ਅੰਮ੍ਰਿਤਸਰ (ਜਸਬੀਰ ਸਿੰਘ ਪੱਟੀ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਵਿਦਵਾਨਾਂ, ਜਥੇਬੰਦੀਆਂ ਅਤੇ ਕਾਨੂੰਨੀ ਮਾਹਰਾਂ ਨਾਲ ਕੀਤੀ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਬਣਾਏ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸੰਬੰਧੀ ਕੁਝ ਸ਼ੰਕੇ ਪ੍ਰਗਟ ਕੀਤੇ ਗਏ ਹਨ। ਇਨ੍ਹਾਂ ਸ਼ੰਕਿਆਂ ਨੂੰ ਦੂਰ ਕਰਨ ਲਈ ਸ੍ਰੀ ਅਕਾਲ ਤਖ਼ਤ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਵਿਚਾਰ-ਵਟਾਂਦਰੇ ਲਈ ਸੱਦਿਆ ਗਿਆ ਹੈ। ਮੀਟਿੰਗ ਭਾਈ ਗੁਰਦਾਸ ਹਾਲ ਵਿਖੇ ਹੋਈ, ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਮਦਮੀ ਟਕਸਾਲ, ਨਿਹੰਗ ਸਿੰਘ ਜਥੇਬੰਦੀਆਂ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਿਲ ਹੋਏ। ਸੰਧਵਾ ਨੇ ਕਿਹਾ ਕਿ ਜੇਕਰ ਕੋਈ ਅਧਿਕਾਰਤ ਤੌਰ ਉੱਤੇ ਬੁਲਾਵਾ ਆਉਂਦਾ ਹੈ, ਤਾਂ ਇੱਕ ਸਿੱਖ ਹੋਣ ਦੇ ਨਾਤੇ ਮੈਂ ਪੂਰੀ ਨਿਮਰਤਾ ਅਤੇ ਸਤਿਕਾਰ ਨਾਲ ਪੇਸ਼ ਹੋ ਕੇ ਆਪਣੀ ਗੱਲ ਪੰਥ ਦੇ ਸਨਮੁੱਖ ਰੱਖਣ ਲਈ ਪਾਬੰਦ ਹਾਂ, ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਸਾਡੇ ਲਈ ਇਲਾਹੀ ਹੁਕਮ ਹੈ।




