ਸ਼ਹੀਦ ਗੁਰਮੇਲ ਸਿੰਘ ਹੂੰਝਣ ਤੇ ਜੋਗਿੰਦਰ ਸਿੰਘ ਦੀ ਬਰਸੀ ਅੱਜ

0
9

ਲੁਧਿਆਣਾ (ਐੱਮ ਐੱਸ ਭਾਟੀਆ)-ਹਰ ਸਾਲ ਦੀ ਤਰ੍ਹਾਂ ਅੱਜ ਪਿੰਡ ਪੰਧੇਰ ਖੇੜੀ ਵਿਖੇ ਸ਼ਹੀਦ ਕਾਮਰੇਡ ਗੁਰਮੇਲ ਸਿੰਘ ਹੂੰਝਣ ਅਤੇ ਜੋਗਿੰਦਰ ਸਿੰਘ ਦੀ 37ਵੀਂ ਬਰਸੀ ‘ਤੇ ਸ਼ਹੀਦੀ ਸਮਾਗਮ ਕੀਤਾ ਜਾ ਰਿਹਾ ਹੈ। ਦੇਸ਼ ਦੀ ਏਕਤਾ, ਅਖੰਡਤਾ ਦੀ ਰਾਖੀ ਅਤੇ ਸਮਾਜਿਕ ਸਦਭਾਵਨਾ ਲਈ ਸ਼ਹੀਦ ਹੋਏ ਸਾਥੀਆਂ ਦੀ ਯਾਦ ਵਿੱਚ ਹਰ ਸਾਲ 14 ਮਈ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਂਦੀ ਹੈ। ਇਸ ਵਾਰ ਸ਼ਹੀਦੀ ਸਮਾਗਮ ਨੂੰ ਸੰਬੋਧਨ ਕਰਨ ਲਈ ਭਾਰਤੀ ਕਮਿਊਨਿਸਟ ਪਾਰਟੀ ਦੇ ਕੌਮੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਅਤੇ ਭਾਰਤੀ ਖੇਤ ਮਜ਼ਦੂਰ ਯੂਨੀਅਨ ਦੇ ਕੌਮੀ ਜਨਰਲ ਸਕੱਤਰ ਗੁਲਜ਼ਾਰ ਸਿੰਘ ਗੋਰੀਆ ਮੁੱਖ ਬੁਲਾਰੇ ਹੋਣਗੇ। ਸਮਾਗਮ ਦੀਆਂ ਤਿਆਰੀਆਂ ਵਿੱਚ ਡੀ ਪੀ ਮੌੜ ਜ਼ਿਲ੍ਹਾ ਸਕੱਤਰ ਅਤੇ ਭਗਵਾਨ ਸਿੰਘ ਸੋਮਲ ਖੇੜੀ ਬਲਾਕ ਸਕੱਤਰ ਦੀ ਅਗਵਾਈ ਵਿੱਚ ਪੂਰੇ ਲੁਧਿਆਣਾ ਜ਼ਿਲ੍ਹੇ ਵਿੱਚ ਅਤੇ ਬਲਾਕ ਮਲੌਦ ਦੇ ਪਾਰਟੀ ਦੇ ਅਹੁਦੇਦਾਰ ਦਿਨ-ਰਾਤ ਲੱਗੇ ਹੋਏ ਹਨ। ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਣ ਕਰਨ ਲਈ ਪਹੁੰਚਣਗੇ। ਇਸ ਮੌਕੇ ਇਪਟਾ ਪੰਜਾਬ ਵੱਲੋਂ ਨਾਟਕ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀ ਜਾਵੇਗੀ।ਪਿੰਡ ਪੰਧੇਰ ਖੇੜੀ ਦੇ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਕਾਪੀਆਂ ਅਤੇ ਸਕੂਲੀ ਬੈਗ ਦਿੱਤੇ ਜਾਣਗੇ।