ਗੈਂਗਸਟਰਾਂ ਤੇ ਨਸ਼ਿਆਂ ਖਿਲਾਫ ਮੁਹਿੰਮਾਂ ਸਫਲਤਾ ਨਾਲ ਜਾਰੀ : ਬਲਤੇਜ ਪੰਨੂ

0
5

ਚੰਡੀਗੜ੍ਹ (ਗੁਰਜੀਤ ਬਿੱਲਾ)
ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਦੋ ਪ੍ਰਮੁੱਖ ਮੁਹਿੰਮਾਂ, ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ਤੇ ਵਾਰ’ ਪੰਜਾਬ ਪੁਲਸ ਵੱਲੋਂ ਲੋਕਾਂ ਦੇ ਭਰਵੇਂ ਸਹਿਯੋਗ ਨਾਲ ਸਫਲਤਾਪੂਰਵਕ ਚਲਾਈਆਂ ਜਾ ਰਹੀਆਂ ਹਨ। ਉਨ੍ਹਾ ਕਿਹਾ ਕਿ ਇਹ ਮੁਹਿੰਮਾਂ ਪੰਜਾਬ ਵਿੱਚੋਂ ਨਸ਼ਿਆਂ ਅਤੇ ਸੰਗਠਿਤ ਅਪਰਾਧਾਂ ਨੂੰ ਜੜ੍ਹੋਂ ਖਤਮ ਕਰਨ ਲਈ ਪ੍ਰਸ਼ਾਸਨ ਦੇ ਪੱਕੇ ਇਰਾਦੇ ਨੂੰ ਦਰਸਾਉਂਦੀਆਂ ਹਨ।ਗੈਂਗਸਟਰ ਵਿਰੋਧੀ ਮੁਹਿੰਮ ਦੀ ਪ੍ਰਗਤੀ ਬਾਰੇ ਚਾਨਣਾ ਪਾਉਂਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੇ 92 ਦਿਨ ਪੂਰੇ ਕਰ ਲਏ ਹਨ ਅਤੇ ਇਕੱਲੇ 92ਵੇਂ ਦਿਨ ਹੀ ਪੰਜਾਬ ਪੁਲਸ ਨੇ 254 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ 4 ਨਾਜਾਇਜ਼ ਹਥਿਆਰ ਬਰਾਮਦ ਕੀਤੇ ਹਨ।ਉਨ੍ਹਾ ਦੱਸਿਆ ਕਿ ਇਸ ਮੁਹਿੰਮ ਤਹਿਤ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ ਹੁਣ 23,140 ਤੱਕ ਪਹੁੰਚ ਗਈ ਹੈ, ਜਦਕਿ ਪੁੱਛਗਿੱਛ ਲਈ ਹਿਰਾਸਤ ਵਿੱਚ ਲਏ ਗਏ 79 ਵਿਅਕਤੀਆਂ ਵਿੱਚੋਂ 61 ਨੂੰ ਪੂਰੀ ਜਾਂਚ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਹੈ। ਮੁਹਿੰਮ ਵਿੱਚ ਜਨਤਕ ਭਾਗੀਦਾਰੀ ‘ਤੇ ਜ਼ੋਰ ਦਿੰਦਿਆਂ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਲੋੜੀਂਦੇ ਗੈਂਗਸਟਰਾਂ ਬਾਰੇ ਜਾਣਕਾਰੀ ਮੰਗਣ ਲਈ ਜਨਤਕ ਅਪੀਲ ਕੀਤੀ ਸੀ ਅਤੇ ਨਾਗਰਿਕਾਂ ਨੇ ਇਸ ਦਾ ਭਰਵਾਂ ਹੁੰਗਾਰਾ ਦਿੱਤਾ ਹੈ। ਉਨ੍ਹਾ ਦੱਸਿਆ ਕਿ ਇੱਕ ਸਮਰਪਤ ਹੈਲਪਲਾਈਨ ਨੰਬਰ 93946-93946 ਸਥਾਪਤ ਕੀਤਾ ਗਿਆ ਹੈ, ਜਿੱਥੇ ਲੋਕ ਗੁਪਤ ਰੂਪ ਵਿੱਚ ਜਾਣਕਾਰੀ ਸਾਂਝੀ ਕਰ ਸਕਦੇ ਹਨ, ਜਿਸ ਨਾਲ ਉਨ੍ਹਾਂ ਦੀ ਪਛਾਣ ਪੂਰੀ ਤਰ੍ਹਾਂ ਸੁਰੱਖਿਅਤ ਰੱਖੀ ਜਾਂਦੀ ਹੈ।ਨਸ਼ਾ ਵਿਰੋਧੀ ਮੁਹਿੰਮ ਬਾਰੇ ਗੱਲ ਕਰਦਿਆਂ ਪੰਨੂ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਆਪਣੇ 417ਵੇਂ ਦਿਨ ਵਿੱਚ ਪ੍ਰਵੇਸ਼ ਕਰ ਚੁੱਕੀ ਹੈ ਅਤੇ 417ਵੇਂ ਦਿਨ ਪੰਜਾਬ ਪੁਲਸ ਨੇ 98 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 1.1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਉਨ੍ਹਾ ਦੱਸਿਆ ਕਿ ਹੁਣ ਤੱਕ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 60,000 ਨੂੰ ਪਾਰ ਕਰ ਗਈ ਹੈ, ਜੋ ਕਿ ਨਸ਼ਿਆਂ ਵਿਰੁੱਧ ਪੰਜਾਬ ਦੀ ਜੰਗ ਵਿੱਚ ਇੱਕ ਵੱਡੀ ਪ੍ਰਾਪਤੀ ਹੈ।ਦੋਵਾਂ ਮੁਹਿੰਮਾਂ ਦੀ ਸਫਲਤਾ ਦਾ ਸਿਹਰਾ ਦਿੰਦਿਆਂ ਪੰਨੂ ਨੇ ਕਿਹਾ ਕਿ ਮਾਨ ਸਰਕਾਰ ਦੀ ਅਟੱਲ ਵਚਨਬੱਧਤਾ ਅਤੇ ਪੰਜਾਬ ਦੇ ਲੋਕਾਂ ਦੇ ਸਰਗਰਮ ਸਹਿਯੋਗ ਨੇ ਇਨ੍ਹਾਂ ਮੁਹਿੰਮਾਂ ਦੀ ਸਫਲਤਾ ਨੂੰ ਯਕੀਨੀ ਬਣਾਇਆ ਹੈ। ਉਨ੍ਹਾ ਦੁਹਰਾਇਆ ਕਿ ਇਹ ਮੁਹਿੰਮਾਂ ਉਦੋਂ ਤੱਕ ਪੂਰੀ ਤਾਕਤ ਨਾਲ ਜਾਰੀ ਰਹਿਣਗੀਆਂ, ਜਦੋਂ ਤੱਕ ਪੰਜਾਬ ਨਸ਼ਿਆਂ ਅਤੇ ਸੰਗਠਿਤ ਅਪਰਾਧ ਦੀ ਲਾਹਨਤ ਤੋਂ ਮੁਕਤ ਨਹੀਂ ਹੋ ਜਾਂਦਾ।