ਬਾਗੀ ‘ਆਪ’ ਸਾਂਸਦਾਂ ਨੂੰ ਅਯੋਗ ਠਹਿਰਾਉਣ ਲਈ ਪਟੀਸ਼ਨ

0
3

ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਐਤਵਾਰ ਨੂੰ ਰਾਜ ਸਭਾ ਦੇ ਚੇਅਰਮੈਨ ਸੀ ਪੀ ਰਾਧਾਕ੍ਰਿਸ਼ਨਨ ਨੂੰ ਇੱਕ ਪਟੀਸ਼ਨ ਸੌਂਪੀ ਹੈ, ਜਿਸ ਵਿੱਚ ਪਾਰਟੀ ਦੇ ਉਨ੍ਹਾਂ ਸੱਤ ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਨੇ ਹਾਲ ਹੀ ਵਿੱਚ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿੰਘ ਨੇ ਦਾਅਵਾ ਕੀਤਾ ਕਿ ਇਨ੍ਹਾਂ ਸੱਤ ਸੰਸਦ ਮੈਂਬਰਾਂ ਦਾ ਇਹ ਕਦਮ ਦਲ-ਬਦਲੀ ਦੇ ਬਰਾਬਰ ਹੈ ਕਿਉਂਕਿ ਇਹ ਦਲ-ਬਦਲੀ ਵਿਰੋਧੀ ਕਾਨੂੰਨ ਦੀਆਂ ਧਾਰਾਵਾਂ ਦੇ ਵਿਰੁੱਧ ਹੈ। ‘ਆਪ’ ਨੇ ਰਾਜ ਸਭਾ ਚੇਅਰਮੈਨ ਨੂੰ ਇਨ੍ਹਾਂ ਸੱਤ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਉਹ ‘ਆਪ’ ਦੀ ਟਿਕਟ ‘ਤੇ ਚੁਣੇ ਗਏ ਸਨ। ਸ਼ੁੱਕਰਵਾਰ ਨੂੰ ਰਾਘਵ ਚੱਢਾ, ਅਸ਼ੋਕ ਮਿੱਤਲ, ਸੰਦੀਪ ਪਾਠਕ, ਹਰਭਜਨ ਸਿੰਘ, ਰਾਜੇਂਦਰ ਗੁਪਤਾ, ਵਿਕਰਮ ਸਾਹਨੀ ਅਤੇ ਸਵਾਤੀ ਮਾਲੀਵਾਲ ਨੇ ਪਾਰਟੀ ਦੇ ਸਿਧਾਂਤਾਂ ਅਤੇ ਨੈਤਿਕ ਕਦਰਾਂ-ਕੀਮਤਾਂ ਤੋਂ ਭਟਕਣ ਦਾ ਦੋਸ਼ ਲਾਉਂਦੇ ਹੋਏ ਭਾਜਪਾ ਨਾਲ ਰਲੇਵੇਂ ਦਾ ਐਲਾਨ ਕੀਤਾ ਸੀ। ਸੰਜੇ ਸਿੰਘ ਨੇ ਕਿਹਾ ਕਿ ਇਹ ਦਲ-ਬਦਲੀ ਲੋਕਾਂ ਦੇ ਫਤਵੇ, ਖਾਸ ਕਰਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਹੈ ਅਤੇ ਸੰਵਿਧਾਨ ਦੀ ਭਾਵਨਾ ਦੇ ਵਿਰੁੱਧ ਹੈ। ਪਾਰਟੀ ਛੱਡਣ ਵਾਲੇ ਸੱਤ ਵਿੱਚੋਂ ਛੇ ਸੰਸਦ ਮੈਂਬਰ ਪੰਜਾਬ ਤੋਂ ਹਨ। ਸਿੰਘ ਨੇ ਦੱਸਿਆ ਕਿ ਪਾਰਟੀ ਨੇ ਇਸ ਮਾਮਲੇ ‘ਤੇ ਸੀਨੀਅਰ ਵਕੀਲ ਕਪਿਲ ਸਿੱਬਲ ਅਤੇ ਸੰਵਿਧਾਨਕ ਮਾਹਿਰਾਂ ਨਾਲ ਸਲਾਹ ਕੀਤੀ ਹੈ, ਜਿਨ੍ਹਾਂ ਦਾ ਕਹਿਣਾ ਹੈ ਕਿ ਇਹ ਸੰਸਦ ਮੈਂਬਰ ਕਾਨੂੰਨ ਤਹਿਤ ਅਯੋਗ ਠਹਿਰਾਏ ਜਾਣ ਦੇ ਲਾਇਕ ਹਨ।
