ਭਾਜਪਾ ‘ਚ ਗਏ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ
ਨਵੀਂ ਦਿੱਲੀ : ਪੰਜਾਬ ਵਿੱਚ ਦਲ-ਬਦਲੀ ਦੀ ਲੜਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੰਗਲਵਾਰ ਨੂੰ ਸਰਵਉੱਚ ਸੰਵਿਧਾਨਕ ਅਹੁਦੇ ਤੱਕ ਲੈ ਕੇ ਪੁੱਜੇ ਅਤੇ ਰਾਸ਼ਟਰਪਤੀ ਨੂੰ ਮਿਲੇ।ਉਨ੍ਹਾ ‘ਪੰਜਾਬ ਦੇ ਗੱਦਾਰ’ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਤੁਰੰਤ ਰੱਦ ਕਰਨ ਦੀ ਮੰਗ ਕੀਤੀ।ਪਾਰਟੀ ਦੀ ਇਕਜੁੱਟਤਾ ਦਾ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਵਿਧਾਇਕਾਂ ਨਾਲ ਦਿੱਲੀ ਪਹੁੰਚੇ ਅਤੇ ਰਾਸ਼ਟਰਪਤੀ ਭਵਨ ਵਿਖੇ ਦਸਤਖ਼ਤ ਕੀਤਾ ਮੰਗ ਪੱਤਰ ਸੌਂਪਿਆ, ਜਿਸ ਵਿੱਚ ਕਿਹਾ ਗਿਆ ਕਿ ਪੰਜਾਬ ਵਿੱਚ ਸਿਰਫ਼ ਦੋ ਵਿਧਾਇਕ ਹੋਣ ਦੇ ਬਾਵਜੂਦ ਭਾਜਪਾ ਦੇ ਰਾਜ ਸਭਾ ਮੈਂਬਰਾਂ ਦੀ ਗਿਣਤੀ ਵਿੱਚ ਨਾਟਕੀ ਵਾਧਾ ਲੋਕਤੰਤਰੀ ਫਤਵੇ ਦੀ ਸਪੱਸ਼ਟ ਉਲੰਘਣਾ ਨੂੰ ਦਰਸਾਉਂਦਾ ਹੈ।7 ਸੰਸਦ ਮੈਂਬਰਾਂ ਨੂੰ ‘ਇਲੈਕਟਿਡ ਨਹੀਂ, ਸਗੋਂ ਸਿਲੈਕਟਿਡ’ ਦੱਸਦਿਆਂ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਦੀ ਦਲ-ਬਦਲੀ ਨੂੰ ਪੰਜਾਬ ਨਾਲ ਵਿਸ਼ਵਾਸਘਾਤ ਕਰਾਰ ਦਿੱਤਾ।ਉਨ੍ਹਾ ਇਨ੍ਹਾਂ ਮੈਂਬਰਾਂ ਨੂੰ ਅਸਤੀਫ਼ਾ ਦੇਣ ਅਤੇ ਨਵਾਂ ਫਤਵਾ ਲੈਣ ਦੀ ਚੁਣੌਤੀ ਦਿੱਤੀ। ਉਨ੍ਹਾ ਐਲਾਨ ਕੀਤਾ ਕਿ ‘ਅਪਰੇਸ਼ਨ ਲੋਟਸ’ ਵਰਗੀਆਂ ਕੋਸ਼ਿਸ਼ਾਂ ਕਦੇ ਵੀ ਪੰਜਾਬ ਵਿੱਚ ਸਫ਼ਲ ਨਹੀਂ ਹੋਣਗੀਆਂ, ਕਿਉਂਕਿ ਪੰਜਾਬ ਕਦੇ ਵੀ ਵਿਸ਼ਵਾਸਘਾਤ ਨੂੰ ਬਰਦਾਸ਼ਤ ਨਹੀਂ ਕਰਦਾ।ਆਪਣੇ ਸੋਸ਼ਲ ਮੀਡੀਆ ਅਕਾਊਂਟ ਐੱਕਸ ਉੱਤੇ ਮੀਟਿੰਗ ਦੇ ਕੁਝ ਅੰਸ਼ ਸਾਂਝੇ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਮੰਗਲਵਾਰ ਨੂੰ ਦਿੱਲੀ ਵਿੱਚ ਮਾਣਯੋਗ ਰਾਸ਼ਟਰਪਤੀ ਦੇ ਸਾਹਮਣੇ ਅਸੀਂ ਦੇਸ਼ ਵਿੱਚ ਹੋ ਰਹੇ ‘ਲੋਕਤੰਤਰ ਦੇ ਕਤਲ’ ਵਿਰੁੱਧ ਆਪਣੀ ਆਵਾਜ਼ ਮਜ਼ਬੂਤੀ ਨਾਲ ਉਠਾਈ। ਸਿਆਸੀ ਪਾਰਟੀਆਂ ਨੂੰ ਗੈਰ-ਸੰਵਿਧਾਨਕ ਤੌਰ ‘ਤੇ ਤੋੜਨਾ ਅਤੇ ਭਾਜਪਾ ਦੀ ‘ਵਾਸ਼ਿੰਗ ਮਸ਼ੀਨ’ ਵਿੱਚ ਦਾਗੀ ਨੇਤਾਵਾਂ ਨੂੰ ਸਾਫ਼ ਕਰਨ ਲਈ ਈ ਡੀ ਤੇ ਸੀ ਬੀ ਆਈ ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਸਾਡੇ ਲੋਕਤੰਤਰੀ ਢਾਂਚੇ ‘ਤੇ ਸਿੱਧਾ ਹਮਲਾ ਹੈ।
ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ—ਰਾਜ ਸਭਾ ਦੇ ਸੱਤ ਮੈਂਬਰਾਂ ਦੀ ਦਲ-ਬਦਲੀ ਨਾਲ ਲੋਕਤੰਤਰ ਦਾ ਕਤਲ ਹੋਇਆ ਹੈ। ਇਹ ਗੈਰ-ਸੰਵਿਧਾਨਕ ਹੈ, ਕਿਉਂਕਿ ਜਾਂ ਤਾਂ ਪੂਰੀ ਪਾਰਟੀ ਨੂੰ ਮਤਾ ਪਾਸ ਕਰਨਾ ਚਾਹੀਦਾ ਸੀ, ਪਰ ਇਨ੍ਹਾਂ ਸੱਤ ਸੰਸਦ ਮੈਂਬਰਾਂ ਨੇ ਗੈਰ-ਸੰਵਿਧਾਨਕ ਢੰਗ ਨਾਲ ਆਪਣੀ ਵਫ਼ਾਦਾਰੀ ਬਦਲ ਲਈ, ਜਿਸ ਨਾਲ ਲੋਕਤੰਤਰ ਦਾ ਮਜ਼ਾਕ ਉਡਾਇਆ ਗਿਆ।”ਸਿਸਟਮ ਵਿੱਚ ਸੁਧਾਰ ਦੀ ਮੰਗ ਉਠਾਉਂਦੇ ਹੋਏ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੰਵਿਧਾਨ ਵਿੱਚ ਸੋਧ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਸੰਸਦ ਮੈਂਬਰ ਨੂੰ ਵਾਪਸ ਬੁਲਾਉਣ ਦੀ ਵਿਵਸਥਾ ਕੀਤੀ ਜਾ ਸਕੇ, ਜਿਵੇਂ ਕਿ ਰਾਘਵ ਚੱਢਾ ਮੰਗ ਕਰਦੇ ਰਹੇ ਸਨ, ਤਾਂ ਜੋ ਇਨ੍ਹਾਂ ਸੰਸਦ ਮੈਂਬਰਾਂ ਨੂੰ ਦੇਸ਼ ਧ੍ਰੋਹ ਲਈ ਸਜ਼ਾ ਦਿੱਤੀ ਜਾ ਸਕੇ। ਉਨ੍ਹਾ ਜ਼ੋਰ ਦੇ ਕੇ ਕਿਹਾ—ਪੰਜਾਬੀ ਇਸ ਤਰ੍ਹਾਂ ਪਿੱਠ ਵਿੱਚ ਛੁਰਾ ਮਾਰਨ ਨੂੰ ਬਰਦਾਸ਼ਤ ਨਹੀਂ ਕਰਦੇ ਅਤੇ ਉਨ੍ਹਾਂ ਨੂੰ ਸੂਬੇ ਦੇ ਲੋਕ ਸਜ਼ਾ ਦੇਣਗੇ।ਦਲ-ਬਦਲੀ ਦੇ ਹਾਲਾਤ ਬਾਰੇ ਉਨ੍ਹਾ ਕਿਹਾ— ਇਹ ਭਾਜਪਾ ਦੀ ਬਾਂਹ ਮਰੋੜਨ ਵਾਲੀ ਰਣਨੀਤੀ ਹੈ। ਰਾਘਵ ਚੱਢਾ ਜੋ ਕਹਿੰਦਾ ਹੁੰਦਾ ਸੀ ਕਿ ਭਾਜਪਾ ਬਿਨਾਂ ਡਿਟਰਜੈਂਟ ਵਾਲੀ ਵਾਸ਼ਿੰਗ ਮਸ਼ੀਨ ਹੈ, ਜਿੱਥੇ ਸਿਆਸੀ ਨੇਤਾਵਾਂ ਦੇ ਪਾਪ ਧੋਤੇ ਜਾਂਦੇ ਹਨ, ਹੁਣ ਉਸੇ ਪਾਰਟੀ ਨਾਲ ਹੱਥ ਮਿਲਾ ਰਿਹਾ ਹੈ। ਉਨ੍ਹਾ ਕਿਹਾ ਕਿ“ਮੈਂ ਸੰਕਟ ਦੀ ਇਸ ਘੜੀ ਵਿੱਚ ਪਾਰਟੀ ਨਾਲ ਇਕਜੁੱਟਤਾ ਦਿਖਾਉਣ ਲਈ ਵਿਧਾਇਕਾਂ ਦਾ ਧੰਨਵਾਦ ਕਰਦਾ ਹਾਂ।




