੍ਹ, (ਗੁਰਜੀਤ ਬਿੱਲਾ/ ਸੁਰਜੀਤ ਸੁਮਨ/ ਕ੍ਰਿਸ਼ਨ ਗਰਗ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ ਬਾਸਮਤੀ ਲਈ ਆਹਲਾ ਦਰਜੇ ਦਾ ਕੇਂਦਰ (ਸੈਂਟਰ ਆਫ ਐਕਸੀਲੈਂਸ) ਬਣੇਗਾ, ਜਿਸ ਨਾਲ ਸੂਬੇ ਵਿੱਚ ਫਸਲੀ ਵੰਨ-ਸੁਵੰਨਤਾ ਨੂੰ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਸਹਾਈ ਹੋਵੇਗਾ। ਨੀਦਰਲੈਂਡ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਖੇਤੀਬਾੜੀ ਤੇ ਉਦਯੋਗ ਵਿੱਚ ਸਭ ਤੋਂ ਵਧੀਆ ਅਭਿਆਸਾਂ ਦੀ ਪੜਚੋਲ ਕੀਤੀ, ਜਿਨ੍ਹਾਂ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਈ । ਮੁੱਖ ਮੰਤਰੀ ਨੇ ਰੋਟਰਡੈਮ ਵਿੱਚ ਐਲਟੀ ਫੂਡਜ਼ ਦੀ ਸਹੂਲਤ ਦਾ ਦੌਰਾ ਕੀਤਾ, ਜਿੱਥੇ ਕੰਪਨੀ ਨੇ 80 ਤੋਂ ਵੱਧ ਦੇਸ਼ਾਂ ਵਿੱਚ ਆਪਣੀ ਮੌਜੂਦਗੀ ਅਤੇ ਇੱਕ ਲੱਖ ਤੋਂ ਵੱਧ ਕਿਸਾਨਾਂ ਨਾਲ ਮਜ਼ਬੂਤ ਸਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾ ਟਿਕਾਊ ਖੇਤੀ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ, ਜਿਸ ਵਿੱਚ ਅੰਤਰਰਾਸ਼ਟਰੀ ਮਾਪਦੰਡਾਂ ‘ਤੇ ਖਰਾ ਉਤਰਨ ਲਈ ਕੀਟਨਾਸ਼ਕਾਂ ਦੀ ਵਰਤੋਂ ਘਟਾਉਣਾ ਅਤੇ ਕੌਮਾਂਤਰੀ ਬਾਜ਼ਾਰ ਵਿੱਚ ਬਾਸਮਤੀ ਚੌਲਾਂ ਨੂੰ ਉਤਸ਼ਾਹਤ ਕਰਨਾ ਸ਼ਾਮਲ ਹੈ। ਮਾਨ ਦੇ ਯਤਨਾਂ ਸਦਕਾ ਐਲਟੀ ਫੂਡਜ਼ ਨੇ ਪੰਜਾਬ ਵਿੱਚ ਬਾਸਮਤੀ ਚੌਲਾਂ ਲਈ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਲਈ ਹਾਮੀ ਭਰੀ ਅਤੇ ਯਕੀਨਨ ਖਰੀਦ ਤੇ ਕੀਟਨਾਸ਼ਕਾਂ ਦੀ ਘੱਟ ਵਰਤੋਂ ਨਾਲ ਕਾਸ਼ਤ ਦਾ ਭਰੋਸਾ ਦਿੱਤਾ।
ਮੁੱਖ ਮੰਤਰੀ ਨੇ ਖੋਜ ਤੇ ਟਿਕਾਊ ਖੇਤੀਬਾੜੀ ਅਭਿਆਸਾਂ ਲਈ ਡੱਚ ਬਹੁ-ਕੌਮੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ ਏ ਯੂ) ਦਰਮਿਆਨ ਸਹਿਯੋਗ ਨੂੰ ਮਜ਼ਬੂਤ ਕਰਨ ਦੀ ਵਕਾਲਤ ਕੀਤੀ। ਉਨ੍ਹਾ ਆਲਸਮੀਰ ਵਿਖੇ ਫਲੌਰੀਕਲਚਰ ਆਕਸ਼ਨ ਮਾਰਕੀਟ ਦਾ ਵੀ ਦੌਰਾ ਕੀਤਾ, ਜੋ ਕਿ ਦੁਨੀਆ ਦਾ ਸਭ ਤੋਂ ਵੱਡਾ ਫੁੱਲ ਅਤੇ ਪੌਦਾ ਬਾਜ਼ਾਰ ਹੈ, ਜਿੱਥੇ ਉਨ੍ਹਾਂ ਜਾਣਿਆ ਕਿ ਡੱਚ ਨਿਲਾਮੀ ਪ੍ਰਣਾਲੀ ਉਤਪਾਦਨ, ਲੌਜਿਸਟਿਕਸ ਅਤੇ ਵਿਸ਼ਵਵਿਆਪੀ ਵੰਡ ਦੀ ਉਚ ਏਕੀਕ੍ਰਿਤ ਪ੍ਰਣਾਲੀ ਦਾ ਹੈ। ਮਾਨ ਨੇ ਖੇਤੀਬਾੜੀ-ਮੁੱਲ ਲੜੀ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਇਸੇ ਤਰ੍ਹਾਂ ਦੇ ਮਾਡਲ ਅਪਨਾਉਣ ਦੇ ਪੰਜਾਬ ਦੇ ਇਰਾਦੇ ਦਾ ਜ਼ਿਕਰ ਕੀਤਾ, ਜਿਸ ਨਾਲ ਸੂਬੇ ਦੇ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ।ਮੁੱਖ ਮੰਤਰੀ ਨੇ ਖੇਤੀਬਾੜੀ ਡਾਇਰੈਕਟਰ-ਜਨਰਲ ਸਮੇਤ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿੱਚ ਨੀਦਰਲੈਂਡ ਸਰਕਾਰ ਦੇ ਖੇਤੀਬਾੜੀ, ਮੱਛੀ ਪਾਲਣ, ਖੁਰਾਕ ਸੁਰੱਖਿਆ ਅਤੇ ਕੁਦਰਤ ਬਾਰੇ ਮੰਤਰਾਲੇ ਨਾਲ ਵਿਸਤ੍ਰਿਤ ਮੀਟਿੰਗ ਵੀ ਕੀਤੀ। ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਨੀਦਰਲੈਂਡ ਦੀਆਂ ਉਨਤ ਖੇਤੀਬਾੜੀ ਪ੍ਰਣਾਲੀਆਂ ਨੂੰ ਅਪਣਾਉਣ ਲਈ ਉਤਸੁਕ ਹੈ, ਜਿਸ ਵਿੱਚ ਆਟੋਮੇਸ਼ਨ, ਏ ਆਈ, ਡਰੋਨ ਅਤੇ ਅੰਕੜਾ-ਅਧਾਰਤ ਫਸਲ ਪ੍ਰਬੰਧਨ ਦੀ ਵਰਤੋਂ ਦੇ ਨਾਲ-ਨਾਲ ਗ੍ਰੀਨਹਾਊਸ ਖੇਤੀ ਵਿੱਚ ਨਵੀਨਤਾਵਾਂ ਸ਼ਾਮਲ ਹਨ।ਉਨ੍ਹਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ ਏ ਯੂ) ਅਤੇ ਵੈਗਨਿੰਗਨ ਯੂਨੀਵਰਸਿਟੀ ਐਂਡ ਰਿਸਰਚ (ਡਬਲਯੂ ਯੂ ਆਰ) ਵਰਗੀਆਂ ਪ੍ਰਮੁੱਖ ਡੱਚ ਸੰਸਥਾਵਾਂ ਦਰਮਿਆਨ ਖਾਸ ਕਰਕੇ ਲਾਗੂ ਖੋਜ, ਨਵੀਨਤਾ ਅਤੇ ਗਿਆਨ ਦੇ ਆਦਾਨ-ਪ੍ਰਦਾਨ ਵਿੱਚ ਸੰਭਾਵੀ ਸਾਂਝੇਦਾਰੀ ਦਾ ਪ੍ਰਸਤਾਵ ਰੱਖਿਆ। ਵੀ ਐੱਨ ਓ-ਐੱਨ ਸੀ ਡਬਲਯੂ (ਕਨਫੈਡਰੇਸ਼ਨ ਆਫ ਨੀਦਰਲੈਂਡਜ਼ ਇੰਡਸਟਰੀ ਐਂਡ ਇੰਪਲਾਇਰਜ਼) ਦੀ ਲੀਡਰਸ਼ਿਪ ਨਾਲ ਮੁਲਾਕਾਤ ਦੌਰਾਨ ਉਨ੍ਹਾ ਡੱਚ ਕੰਪਨੀਆਂ ਅਤੇ ਪੰਜਾਬ ਦਰਮਿਆਨ ਨਿਰੰਤਰ ਸ਼ਮੂਲੀਅਤ ਨੂੰ ਸੁਵਿਧਾਜਨਕ ਬਣਾਉਣ ਲਈ ਢਾਂਚਾਗਤ ਸਾਂਝੇਦਾਰੀ ਕਾਇਮ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।