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਐਤਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪਾਰਟੀ ਦੇ ਸਿਧਾਂਤਾਂ ਪ੍ਰਤੀ ਵਚਨਬੱਧ ਹਨ ਅਤੇ ਅਗਲੇ ਦੋ ਦਿਨਾਂ ਵਿੱਚ ਉਨ੍ਹਾਂ ਦੇ ਹਲਕੇ ਵਿੱਚ 40 ਪ੍ਰੋਗਰਾਮ ਤੈਅ ਹਨ। ਅਰੋੜਾ ਨੇ ਉਨ੍ਹਾਂ ਮੀਡੀਆ ਰਿਪੋਰਟਾਂ ‘ਤੇ ਪ੍ਰਤੀਕਿਰਿਆ ਦਿੱਤੀ, ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਉਹ ਸੱਤ ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਚੁੱਪ ਹਨ। ਅਰੋੜਾ ਨੇ ਕਿਹਾ ਕਿ ਉਹ ਪਾਰਟੀ ਦੇ ਕੰਮਾਂ ਵਿੱਚ ਰੁੱਝੇ ਹੋਏ ਹਨ ਅਤੇ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਮੀਡੀਆ ਨਾਲ ਗੱਲ ਕਰਨਾ ਜ਼ਰੂਰੀ ਨਹੀਂ ਸਮਝਦੇ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਇਹ ਸੱਤ ਸੰਸਦ ਮੈਂਬਰ ਅਰਵਿੰਦ ਕੇਜਰੀਵਾਲ ਵੱਲੋਂ ਭਰੋਸਾ ਜਤਾ ਕੇ ਦਿੱਤੀਆਂ ਸੀਟਾਂ ਤੋਂ ਬਾਅਦ ਪਾਰਟੀ ਛੱਡ ਕੇ ਗਏ ਹਨ ਤਾਂ ਇਹ ਉਨ੍ਹਾਂ ਦੇ ਮੌਕਾਪ੍ਰਸਤ ਕਿਰਦਾਰ ਅਤੇ ਅੰਦਰੂਨੀ ਖੋਖਲੇਪਣ ਨੂੰ ਦਰਸਾਉਂਦਾ ਹੈ। ਉਨ੍ਹਾ ਕਿਹਾ ਕਿ ਪੰਜਾਬ ਦੇ ਲੋਕ ਇਸ ਧੋਖੇ ਨੂੰ ਬਰਦਾਸ਼ਤ ਨਹੀਂ ਕਰਨਗੇ। ਅਰੋੜਾ ਅਨੁਸਾਰ ਇਹ ਸੁਆਰਥੀਪੁਣਾ ਹੈ ਕਿ ਜਿਸ ਪਾਰਟੀ ਦੀ ਟਿਕਟ ‘ਤੇ ਸੱਤਾ ਤੱਕ ਪਹੁੰਚੇ, ਉਸ ਨੂੰ ਧੋਖਾ ਦਿੱਤਾ ਤੇ ਹੁਣ ਦਿੱਲੀ ਵਿੱਚ ਉਸੇ ਭਾਜਪਾ ਨਾਲ ਸੰਬੰਧ ਬਣਾ ਰਹੇ ਹਨ, ਜਿਸ ਨੂੰ ਅਸੀਂ ਲੋਕਤੰਤਰ ਖ਼ਤਮ ਕਰਨ ਵਾਲੀ ਪਾਰਟੀ ਮੰਨਿਆ ਸੀ। ਉਨ੍ਹਾ ਕਿਹਾ ਕਿ ਕਿਸੇ ਆਗੂ ਦੇ ਅੰਦਰ ਕੀ ਚੱਲ ਰਿਹਾ ਹੈ, ਇਹ ਉਸ ਦੇ ਚਿਹਰੇ ਤੋਂ ਪਤਾ ਨਹੀਂ ਲੱਗਦਾ। ਅਰੋੜਾ ਨੇ ਇਹ ਵੀ ਕਿਹਾ ਕਿ ਭਾਜਪਾ ਹੁਣ ਇਨ੍ਹਾਂ ਆਗੂਆਂ ਲਈ ‘ਵਾਸ਼ਿੰਗ ਮਸ਼ੀਨ’ ਬਣ ਗਈ ਹੈ ਤਾਂ ਜੋ ਉਹ ਆਪਣਾ ਸਿਆਸੀ ਅਤੀਤ ਸਾਫ਼ ਕਰ ਸਕਣ।