ਜਥੇਦਾਰ ਗੜਗੱਜ ਤੇ ਜਸਟਿਸ ਸੋਢੀ ਵਿਚਾਲੇ ਮੀਟਿੰਗ

0
14

ਸ੍ਰੀ ਆਨੰਦਪੁਰ ਸਾਹਿਬ : ਸੁਪਰੀਮ ਕੋਰਟ ਤੋਂ ਸੇਵਾ-ਮੁਕਤ ਜਸਟਿਸ ਆਰ.ਐੱਸ. ਸੋਢੀ ਨੇ ਸ਼ੁੱਕਰਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੀਟਿੰਗ ਕਰਕੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026” ਸੰਬੰਧੀ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਸਟਿਸ ਸੋਢੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਾਨੂੰਨੀ ਸੋਧ ਸੰਬੰਧੀ ਪਹਿਲੇ ਦਿਨ ਤੋਂ ਹੀ ਵਿਸਥਾਰਤ ਲੇਖਾਂ ਰਾਹੀਂ ਸੰਗਤ ਨੂੰ ਮਾਮਲੇ ਦੀ ਗੰਭੀਰਤਾ ਬਾਰੇ ਜਾਣੂ ਕਰਵਾਇਆ। ਉਨ੍ਹਾ ਕਿਹਾ ਕਿ ਜਸਟਿਸ ਸੋਢੀ ਦੀ ਸਿੱਖੀ ਅਤੇ ਕਾਨੂੰਨ ਪ੍ਰਤੀ ਡੂੰਘੀ ਸਮਝ ਸਿੱਖ ਕੌਮ ਲਈ ਮਾਰਗਦਰਸ਼ਕ ਹੈ। ਜਸਟਿਸ ਸੋਢੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਸਿੱਖਾਂ ਦਾ ਅਕੀਦਾ ਨਿੱਜੀ ਅਤੇ ਆਤਮਿਕ ਮਾਮਲਾ ਹੈ, ਜਿਸ ਵਿੱਚ ਸਰਕਾਰ ਦੀ ਦਖ਼ਲਅੰਦਾਜ਼ੀ ਠੀਕ ਨਹੀਂ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰ ਖੇਤਰ ਵਿੱਚ ਸਿੱਧਾ ਦਖ਼ਲ ਕੀਤਾ ਗਿਆ ਹੈ, ਜਿਸ ਨੂੰ ਸਮਰਪਿਤ ਸਿੱਖ ਕਦੇ ਵੀ ਸਵੀਕਾਰ ਨਹੀਂ ਕਰ ਸਕਦੇ। ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਤੇ ਖ਼ਾਲਸਾ ਪੰਥ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਵੱਲੋਂ 17 ਮਈ ਨੂੰ ਤਖ਼ਤ ਸਾਹਿਬ (ਤਲਵੰਡੀ ਸਾਬੋ, ਬਠਿੰਡਾ) ਵਿਖੇ ਇੱਕ ਵਿਸ਼ੇਸ਼ ਪੰਥਕ ਇਕੱਠ ਸੱਦਿਆ ਗਿਆ ਹੈ।
ਇਸ ਇਕੱਠ ਵਿੱਚ ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਪਾਸ ਕੀਤੇ ਗਏ ਬੇਅਦਬੀ ਵਿਰੋਧੀ ਕਾਨੂੰਨ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਬਾਰੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੇ ਕਿਹਾ ਕਿ ਸਿੱਖ ਕੌਮ ਦੇ ਅੰਦਰੂਨੀ ਧਾਰਮਿਕ ਮਾਮਲਿਆਂ ਵਿੱਚ ਸੂਬਾ ਸਰਕਾਰ ਦੀ ਦਖ਼ਲਅੰਦਾਜ਼ੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।