ਨਵੀਂ ਦਿੱਲੀ : ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਏ ਭਾਰੀ ਉਛਾਲ ਦੇ ਬਾਵਜੂਦ ਕੇਂਦਰ ਸਰਕਾਰ ਨੇ ਸਾਫ ਕੀਤਾ ਹੈ ਕਿ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਦੀ ਫਿਲਹਾਲ ਕੋਈ ਯੋਜਨਾ ਨਹੀਂ ਹੈ। ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਨੇ ਉਨ੍ਹਾਂ ਖਬਰਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ, ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਤੇਲ ਦੀਆਂ ਕੀਮਤਾਂ ਵਿੱਚ 25 ਤੋਂ 28 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋ ਸਕਦਾ ਹੈ। ਮੰਤਰਾਲੇ ਨੇ ਸਪੱਸ਼ਟ ਕੀਤਾ ਕਿ ਸਰਕਾਰ ਅਜਿਹੀ ਕਿਸੇ ਵੀ ਤਜਵੀਜ਼ ‘ਤੇ ਵਿਚਾਰ ਨਹੀਂ ਕਰ ਰਹੀ। ਸਰਕਾਰੀ ਅਧਿਕਾਰੀਆਂ ਅਨੁਸਾਰ, ਜਨਤਕ ਖੇਤਰ ਦੀਆਂ ਤੇਲ ਕੰਪਨੀਆਂ ਨੂੰ ਮੌਜੂਦਾ ਸਮੇਂ ਪੈਟਰੋਲ ‘ਤੇ ਲਗਪਗ 20 ਰੁਪਏ ਅਤੇ ਡੀਜ਼ਲ ‘ਤੇ 100 ਰੁਪਏ ਪ੍ਰਤੀ ਲੀਟਰ ਦਾ ਘਾਟਾ ਸਹਿਣਾ ਪੈ ਰਿਹਾ ਹੈ। ਇਸ ਦੇ ਬਾਵਜੂਦ, ਪਿਛਲੇ ਕਰੀਬ ਚਾਰ ਸਾਲਾਂ ਤੋਂ ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਸਥਿਰ ਰੱਖੀਆਂ ਗਈਆਂ ਹਨ। ਪੈਟਰੋਲੀਅਮ ਮੰਤਰਾਲੇ ਦੀ ਜਾਇੰਟ ਸਕੱਤਰ ਸੁਜਾਤਾ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੱਛਮੀ ਏਸ਼ੀਆ ਦੇ ਹਾਲਾਤ ਕਾਰਨ ਕੌਮਾਂਤਰੀ ਬਾਜ਼ਾਰ ਵਿੱਚ ਕੱਚਾ ਤੇਲ ਕਾਫੀ ਅਸਥਿਰ ਰਿਹਾ ਹੈ। ਉਨ੍ਹਾ ਦੱਸਿਆ ਕਿ ਪਿਛਲੇ ਸਾਲ ਜੋ ਤੇਲ 70 ਡਾਲਰ ਪ੍ਰਤੀ ਬੈਰਲ ਸੀ, ਉਹ ਇਸ ਮਹੀਨੇ 113 ਡਾਲਰ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਉਨ੍ਹਾ ਕਿਹਾ ਕਿ ਭਾਰੀ ਵਾਧੇ ਦੇ ਬਾਵਜੂਦ ਸਰਕਾਰ ਦੀ ਕੋਸ਼ਿਸ਼ ਆਮ ਲੋਕਾਂ ‘ਤੇ ਬੋਝ ਨਾ ਪਾਉਣ ਦੀ ਰਹੀ ਹੈ। ਜ਼ਿਕਰਯੋਗ ਹੈ ਕਿ ਅਪਰੈਲ 2022 ਤੋਂ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। ਮੰਤਰਾਲੇ ਨੇ ਕੋਟਕ ਇੰਸਟੀਚਿਊਸ਼ਨਲ ਇਕੁਇਟੀਜ਼ ਦੀ ਉਸ ਰਿਪੋਰਟ ਨੂੰ ‘ਗੁੰਮਰਾਹਕੁਨ’ ਅਤੇ ‘ਡਰ ਪੈਦਾ ਕਰਨ ਵਾਲੀ’ ਦੱਸਿਆ, ਜਿਸ ਵਿੱਚ ਚੋਣਾਂ ਤੋਂ ਬਾਅਦ ਕੀਮਤਾਂ ਵਧਣ ਦਾ ਖਦਸ਼ਾ ਜ਼ਾਹਰ ਕੀਤਾ ਗਿਆ ਸੀ। ਸਰਕਾਰ ਨੇ ਦਾਅਵਾ ਕੀਤਾ ਕਿ ਭਾਰਤ ਦੁਨੀਆ ਦਾ ਇਕਲੌਤਾ ਅਜਿਹਾ ਦੇਸ਼ ਹੈ ਜਿੱਥੇ ਪਿਛਲੇ ਚਾਰ ਸਾਲਾਂ ਵਿੱਚ ਤੇਲ ਦੀਆਂ ਕੀਮਤਾਂ ਨਹੀਂ ਵਧੀਆਂ।



