ਸੰਗਰੂਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਆਪਣੇ ਜੱਦੀ ਜ਼ਿਲ੍ਹੇ ਸੰਗਰੂਰ ਦੇ ਪਿੰਡ ਭਲਵਾਨ ਤੋਂ ‘ਮੇਰੀ ਰਸੋਈ ਯੋਜਨਾ’ ਦੀ ਸ਼ੁਰੂਆਤ ਕੀਤੀ। ਇਸ ਯੋਜਨਾ ਤਹਿਤ ਪੰਜਾਬ ਦੇ ਲਗਭਗ 40 ਲੱਖ ਗ਼ਰੀਬ, ਦਲਿਤ ਅਤੇ ਪੱਛੜੇ ਪਰਵਾਰਾਂ ਨੂੰ ਪੌਸ਼ਟਿਕ ਭੋਜਨ ਦੀਆਂ ਕਿੱਟਾਂ ਮੁਫ਼ਤ ਵੰਡੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਵਧਦੀ ਮਹਿੰਗਾਈ ਦੇ ਦੌਰ ਵਿੱਚ ਇਹ ਸਕੀਮ ਸੰਘਰਸ਼ਸ਼ੀਲ ਪਰਵਾਰਾਂ ਦੀ ਰਸੋਈ ਦਾ ਬੋਝ ਘਟਾਉਣ ਲਈ ਇੱਕ ਸਿੱਧਾ ਕਦਮ ਹੈ। ਉਨ੍ਹਾ ਦਾਅਵਾ ਕੀਤਾ ਕਿ ‘ਆਪ’ ਸਰਕਾਰ ਸਿਰਫ਼ ਐਲਾਨ ਨਹੀਂ ਕਰਦੀ, ਸਗੋਂ ਮੁਫ਼ਤ ਬਿਜਲੀ, ਸਿਹਤ ਸਹੂਲਤਾਂ ਅਤੇ ਖੁਰਾਕ ਸੁਰੱਖਿਆ ਰਾਹੀਂ ਲੋਕਾਂ ਨੂੰ ਅਸਲ ਰਾਹਤ ਦੇ ਰਹੀ ਹੈ।
ਯੋਜਨਾ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਹਰ ਲਾਭਪਾਤਰੀ ਪਰਵਾਰ ਨੂੰ ਹਰ ਤਿੰਨ ਮਹੀਨੇ ਬਾਅਦ ਇੱਕ ਵਿਸ਼ੇਸ਼ ‘ਕਿੱਟ’ ਮਿਲੇਗੀ, ਜਿਸ ਵਿੱਚ ਸਰ੍ਹੋਂ ਦਾ ਤੇਲ, ਦਾਲਾਂ, ਖੰਡ, ਨਮਕ, ਹਲਦੀ ਅਤੇ ਰਸੋਈ ਦਾ ਹੋਰ ਜ਼ਰੂਰੀ ਸਾਮਾਨ ਹੋਵੇਗਾ। ਉਨ੍ਹਾ ਕਿਹਾ ਕਿ ਪਿਛਲੀਆਂ ਸਰਕਾਰਾਂ ਸਿਰਫ਼ ਕਣਕ-ਦਾਲ ਤੱਕ ਸੀਮਤ ਸਨ, ਪਰ ਉਨ੍ਹਾ ਦੀ ਸਰਕਾਰ ਨੇ ਰਸੋਈ ਦੀਆਂ ਸਾਰੀਆਂ ਬੁਨਿਆਦੀ ਲੋੜਾਂ ਦਾ ਧਿਆਨ ਰੱਖਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਜ਼ਿਕਰ ਕਰਦਿਆਂ ਦੱਸਿਆ ਕਿ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਦਿੱਤੀ ਜਾਵੇਗੀ, ਜਿਸ ਵਿੱਚ ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ 1,000 ਰੁਪਏ ਅਤੇ ਐੱਸ ਸੀ ਪਰਵਾਰਾਂ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ।




