ਸਕੂਲ ਸਿੱਖਿਆ ‘ਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ : ਬੈਂਸ

0
10

ਚੰਡੀਗੜ੍ਹ (ਗੁਰਜੀਤ ਬਿੱਲਾ)
ਸਕੂਲੀ ਸਿੱਖਿਆ ਵਿੱਚ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਨੇ ਭਾਰਤ ਦੇ ਸਰਵੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਮਾਨਤਾ ਹਾਸਲ ਕੀਤੀ ਹੈ। ਨੀਤੀ ਆਯੋਗ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ ਨੇ ਸਕੂਲ ਸਿੱਖਿਆ ਦੇ ਅਹਿਮ ਬੁਨਿਆਦੀ ਸਿੱਖਿਆ ਮਾਪਦੰਡਾਂ ਵਿੱਚ ਭਾਰਤ ਦੀ ਲੰਮੇ ਸਮੇਂ ਤੋਂ ਅਗਵਾਈ ਕਰਨ ਵਾਲੇ ਕੇਰਲਾ ਨੂੰ ਪਛਾੜ ਦਿੱਤਾ ਹੈ।ਪ੍ਰਣਾਲੀਗਤ ਸੁਧਾਰਾਂ ਅਤੇ ਜ਼ਮੀਨੀ ਪੱਧਰ ‘ਤੇ ਸਮਰਪਣ ਰਾਹੀਂ ਹਾਸਲ ਕੀਤੀ ਇਸ ਪ੍ਰਾਪਤੀ ਨੂੰ ‘ਪੰਜਾਬ ਦੇ ਦੌਰ’ ਦੀ ਸ਼ੁਰੂਆਤ ਦੱਸਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਨਮਾਨ ਹਰ ਉਸ ਮਾਤਾ-ਪਿਤਾ, ਵਿਦਿਆਰਥੀ ਅਤੇ ਅਧਿਆਪਕ ਦਾ ਹੈ, ਜਿਸ ਨੇ ਸਰਕਾਰੀ ਸਕੂਲਾਂ ਦਾ ਸਾਥ ਛੱਡਣ ਤੋਂ ਇਨਕਾਰ ਕਰ ਦਿੱਤਾ। ਇਹ ਇੱਕ ਦਿਨ ਵਿੱਚ ਹਾਸਲ ਕੀਤੀ ਉਪਲਬਧੀ ਨਹੀਂ ਹੈ, ਬਲਕਿ ਇਹ ਬਿਹਤਰ ਨੀਤੀ, ਇਰਾਦੇ ਅਤੇ ਅਮਲ ਦਾ ਸੁਮੇਲ ਹੈ, ਜਿਸ ਨਾਲ ਬਿਹਤਰ ਨਤੀਜੇ ਸਾਹਮਣੇ ਆਏ ਹਨ। ਨੀਤੀ ਆਯੋਗ ਦੀ ਰਿਪੋਰਟ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾ ਕਿਹਾ ਕਿ ਪੰਜਾਬ ਨੇ ਤੀਜੀ ਜਮਾਤ ਵਿੱਚ ਭਾਸ਼ਾ ‘ਚ 82 ਫ਼ੀਸਦ ਅਤੇ ਗਣਿਤ ਵਿੱਚ 78 ਫ਼ੀਸਦ ਅੰਕ ਹਾਸਲ ਕੀਤੇ, ਜੋ ਕੇਰਲਾ ਦੇ ਕ੍ਰਮਵਾਰ 75 ਫ਼ੀਸਦ ਅਤੇ 70 ਫ਼ੀਸਦ ਤੋਂ ਵੱਧ ਹਨ। 9ਵੀਂ ਜਮਾਤ ਦੇ ਗਣਿਤ ਵਿੱਚ ਪੰਜਾਬ ਨੇ 52 ਫ਼ੀਸਦ ਮੁਹਾਰਤ ਦਰਜ ਕੀਤੀ, ਜੋ ਕਿ ਕੇਰਲਾ ਦੇ 45 ਫ਼ੀਸਦ ਨਾਲੋਂ ਜ਼ਿਆਦਾ ਹੈ।”ਨੀਤੀ ਆਯੋਗ ਦੀ ਰਿਪੋਰਟ ਦੇ ਨਤੀਜਿਆਂ ਦਾ ਹਵਾਲਾ ਦਿੰਦਿਆਂ ਉਨ੍ਹਾ ਕਿਹਾ ਕਿ “ਸੂਬੇ ਦੇ 99.9 ਫ਼ੀਸਦ ਸਰਕਾਰੀ ਸਕੂਲਾਂ ਵਿੱਚ ਹੁਣ ਬਿਜਲੀ ਉਪਲੱਬਧ ਹੈ, 99 ਫ਼ੀਸਦ ਸਕੂਲਾਂ ਵਿੱਚ ਕਾਰਜਸ਼ੀਲ ਕੰਪਿਊਟਰ ਉਪਲੱਬਧ ਹਨ ਅਤੇ 80 ਫ਼ੀਸਦ ਤੋਂ ਵੱਧ ਸਕੂਲ ਸਮਾਰਟ ਕਲਾਸਰੂਮਾਂ ਨਾਲ ਲੈਸ ਹਨ। ਇਸ ਤੋਂ ਇਲਾਵਾ 10ਵੀਂ ਜਮਾਤ ਦੇ 90 ਫ਼ੀਸਦ ਤੋਂ ਵੱਧ ਵਿਦਿਆਰਥੀ ਹੁਣ 11ਵੀਂ ਜਮਾਤ ਵਿੱਚ ਦਾਖ਼ਲਾ ਲੈ ਰਹੇ ਹਨ। ਇਹ ਦਰ ਸਕੂਲ ਛੱਡਣ ਦੀ ਦਰ ਵਿੱਚ ਤੇਜ਼ੀ ਨਾਲ ਆ ਰਹੀ ਗਿਰਾਵਟ ਨੂੰ ਦਰਸਾਉਂਦੀ ਹੈ। ਵਿਦਿਆਰਥੀ-ਅਧਿਆਪਕ ਅਨੁਪਾਤ 22:1 ਹੋ ਗਿਆ ਹੈ।