ਮਾਨ ਸਰਕਾਰ ਨੌਕਰੀਆਂ ‘ਚ ਅਗਨੀਵੀਰਾਂ ਨੂੰ ਰਿਜ਼ਰਵੇਸ਼ਨ ਦੇਵੇਗੀ

0
18

ਚੰਡੀਗੜ੍ਹ (ਗੁਰਜੀਤ ਬਿੱਲਾ/
ਸੁਰਜੀਤ ਸੁਮਨ/ਕ੍ਰਿਸ਼ਨ ਗਰਗ)
ਅਗਨੀਪੱਥ ਸਕੀਮ ਤਹਿਤ ਫੌਜ ਵਿੱਚ ਅਗਨੀਵੀਰ ਵਜੋਂ ਆਪਣਾ ਸੇਵਾਕਾਲ ਪੂਰਾ ਕਰਨ ਤੋਂ ਬਾਅਦ ਉਨ੍ਹਾਂ ਦੇ ਮੁੜ-ਵਸੇਬੇ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਅਗਨੀਵੀਰਾਂ ਲਈ ਰਾਖਵਾਂਕਰਨ ਨੀਤੀ ਤਿਆਰ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਵਲ ਤੇ ਪੁਲਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਉੱਚ ਤਾਕਤੀ ਕਮੇਟੀ ਦਾ ਗਠਨ ਕੀਤਾ ਹੈ, ਜੋ ਸਰਕਾਰੀ ਸੇਵਾਵਾਂ ਵਿੱਚ ਅਗਨੀਵੀਰਾਂ ਨੂੰ ਰਾਖਵੇਂਕਰਨ ਦੇ ਲਾਭ ਦੇਣ ਲਈ ਰੂਪ-ਰੇਖਾ ਉਲੀਕੇਗੀ।ਮੰਗਲਵਾਰ ਇੱਥੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਨੂੰ ਰਾਖਵਾਂਕਰਨ ਦੇਣ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ।
ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਵਿੱਚ ਅਗਨੀਵੀਰਾਂ ਦੇ ਰਾਖਵੇਂਕਰਨ ਅਤੇ ਭਰਤੀ ਸੰਬੰਧੀ ਸਿਫਾਰਸ਼ਾਂ ਤਿਆਰ ਕਰਨ ਅਤੇ ਰੂਪ-ਰੇਖਾ ਨੂੰ ਅੰਤਮ ਰੂਪ ਦੇਣ ਲਈ ਸੂਬੇ ਦੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਵਿਕਾਸ ਪ੍ਰਤਾਪ, ਭਾਵਨਾ ਗਰਗ, ਸੁਮੇਰ ਸਿੰਘ ਗੁਰਜਰ ਅਤੇ ਐੱਸ ਐੱਸ ਸ੍ਰੀਵਾਸਤਵ ‘ਤੇ ਅਧਾਰਿਤ ਕਮੇਟੀ ਦਾ ਗਠਨ ਕੀਤਾ।
ਅਗਨੀਵੀਰਾਂ ਦੀ ਕਾਬਲੀਅਤ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਪੰਜਾਬ ਪੁਲਸ, ਜੰਗਲਾਤ ਗਾਰਡ, ਅੱਗ ਬੁਝਾਊ ਸੇਵਾਵਾਂ, ਜੇਲ੍ਹਾਂ, ਹੋਮ ਗਾਰਡ, ਪੈਸਕੋ ਅਤੇ ਸਰਕਾਰ ਦੇ ਕਈ ਹੋਰ ਵਿਭਾਗਾਂ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਵਰਤਿਆ ਜਾ ਸਕਦਾ ਹੈ। ਉਨ੍ਹਾ ਕਿਹਾ ਕਿ ਅਗਨੀਵੀਰਾਂ ਦੀ ਰਾਖਵੇਂਕਰਨ ਅਤੇ ਚੋਣ ਸੰਬੰਧੀ ਪੈਮਾਨੇ ਨੂੰ ਛੇਤੀ ਤੋਂ ਛੇਤੀ ਅੰਤਮ ਰੂਪ ਦਿੱਤਾ ਜਾਣਾ ਚਾਹੀਦਾ ਹੈ, ਤਾਂ ਜੋ ਇਨ੍ਹਾਂ ਹੁਨਰਮੰਦ ਅਤੇ ਅਨੁਸ਼ਾਸਿਤ ਨੌਜਵਾਨਾਂ ਦੀਆਂ ਸੇਵਾਵਾਂ ਨੂੰ ਸਭ ਤੋਂ ਵਧੀਆ ਢੰਗ ਨਾਲ ਵਰਤਿਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਹੀ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਵਿੱਚ ਇਤਿਹਾਸਕ ਭੂਮਿਕਾ ਨਿਭਾਈ ਹੈ।ਉਨ੍ਹਾ ਕਿਹਾ—ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗਭੁਜਾ ਵਜੋਂ ਵੀ ਜਾਣਿਆ ਜਾਂਦਾ ਹੈ। ਪੰਜਾਬ ਦੇ ਲੋਕਾਂ ਨੂੰ ਦੁਨੀਆ ਭਰ ਵਿੱਚ ਉਨ੍ਹਾ ਦੀ ਹਿੰਮਤ, ਮਿਹਨਤ ਅਤੇ ਉਦਮੀ ਭਾਵਨਾ ਹੋਣ ਦਾ ਮਾਣ ਪ੍ਰਾਪਤ ਹੈ।”
ਹਥਿਆਰਬੰਦ ਸੈਨਾਵਾਂ, ਅਰਧ ਸੈਨਿਕ ਬਲਾਂ, ਪੁਲਸ ਅਤੇ ਅਗਨੀਵੀਰਾਂ ਵੱਲੋਂ ਦੇਸ਼ ਦੀ ਰਾਖੀ ਵਿੱਚ ਪਾਏ ਗਏ ਅਥਾਹ ਯੋਗਦਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੇ ਪਰਵਾਰਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ।