ਨਵੀਂ ਦਿੱਲੀ : ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਕਿਹਾ ਕਿ ਉਹ ਅੱਜ ਹੀ ਰਾਜ ਸਭਾ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਉਨ੍ਹਾਂ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਕਰਨਗੇ, ਜੋ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾ ਕਿਹਾ ਕਿ ਇਹ ਕਾਰਵਾਈ ਦਸਵੀਂ ਅਨੁਸੂਚੀ (ਦਲ-ਬਦਲੀ ਵਿਰੋਧੀ ਕਾਨੂੰਨ) ਤਹਿਤ ਹੋਣੀ ਚਾਹੀਦੀ ਹੈ। ਸੰਜੇ ਸਿੰਘ ਨੇ ਦਾਅਵਾ ਕੀਤਾ ਕਿ ਪਾਰਟੀ ਦੇ ਤਿੰਨੋਂ ਲੋਕ ਸਭਾ ਮੈਂਬਰ ਅਤੇ ਪੰਜਾਬ ਦੇ ਸਾਰੇ ਵਿਧਾਇਕ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ। ਉਨ੍ਹਾ ਕਿਹਾ ਕਿ ਜਦੋਂ ਕੇਂਦਰੀ ਏਜੰਸੀਆਂ ਨੇ ਪਾਰਟੀ ਦੇ ਸੰਸਦ ਮੈਂਬਰ ਅਸ਼ੋਕ ਮਿੱਤਲ ‘ਤੇ ਛਾਪੇਮਾਰੀ ਕੀਤੀ ਸੀ, ਉਦੋਂ ਹੀ ਇਹ ਸਾਫ਼ ਹੋ ਗਿਆ ਸੀ ਕਿ ਉਹ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ। ਸੰਜੇ ਸਿੰਘ ਮੁਤਾਬਕ ਪੰਜਾਬ ਵਿੱਚ ਬੇਅਦਬੀ ਵਿਰੋਧੀ ਬਿੱਲ ਪਾਸ ਹੋਣ ਤੋਂ ਬਾਅਦ ਲੋਕ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਬਹੁਤ ਖੁਸ਼ ਹਨ ਅਤੇ ਭਾਜਪਾ ਇਸ ਤੋਂ ਘਬਰਾਈ ਹੋਈ ਹੈ, ਜਿਸ ਕਾਰਨ ਉਨ੍ਹਾਂ ਇਹ ਦਲ-ਬਦਲੀ ਕਰਵਾਈ ਹੈ। ਇਸ ਦੇ ਨਾਲ ਹੀ ਉਨ੍ਹਾ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਬਾਰੇ ਗਲਤ ਅਤੇ ਗੁੰਮਰਾਹਕੁੰਨ ਤਸਵੀਰਾਂ ਦਿਖਾਉਣ ਲਈ ਭਾਜਪਾ ਆਗੂ ਪਰਵੇਸ਼ ਸਾਹਿਬ ਸਿੰਘ ਵਿਰੁੱਧ ਮਾਣਹਾਨੀ ਦਾ ਨੋਟਿਸ ਦਿੱਤਾ ਜਾਵੇਗਾ। ਉਨ੍ਹਾ ਚੁਣੌਤੀ ਦਿੰਦਿਆਂ ਕਿਹਾ ਕਿ ਐਲ ਜੀ, ਮੁੱਖ ਮੰਤਰੀ ਰੇਖਾ ਗੁਪਤਾ ਅਤੇ ਪਰਵੇਸ਼ ਵਰਮਾ ਨੂੰ ਆਪਣੇ ਘਰ ਜਨਤਾ ਲਈ ਖੋਲ੍ਹਣੇ ਚਾਹੀਦੇ ਹਨ, ਤਾਂ ਜੋ ਜਨਤਾ ਖੁਦ ਦੇਖ ਸਕੇ ਕਿ ਕਿਸ ਦਾ ਘਰ ਕਿੰਨਾ ਆਲੀਸ਼ਾਨ ਹੈ।





