ਪਹਿਲੀ ਤੋਂ ਬਾਅਦ ਬਿਜਲੀ ਕੱਟ ਨਹੀਂ ਲੱਗੇਗਾ : ਸੰਜੀਵ ਅਰੋੜਾ

0
9

ਚੰਡੀਗੜ੍ਹ : ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲੱਗ ਰਹੇ ਬਿਜਲੀ ਕੱਟਾਂ ਬਾਰੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਸੋਮਵਾਰ ਸਪੱਸ਼ਟ ਕੀਤਾ ਕਿ ਇਕ ਮਈ ਤੋਂ ਬਾਅਦ ਸੂਬੇ ਵਿੱਚ ਕੋਈ ਵੀ ਬਿਜਲੀ ਕੱਟ ਨਹੀਂ ਲੱਗੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰੋੜਾ ਨੇ ਕਿਹਾ ਕਿ ਪੰਜਾਬ ਸਣੇ ਦੇਸ਼ ਭਰ ਵਿੱਚ ਅਪਰੈਲ ਮਹੀਨੇ ਵਿੱਚ ਪੈ ਰਹੀ ਭਾਰੀ ਗਰਮੀ ਕਰਕੇ ਬਿਜਲੀ ਦੀ ਮੰਗ ਇੱਕਦਮ ਵਧ ਗਈ, ਜਿਸ ਕਾਰਨ ਕਈ ਥਾਵਾਂ ‘ਤੇ ਬਿਜਲੀ ਦੇ ਕੱਟ ਲੱਗੇ ਹਨ। ਇਸ ਵਾਰ ਅਪਰੈਲ ਮਹੀਨੇ ਵਿੱਚ ਹੀ ਬਿਜਲੀ ਦੀ ਮੰਗ 12 ਹਜ਼ਾਰ ਮੈਗਾਵਾਟ ਤੋਂ ਟੱਪ ਗਈ ਸੀ, ਜੋ ਕਿ ਅੱਜ ਤੱਕ ਕਦੇ ਵੀ ਨਹੀਂ ਹੋਈ ਹੈ। ਉਨ੍ਹਾ ਕਿਹਾ ਕਿ ਪੰਜਾਬ ਦੇ ਬਿਜਲੀ ਵਿਭਾਗ ਵੱਲੋਂ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਸਾਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਇਸੇ ਲਈ ਇੱਕ ਮਈ ਤੋਂ ਬਾਅਦ ਸੂਬੇ ਵਿੱਚ ਕੋਈ ਵੀ ਬਿਜਲੀ ਕੱਟ ਨਹੀਂ ਲੱਗਣ ਦਿੱਤਾ ਜਾਵੇਗਾ।
ਅਰੋੜਾ ਨੇ ਕਿਹਾ ਕਿ ਸੂਬੇ ਵਿੱਚ ਬਿਜਲੀ ਦੀ ਮੰਗ ਨੂੰ ਕੰਟਰੋਲ ਕਰਨ ਲਈ ਸਨਅਤੀ ਖੇਤਰ ਨੂੰ ਰਾਤ ਸਮੇਂ ਖੁੱਲੇ ਬਾਜ਼ਾਰ ਵਿੱਚੋਂ ਬਿਜਲੀ ਖਰੀਦਣ ਦੀ ਛੋਟ ਦਿੱਤੀ ਗਈ ਹੈ। ਇਸ ਦੌਰਾਨ ਸਰਕਾਰ ਵੱਲੋਂ ਕੋਈ ਵੀ ਵਾਧੂ ਚਾਰਜ ਨਹੀਂ ਵਸੂਲਿਆ ਜਾਵੇਗਾ। ਅਰੋੜਾ ਨੇ ਕਿਹਾ ਕਿ ਪੰਜਾਬ ਦੇ ਸਨਅਤਕਾਰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਖੁੱਲ੍ਹੇ ਬਾਜ਼ਾਰ ਵਿੱਚੋਂ ਆਪਣੀ ਮਰਜ਼ੀ ਅਨੁਸਾਰ ਬਿਜਲੀ ਦੀ ਖਰੀਦ ਕਰ ਸਕਦੇ ਹਨ।