ਮੁੱਖ ਮੰਤਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

0
6

ਅੰਮ੍ਰਿਤਸਰ (ਜਸਬੀਰ ਸਿੰਘ ਪੱਟੀ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਨੂੰ ਲਾਗੂ ਕਰਨ ਦੀ ਸੋਝੀ ਅਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਧੰਨਵਾਦ ਕੀਤਾ। ਉਨ੍ਹਾ ਇਸ ਕਾਨੂੰਨ ਨੂੰ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮਾਣ-ਮਰਿਆਦਾ ਦੀ ਰਾਖੀ ਲਈ ਇਤਿਹਾਸਕ ਕਦਮ ਦੱਸਿਆ। ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਸੇਵਾ ਸੌਂਪਣ ਲਈ ਉਨ੍ਹਾ ਦਾ ਦਿਲ ਪਰਮਾਤਮਾ ਪ੍ਰਤੀ ਸ਼ੁਕਰਾਨੇ ਨਾਲ ਭਰਿਆ ਹੋਇਆ ਹੈ। ਉਨ੍ਹਾ ਕਿਹਾ ਕਿ ਸਾਡੀ ਸਰਕਾਰ ਭਾਗਾਂ ਵਾਲੀ ਹੈ ਕਿ ਸਾਨੂੰ ਇਹ ਇਤਿਹਾਸਕ ਕਾਨੂੰਨ ਪਾਸ ਕਰਨ ਦਾ ਸੁਭਾਗ ਹਾਸਲ ਹੋਇਆ ਹੈ, ਜੋ ਭਵਿੱਖ ਵਿੱਚ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਨੂੰ ਰੋਕਣ ਵਿੱਚ ਅਹਿਮ ਸਿੱਧ ਹੋਵੇਗਾ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਹਰ ਸਿੱਖ ਦੇ ਪਿਤਾ ਸਮਾਨ ਹਨ, ਜਿਨ੍ਹਾ ਦੀ ਮਾਣ-ਮਰਿਆਦਾ ਨੂੰ ਕਾਇਮ ਰੱਖਣਾ ਸਾਡਾ ਸਮੂਹਿਕ ਫਰਜ਼ ਹੈ।ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਇਹ ਯਕੀਨੀ ਬਣਾਉਂਦਾ ਹੈ ਕਿ ਇਸ ਨਾ-ਮੁਆਫ਼ੀਯੋਗ ਅਪਰਾਧ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਮਿਸਾਲੀ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ।ਉਨ੍ਹਾ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ, ਫ਼ਿਰਕੂ ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਭੰਗ ਕਰਨ ਦੇ ਉਦੇਸ਼ ਨਾਲ ਰਚੀ ਗਈ ਡੂੰਘੀ ਸਾਜ਼ਿਸ਼ ਦਾ ਹਿੱਸਾ ਸਨ। ਮੁੱਖ ਮੰਤਰੀ ਨੇ ਪੁਸ਼ਟੀ ਕੀਤੀ ਕਿ ਇਹ ਕਾਨੂੰਨ ਏਨੀ ਸਮਝਦਾਰੀ ਤੇ ਸਖ਼ਤੀ ਨਾਲ ਬਣਾਇਆ ਗਿਆ ਹੈ ਕਿ ਦੋਸ਼ੀ ਠਹਿਰਾਏ ਗਏ ਵਿਅਕਤੀ ਨੂੰ ਮਰਨ ਤੱਕ ਉਮਰ ਕੈਦ ਦੀ ਸਜ਼ਾ ਹੋ ਸਕਦੀ ਹੈ।