ਚੰਡੀਗੜ੍ਹ (ਗੁਰਜੀਤ ਬਿੱਲਾ, ਸੁਰਜੀਤ ਸੁਮਨ, ਕ੍ਰਿਸ਼ਨ ਗਰਗ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੀਆਂ ਪ੍ਰੀਖਿਆ ਵਿੱਚ 416 ਸਰਕਾਰੀ ਸਕੂਲਾਂ ਨੇ 100 ਫੀਸਦ ਪਾਸ ਦਰ ਦਰਜ ਹਾਸਲ ਕਰਦਿਆਂ ਇੱਕ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 500 ਵਿੱਚੋਂ 500 ਅੰਕ ਹਾਸਲ ਕਰਕੇ ਅੱਵਲ ਰਹਿਣ ਵਾਲੀਆਂ ਪੰਜਾਬ ਦੀਆਂ ਤਿੰਨ ਧੀਆਂ ਮਾਨਸਾ ਤੋਂ ਸੁਪਨੀਤ ਕੌਰ ਅਤੇ ਲੁਧਿਆਣਾ ਤੋਂ ਸੁਹਾਨੀ ਚੌਹਾਨ ਤੇ ਦਿਵਾਂਸ਼ੀ ਨੂੰ ਸਨਮਾਨਤ ਕਰਦਿਆਂ ਉਨ੍ਹਾਂ ਦੀ ਰੱਜ ਕੇ ਪ੍ਰਸੰਸਾ ਕਰਦਿਆਂ ਕਿਹਾ ਕਿ ਲੜਕੀਆਂ ਸਿੱਖਿਆ ਦੇ ਪੁਨਰ-ਉਥਾਨ ਦੀ ਅਗਵਾਈ ਕਰ ਰਹੀਆਂ ਹਨ।ਸਰਕਾਰੀ ਸਕੂਲਾਂ ਦੀ ਸਿੱਖਿਆ ਵਿੱਚ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਦਿਆਂ ਮੈਰਿਟ ਸੂਚੀ ਵਿੱਚ ਸ਼ਾਮਲ 275 ਵਿਦਿਆਰਥੀਆਂ ਵਿੱਚੋਂ 122 ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹਨ, ਜੋ ਆਮ ਆਦਮੀ ਪਾਰਟੀ ਸਰਕਾਰ ਦੇ ਅਧੀਨ ਬੁਨਿਆਦੀ ਢਾਂਚੇ ਦੇ ਨਵੀਨੀਕਰਨ, ਆਧੁਨਿਕ ਕਲਾਸਰੂਮ ਅਤੇ ਕੇਂਦਰਤ ਅਕਾਦਮਿਕ ਸੁਧਾਰਾਂ ਨਾਲ ਲੈਸ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਨੂੰ ਦਰਸਾਉਂਦਾ ਹੈ।ਮੁੱਖ ਮੰਤਰੀ ਨੇ ਟਾਪਰ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਬੇਮਿਸਾਲ ਪ੍ਰਾਪਤੀ ਲਈ 50,000 ਰੁਪਏ ਦੀ ਨਕਦ ਇਨਾਮੀ ਰਾਸ਼ੀ ਦਿੱਤੀ।ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਤਿੰਨੋਂ ਟਾਪਰ ਕੌਮੀ ਅਤੇ ਰਾਜ ਪੱਧਰੀ ਖਿਡਾਰੀ ਹਨ, ਜੋ ਸਪੱਸ਼ਟ ਤੌਰ ‘ਤੇ ਦਰਸਾਉਂਦਾ ਹੈ ਕਿ ਉਹ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ।”ਉਨ੍ਹਾ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ 416 ਸਰਕਾਰੀ ਸਕੂਲਾਂ ਨੇ ਇਨ੍ਹਾਂ ਪ੍ਰੀਖਿਆਵਾਂ ਵਿੱਚ 100 ਫੀਸਦ ਨਤੀਜੇ ਦਰਜ ਕੀਤੇ ਹਨ।





