ਚੰਡੀਗੜ੍ਹ (ਨ ਜ਼ ਸ)-ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਮੰਗਲਵਾਰ ਦੀ ਸਵੇਰ ਆਮ ਨਾਲੋਂ ਜ਼ਿਆਦਾ ਗਰਮ ਰਹੀ। ਭਾਰਤੀ ਮੌਸਮ ਵਿਭਾਗ ਨੇ ਉੱਤਰੀ ਭਾਰਤ ਦੇ ਵੱਡੇ ਹਿੱਸੇ ਵਿੱਚ ਲੂ ਨੂੰ ਲੈ ਕੇ ‘ਯੈਲੋ’ ਅਲਰਟ ਜਾਰੀ ਕੀਤਾ ਹੈ ਅਤੇ ਚੇਤਾਵਨੀ ਦਿੱਤੀ ਹੈ ਕਿ ਅਗਲੇ ਕੁਝ ਦਿਨਾਂ ਤੱਕ ਤਾਪਮਾਨ ਖ਼ਤਰਨਾਕ ਹੱਦ ਤੱਕ ਪਹੁੰਚ ਸਕਦਾ ਹੈ। ਮੌਸਮ ਵਿਭਾਗ ਮੁਤਾਬਕ 24-25 ਮਈ ਤੱਕ ਲੂ ਚੱਲਣ ਦੀ ਸੰਭਾਵਨਾ ਹੈ, ਜਿਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਪਾਰਾ 42 ਤੋਂ 45 ਦੇ ਵਿਚਕਾਰ ਰਹਿ ਸਕਦਾ ਹੈ। ਸੁੱਕੀਆਂ ਪੱਛਮੀ-ਉੱਤਰੀ ਹਵਾਵਾਂ ਅਤੇ ਮੀਂਹ ਨਾ ਪੈਣ ਕਾਰਨ ਮੈਦਾਨੀ ਇਲਾਕਿਆਂ ਵਿੱਚ ਗਰਮੀ ਦਾ ਪ੍ਰਕੋਪ ਹੋਰ ਵਧ ਰਿਹਾ ਹੈ। ਇਸ ਵਾਰ ਗਰਮੀ ਦਾ ਇਹ ਦੌਰ ਸਿਰਫ਼ ਦਿਨ ਦੇ ਉੱਚੇ ਤਾਪਮਾਨ ਕਰਕੇ ਹੀ ਚਿੰਤਾਜਨਕ ਨਹੀਂ ਹੈ, ਬਲਕਿ ‘ਗਰਮ ਰਾਤਾਂ’ ਦੇ ਲਗਾਤਾਰ ਬਣੇ ਰਹਿਣ ਕਾਰਨ ਵੀ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਹੁਣ ਰਾਤਾਂ ਨੂੰ ਵੀ ਲੋੜੀਂਦੀ ਠੰਢਕ ਨਹੀਂ ਮਿਲ ਰਹੀ, ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ, ਥਕਾਵਟ ਅਤੇ ਲੂ ਲੱਗਣ ਦਾ ਖ਼ਤਰਾ ਵਧ ਗਿਆ ਹੈ। ਇਸ ਦਾ ਸਭ ਤੋਂ ਵੱਧ ਅਸਰ ਬੱਚਿਆਂ, ਬਜ਼ੁਰਗਾਂ ਅਤੇ ਬਾਹਰ ਕੰਮ ਕਰਨ ਵਾਲੇ ਮਜ਼ਦੂਰਾਂ ‘ਤੇ ਪੈ ਰਿਹਾ ਹੈ।



