ਨਸ਼ਿਆਂ ਦਾ ਕਲੰਕ ਮਿਟਾ ਕੇ ਰਹਾਂਗੇ : ਮਾਨ

0
2

ਬਟਾਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਹਰ ਹੀਲੇ ਸੂਬੇ ਵਿੱਚੋਂ ‘ਨਸ਼ਿਆਂ ਦਾ ਕਲੰਕ’ ਮਿਟਾ ਕੇ ਰਹੇਗੀ। ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਪਹਿਲਾਂ ਹੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ, ਜਿਸ ਤਹਿਤ ਸਿਰਫ਼ 437 ਦਿਨਾਂ ਵਿੱਚ 63,707 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਪੰਜਾਬ ਭਰ ਵਿੱਚ ਨਸ਼ਿਆਂ ਦੇ ਪੈਸੇ ਨਾਲ ਬਣੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ।
ਬਟਾਲਾ ਵਿੱਚ ਸੰਤ ਤ੍ਰਿਲੋਚਨ ਦਾਸ ਮਹਾਰਾਜ ਦੇ 38ਵੇਂ ਗੁਰਗੱਦੀ ਦਿਵਸ ਨੂੰ ਸਮਰਪਤ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਲੜਾਈ ਹੁਣ ਲੋਕ ਲਹਿਰ ਬਣ ਗਈ ਹੈ, ਜਿਸ ਵਿੱਚ ਹਰ ਪੰਜਾਬੀ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ।
ਮੁੱਖ ਮੰਤਰੀ ਨੇ ਪਿਛਲੇ 112 ਦਿਨਾਂ ਵਿੱਚ ਗੈਂਗਸਟਰਾਂ ‘ਤੇ ਵਾਰ ਮੁਹਿੰਮ ਤਹਿਤ ਕੀਤੀਆਂ ਗਈਆਂ ਕਾਰਵਾਈਆਂ, ਔਰਤਾਂ ਤੇ ਸਿਹਤ ਸੰਭਾਲ ਲਈ ਚੱਲ ਰਹੇ ਭਲਾਈ ਕਾਰਜਾਂ ਅਤੇ ਸੂਬੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ‘ਤੇ ਰੋਕ ਲਾਉਣ ਲਈ ਪੰਜਾਬ ਸਰਕਾਰ ਦੁਆਰਾ ਬਣਾਏ ਗਏ ਬੇਅਦਬੀ ਵਿਰੋਧੀ ਕਾਨੂੰਨ ਸਖ਼ਤ ਕਾਨੂੰਨ ਵਰਗੀਆਂ ਪਹਿਲਕਦਮੀਆਂ ‘ਤੇ ਵੀ ਚਾਨਣਾ ਪਾਇਆ।
ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ 400 ਤੋਂ ਵੱਧ ਦਿਨ ਹੋ ਗਏ ਹਨ ਅਤੇ ਇਸ ਮੁਹਿੰਮ ਨੂੰ ਸ਼ਾਨਦਾਰ ਸਫਲਤਾ ਮਿਲੀ ਹੈ। ਅਸੀਂ ਨਸ਼ਿਆਂ ਦੇ ਕਾਰੋਬਾਰ ਦੀ ਰੀੜ੍ਹ ਤੋੜ ਦਿੱਤੀ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ।