ਅਕਾਲੀ ਦਲ ਗੈਂਗਸਟਰਾਂ ਦੀ ਸਰਪ੍ਰਸਤੀ ‘ਚ ਸਭ ਤੋਂ ਅੱਗੇ : ਬਲਤੇਜ ਪੰਨੂ

0
6

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜੋ ਅਕਾਲੀ ਦਲ ਅੱਜ ਸੂਬੇ ਦੀ ਕਾਨੂੰਨ-ਵਿਵਸਥਾ ‘ਤੇ ਮਗਰਮੱਛ ਦੇ ਹੰਝੂ ਵਹਾ ਰਿਹਾ ਹੈ, ਅਸਲ ਵਿੱਚ ਉਹੀ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਿਆਸੀ ਸਰਪ੍ਰਸਤੀ ਦੇਣ ਵਿੱਚ ਸਭ ਤੋਂ ਅੱਗੇ ਰਿਹਾ ਹੈ। ਅਕਾਲੀ ਦਲ ਦੀ ਹਾਲਤ ਇਹ ਹੈ ਕਿ ਇੱਕ ਪਾਸੇ ਉਹ ਸ਼ਾਂਤੀ ਦੀਆਂ ਗੱਲਾਂ ਕਰਦੇ ਹਨ, ਦੂਜੇ ਪਾਸੇ ਇੱਕ ਬਦਨਾਮ ਗੈਂਗਸਟਰ ਦੀ ਪਤਨੀ ਨੂੰ ‘ਹਲਕਾ ਇੰਚਾਰਜ’ ਬਣਾ ਕੇ ਉਸ ਨੂੰ ਸਿਆਸੀ ਤਾਕਤ ਸੌਂਪ ਰਹੇ ਹਨ।ਬਲਤੇਜ ਪੰਨੂ ਨੇ ਕਿਹਾ ਕਿ ਅਕਾਲੀ ਦਲ ਨੇ ਸਿਰਫ਼ ਇੱਕ ਥਾਂ ਨਹੀਂ, ਸਗੋਂ ਕਈ ਹੋਰ ਹਲਕਿਆਂ ਵਿੱਚ ਵੀ ਇਸੇ ਤਰ੍ਹਾਂ ਗੈਂਗਸਟਰਾਂ ਦੇ ਕਰੀਬੀਆਂ ਨੂੰ ਮੁੱਖ ਧਾਰਾ ਦੀ ਰਾਜਨੀਤੀ ਵਿੱਚ ਫਿੱਟ ਕਰਨ ਦੀ ਕੋਸ਼ਿਸ਼ ਕੀਤੀ ਹੋਈ ਹੈ। ਪੰਨੂ ਨੇ ਦੱਸਿਆ ਕਿ ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ‘ਤੇ ਫਿਰੌਤੀ (ਐਕਸਟੌਰਸ਼ਨ) ਦੇ ਗੰਭੀਰ ਮਾਮਲੇ ਵਿੱਚ ਪਰਚਾ ਦਰਜ ਕੀਤਾ ਗਿਆ ਸੀ। ਇਸ ਕਾਰਵਾਈ ਖ਼ਿਲਾਫ਼ ਜਦੋਂ ਉਹ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਪਹੁੰਚੇ ਤਾਂ ਅਦਾਲਤ ਨੇ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ। ਹੈਰਾਨੀ ਦੀ ਗੱਲ ਇਹ ਰਹੀ ਕਿ ਅਦਾਲਤ ਵਿੱਚ ਗੋਲਡੀ ਬਰਾੜ ਦੇ ਪਰਵਾਰ ਵੱਲੋਂ ਜੋ ਵਕੀਲ ਪੇਸ਼ ਹੋਏ, ਉਹ ਸਿੱਧੇ ਤੌਰ ‘ਤੇ ਅਕਾਲੀ ਦਲ ਨਾਲ ਜੁੜੇ ਹੋਏ ਸਨ। ਇਸ ਨਾਲ ਅਕਾਲੀ ਦਲ ਦਾ ਦੋਹਰਾ ਚਿਹਰਾ ਪੂਰੀ ਤਰ੍ਹਾਂ ਨੰਗਾ ਹੋ ਗਿਆ ਹੈ।