ਚੰਡੀਗੜ੍ਹ (ਗੁਰਜੀਤ ਬਿੱਲਾ,
ਸੁਰਜੀਤ ਸੁਮਨ, ਕ੍ਰਿਸ਼ਨ ਗਰਗ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਹੜ੍ਹ ਸੁਰੱਖਿਆ ਪ੍ਰਬੰਧਾਂ ਸਮੀਖਿਆ ਕਰਦਿਆਂ ਪੰਜਾਬ ਦੇ ਹੜ੍ਹ ਰੋਕਥਾਮ ਅਤੇ ਰਾਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਉੱਨਤ ਐਂਫੀਬੀਅਸ ਮਸ਼ੀਨਾਂ (ਪਾਣੀ ਵਿੱਚ ਅਤੇ ਧਰਤੀ ‘ਤੇ ਚੱਲਣ ਵਾਲੀਆਂ ਮਸ਼ੀਨਾਂ) ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਹੈ। ਉਨ੍ਹਾ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹਾਂ ਜਾਂ ਭਾਰੀ ਮੀਂਹ ਕਰਕੇ ਹੁੰਦੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਅਤੇ ਜਾਨ-ਮਾਲ ਦੀ ਰਾਖੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।
ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮਾਨ ਨੇ ਕਿਹਾ ਕਿ ਹੜ੍ਹ ਰਾਹਤ ਕਾਰਜਾਂ ਨੂੰ ਸੁਚਾਰੂ ਅਤੇ ਮੁਸ਼ਕਲ ਰਹਿਤ ਢੰਗ ਨਾਲ ਚਲਾਉਣ ਲਈ ਪੰਜਾਬ ਸਰਕਾਰ ਵੱਲੋਂ ਨਹਿਰਾਂ ਅਤੇ ਨਾਲਿਆਂ (ਡਰੇਨਾਂ) ਦੀ ਸਫਾਈ ਵਾਸਤੇ ਐਂਫੀਬੀਅਸ ਮਸ਼ੀਨਾਂ ਖਰੀਦਣ ਦੀ ਸਹਿਮਤੀ ਦਿੱਤੀ ਗਈ ਹੈ।
ਉਹਨਾ ਕਿਹਾ ਕਿ ਮੈਂ ਹਾਲ ਹੀ ਵਿੱਚ ਫਿਨਲੈਂਡ ਦੀ ਆਪਣੀ ਫੇਰੀ ਦੌਰਾਨ ਇਸ ਮਸ਼ੀਨ ਨੂੰ ਕੰਮ ਕਰਦੇ ਦੇਖਿਆ ਸੀ, ਜਿੱਥੇ ਇਨ੍ਹਾਂ ਬਹੁ-ਮੰਤਵੀ ਮਸ਼ੀਨਾਂ ਦੀ ਪੂਰੇ ਢੁਕਵੇਂ ਤਰੀਕੇ ਨਾਲ ਵਰਤੋਂ ਕੀਤੀ ਜਾਂਦੀ ਹੈ।
ਉਨ੍ਹਾ ਕਿਹਾ, ‘ਸੂਬੇ ਵਿੱਚ 1 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਕੀਤੀ ਜਾ ਰਹੀ ਹੈ, ਇਸ ਲਈ ਅਗਾਮੀ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਭਾਖੜਾ ਡੈਮ ਤੋਂ ਵੱਧ ਤੋਂ ਵੱਧ ਪਾਣੀ ਛੱਡਿਆ ਜਾਣਾ ਚਾਹੀਦਾ ਹੈ। ਸੂਬੇ ਵਿੱਚ ਨਵੇਂ ਖਾਲਿਆਂ ਦੇ ਨਿਰਮਾਣ ਅਤੇ ਪੁਰਾਣਿਆਂ ਖਾਲਿਆਂ ਨੂੰ ਬਹਾਲ ਕਰਨ ਦਾ ਕੰਮ 31 ਮਈ ਤੱਕ ਮੁਕੰਮਲ ਹੋ ਜਾਵੇਗਾ, ਜਿਸ ਤੋਂ ਬਾਅਦ ਸਿੰਚਾਈ ਦੇ ਉਦੇਸ਼ਾਂ ਲਈ ਹੋਰ 5000 ਕਿਊਸਿਕ ਪਾਣੀ ਦੀ ਲੋੜ ਹੋਵੇਗੀ।’ ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਬਰਿੰਦਰ ਕੁਮਾਰ ਗੋਇਲ, ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਮੁੱਖ ਸਕੱਤਰ ਕੇ ਏ ਪੀ ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।




