ਪੰਜਾਬ ‘ਚ ਖਾਦਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਕਮੀ, ਬਦਲਵੀਆਂ ਫਸਲਾਂ ਨੂੰ ਮਿਲੇਗਾ ਉਤਸ਼ਾਹ : ਭਗਵੰਤ ਮਾਨ

0
4

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕਰਕੇ ਸੂਬੇ ਦੇ ਕਿਸਾਨਾਂ ਨਾਲ ਜੁੜੇ ਅਹਿਮ ਮੁੱਦੇ ਉਠਾਏ।ਮੀਟਿੰਗ ਦੌਰਾਨ ਕੇਂਦਰ ਵੱਲੋਂ ਪੰਜਾਬ ਵਿੱਚ ਖਾਦਾਂ ਦੀ ਨਿਰਵਿਘਨ ਸਪਲਾਈ ਅਤੇ ਸਾਉਣੀ ਸੀਜ਼ਨ ਦੌਰਾਨ ਸੁਚਾਰੂ ਖਰੀਦ ਪ੍ਰਬੰਧਾਂ ਦਾ ਭਰੋਸਾ ਦਿੱਤਾ ਗਿਆ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੇ ਬਜਾਏ ਮੱਕੀ, ਦਾਲਾਂ, ਤੇਲ ਵਾਲੇ ਬੀਜ, ਸੂਰਜਮੁਖੀ ਅਤੇ ਬਾਜਰੇ ਵਰਗੀਆਂ ਬਦਲਵੀਆਂ ਫਸਲਾਂ ਨੂੰ ਉਤਸ਼ਾਹਿਤ ਕਰੇਗੀ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਬਚਤ ਕੀਤੀ ਜਾ ਸਕੇ।ਉਨ੍ਹਾਂ ਦੱਸਿਆ ਕਿ ਸੂਬੇ ਦੇ 150 ਵਿੱਚੋਂ 117 ਬਲਾਕ ਡਾਰਕ ਜ਼ੋਨ ਵਿੱਚ ਪਹੁੰਚ ਚੁੱਕੇ ਹਨ, ਜਿਸ ਕਾਰਨ ਫਸਲੀ ਵਿਭਿੰਨਤਾ ਸਮੇਂ ਦੀ ਲੋੜ ਬਣ ਗਈ ਹੈ।ਭਗਵੰਤ ਮਾਨ ਨੇ ਕੇਂਦਰ ਕੋਲ ਬਦਲਵੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐਮ ਐਸ ਪੀ) ਲਾਗੂ ਕਰਨ ਦੀ ਵੀ ਮੰਗ ਕੀਤੀ ਤਾਂ ਜੋ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਤੋਂ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਕੁਝ ਹਾਈਬ੍ਰਿਡ ਝੋਨੇ ਦੇ ਬੀਜਾਂ ਦੀ ਗੁਣਵੱਤਾ ‘ਤੇ ਵੀ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਇਨ੍ਹਾਂ ਕਾਰਨ ਮਿਲਿੰਗ ਦੌਰਾਨ ਦਾਣਾ ਟੁੱਟਣ ਦੀ ਸਮੱਸਿਆ ਆ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਖਰੀਦ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਸ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਕਮੇਟੀ ਬਣਾਉਣ ਅਤੇ ਪੰਜਾਬ ਨਾਲ ਮਿਲ ਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਪੰਜਾਬ ਨੇ ਕੇਂਦਰੀ ਬੀਜ ਕਮੇਟੀ ਵਿੱਚ ਸੂਬੇ ਦੀ ਪ੍ਰਤੀਨਿਧਤਾ ਅਤੇ 2026-27 ਲਈ ਕਣਕ ਦੇ ਬੀਜਾਂ ‘ਤੇ ਸਬਸਿਡੀ ਦੀ ਮੰਗ ਵੀ ਕੀਤੀ।ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਨੇ ਕੇਂਦਰ ਵੱਲੋਂ ਦਿੱਤਾ 125 ਲੱਖ ਮੀਟ੍ਰਿਕ ਟਨ ਕਣਕ ਉਤਪਾਦਨ ਦਾ ਟੀਚਾ ਸਫਲਤਾਪੂਰਵਕ ਪੂਰਾ ਕਰ ਲਿਆ ਹੈ ਅਤੇ ਸੂਬਾ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ।