ਮਾਨ ਵੱਲੋਂ ‘ਰੌਸ਼ਨ ਪੰਜਾਬ’ ਦੀ ਸ਼ੁਰੂਆਤ

0
4

ਸੰਗਰੂਰ/ਧੂਰੀ, (ਮੋਹਿਤ ਗਰਗ, ਮਨੋਹਰ ਸੱਗੂ, ਪ੍ਰਵੀਨ ਸਿੰਘ, ਬਿੰਨੀ ਗਰਗ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਪਹਿਲਾ ਖੰਭਾ-ਮੁਕਤ ਪਿੰਡਾਂ ਵਾਲਾ ਸੂਬਾ ਬਣਾਉਣ ਲਈ ਮੰਗਲਵਾਰ ਆਪਣੇ ਜੱਦੀ ਪਿੰਡ ਸਤੌਜ ਵਿੱਚ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ (ਜ਼ਮੀਨਦੋਜ਼) ਪਾਉਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖ ਕੇ ਆਪਣੀ ਕਿਸਮ ਦੀ ਨਿਵੇਕਲੀ ਤੇ ਇਤਿਹਾਸਕ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਇਸ ਪਾਇਲਟ ਪ੍ਰੋਜੈਕਟ ਤਹਿਤ ਸਤੌਜ ਵਿੱਚੋਂ 384 ਬਿਜਲੀ ਦੇ ਖੰਭੇ ਹਟਾ ਦਿੱਤੇ ਜਾਣਗੇ ਅਤੇ ਸੜਕਾਂ ਨੂੰ ਪੁੱਟੇ ਬਿਨਾਂ ਜ਼ਮੀਨਦੋਜ਼ ਕੇਬਲਾਂ ਵਿਛਾਈਆਂ ਜਾਣਗੀਆਂ। ਇਸ ਪ੍ਰਾਜੈਕਟ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਧੁਨਿਕ ਬੁਨਿਆਦੀ ਢਾਂਚੇ, ਨਿਰਵਿਘਨ ਬਿਜਲੀ ਸਪਲਾਈ ਅਤੇ ਸੁਰੱਖਿਅਤ ਪਿੰਡਾਂ ‘ਤੇ ਅਧਾਰਤ “ਰੌਸ਼ਨ ਪੰਜਾਬ” ਦੀ ਸ਼ੁਰੂਆਤ ਦੱਸਿਆ।ਸਤੌਜ ਮਾਡਲ’ ਨੂੰ ਪੂਰੇ ਦੇਸ਼ ਲਈ ਮਿਸਾਲ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨਾਲ ਪਿੰਡਾਂ ਨੂੰ ਤਾਰਾਂ ਮੁਕਤ ਕਰਨ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾ ਕਿਹਾ ਕਿ ਜ਼ਮੀਨਦੋਜ਼ ਬਿਜਲੀ ਸਪਲਾਈ ਨਾਲ ਪਿੰਡਾਂ ਵਿੱਚ ਬਿਜਲੀ ਦੇ ਖੰਭੇ ਲਾਉਣ ਨੂੰ ਲੈ ਕੇ ਹੁੰਦੀ ਸਿਆਸਤ ਵੀ ਖ਼ਤਮ ਹੋ ਜਾਵੇਗੀ।ਇਸ ਪਾਇਲਟ ਪ੍ਰਾਜੈਕਟ ਤਹਿਤ ਸਤੌਜ ਵਿੱਚ ਬਿਜਲੀ ਦੀਆਂ ਉਪਰੋਂ ਲੰਘਦੀਆਂ ਤਾਰਾਂ ਨੂੰ ਕਰੀਬ 8 ਕਰੋੜ ਰੁਪਏ ਦੀ ਲਾਗਤ ਨਾਲ ਜ਼ਮੀਨਦੋਜ਼ ਕੀਤਾ ਜਾਵੇਗਾ। ਇਹ ਦੇਸ਼ ਦਾ ਪਹਿਲਾ ਅਜਿਹਾ ਪ੍ਰਾਜੈਕਟ ਹੈ ਅਤੇ ਇਸ ਪਹਿਲਕਦਮੀ ਨਾਲ ਪੰਜਾਬ ਪੂਰੇ ਦੇਸ਼ ਲਈ ਮਾਡਲ ਪ੍ਰਾਜੈਕਟ ਵਜੋਂ ਉਭਰੇਗਾ।
ਮੁੱਖ ਮੰਤਰੀ ਨੇ ਕਿਹਾ—ਮੀਟਰ ਬਕਸਿਆਂ ਨੂੰ ਸਾਰੇ ਘਰਾਂ ਨਾਲ ਜੋੜਨ ਵਾਲੀਆਂ ਕੇਬਲਾਂ ਨੂੰ ਵੀ ਜ਼ਮੀਨਦੋਜ਼ ਕੀਤਾ ਜਾਵੇਗਾ, ਜਿਸ ਕਾਰਨ 384 ਬੇਲੋੜੇ ਬਿਜਲੀ ਦੇ ਖੰਭੇ ਹਟਾ ਦਿੱਤੇ ਜਾਣਗੇ। ਇਸ ਪ੍ਰੋਜੈਕਟ ਦੀ ਵਿਸ਼ੇਸ਼ਤਾ ਇਹ ਹੈ ਕਿ ਜ਼ਮੀਨਦੋਜ਼ ਕੇਬਲਾਂ ਵਿਛਾਉਣ ਲਈ ਸੜਕਾਂ ਪੁੱਟਣ ਦੀ ਲੋੜ ਨਹੀਂ ਪਵੇਗੀ, ਕਿਉਂਕਿ ਜ਼ਮੀਨਦੋਜ਼ ਪਾਈਪਾਂ ਪਾਉਣ ਲਈ ਟ੍ਰੈਂਚਲੈੱਸ (ਬਿਨਾਂ ਪੁਟਾਈ) ਡ੍ਰਿਲਿੰਗ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇਗੀ। ਇਹ ਪਾਈਪਾਂ ਜ਼ਮੀਨ ਤੋਂ ਤਿੰਨ ਫੁੱਟ ਹੇਠਾਂ ਵਿਛਾਈਆਂ ਜਾਣਗੀਆਂ, ਜੋ ਆਮ ਲੋਕਾਂ ਲਈ ਵਰਦਾਨ ਸਾਬਤ ਹੋਣਗੀਆਂ।”
ਆਪਣੇ ਪਿੰਡ ਦੀ ਦੁਖਦਾਈ ਘਟਨਾ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਵੁਕ ਹੋ ਗਏ। ਉਨ੍ਹਾ ਕਿਹਾ—ਇਸ ਪਿੰਡ ਦੇ ਤਿੰਨ ਨੌਜਵਾਨਾਂ ਦੀ ਕੰਬਾਈਨਾਂ ਨਾਲ ਬਿਜਲੀ ਦੇ ਕਰੰਟ ਲੱਗਣ ਕਾਰਨ ਜਾਨ ਚਲੀ ਗਈ ਸੀ। ਉਹ ਆਪਣੇ ਪਰਵਾਰਾਂ ਦੇ ਇੱਕੋ-ਇੱਕ ਕਮਾਊ ਮੈਂਬਰ ਸਨ। ਇਹ ਪ੍ਰੋਜੈਕਟ ਉਨ੍ਹਾਂ ਨੌਜਵਾਨਾਂ ਨੂੰ ਸ਼ਰਧਾਂਜਲੀ ਹੈ, ਕਿਉਂਕਿ ਭਵਿੱਖ ਵਿੱਚ ਅਜਿਹੀਆਂ ਦੁਖਦਾਈ ਘਟਨਾਵਾਂ ਕਦੇ ਵੀ ਨਹੀਂ ਵਾਪਰਨੀਆਂ ਚਾਹੀਦੀਆਂ।”ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਤਰੁਨਪ੍ਰੀਤ ਸਿੰਘ ਸੌਧ ਸਮੇਤ ਹੋਰ ਵੀ ਹਾਜ਼ਰ ਸਨ।
ਮਾਨ ਨੇ ਖਾੜੀ ਜੰਗ ਦੇ ਹਾਲਾਤ ਦਾ ਲਾਹਾ ਲੈਣ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਸਰਕਾਰ ਆਪਣੀਆਂ ਵਿਦੇਸ਼ੀ ਅਤੇ ਆਰਥਿਕ ਨੀਤੀਆਂ ਦੀ ਨਾਕਾਮੀ ਨੂੰ ਲੁਕਾਉਣ ਲਈ ਇਸ ਜੰਗ ਨੂੰ ਢਾਲ ਵਜੋਂ ਵਰਤ ਰਹੀ ਹੈ ਅਤੇ ਦੇਸ਼ ਨੂੰ ਜਾਣਬੁੱਝ ਕੇ ਅਣਐਲਾਨੇ ਲਾਕਡਾਊਨ ਵੱਲ ਧੱਕਿਆ ਜਾ ਰਿਹਾ ਹੈ। ਕੇਂਦਰ ਵੱਲੋਂ ਲੋਕਾਂ ਨੂੰ ਸੰਜਮ ਵਰਤਣ ਲਈ ਵਾਰ-ਵਾਰ ਕੀਤੀਆਂ ਜਾ ਰਹੀਆਂ ਅਪੀਲਾਂ ‘ਤੇ ਸਵਾਲ ਉਠਾਉਂਦਿਆਂ ਮਾਨ ਨੇ ਕਿਹਾ ਕਿ ਵਿਸ਼ਵਵਿਆਪੀ ਸੰਕਟ ਤੋਂ ਪ੍ਰਭਾਵਤ ਕਿਸੇ ਵੀ ਹੋਰ ਦੇਸ਼ ਨੇ ਆਪਣੇ ਨਾਗਰਿਕਾਂ ਨੂੰ ਪੈਟਰੋਲ, ਡੀਜ਼ਲ, ਗੈਸ ਜਾਂ ਸੋਨਾ ਖਰੀਦਣਾ ਬੰਦ ਕਰਨ ਲਈ ਨਹੀਂ ਕਿਹਾ ਹੈ। ਉਨ੍ਹਾ ਕਿਹਾ ਕਿ ਮੋਦੀ ਸਰਕਾਰ ਨੂੰ ਲੋਕਾਂ ਵਿੱਚ ਦਹਿਸ਼ਤ ਅਤੇ ਬੇਚੈਨੀ ਫੈਲਾਉਣ ਦੀ ਥਾਂ ਪੂਰੇ ਦੇਸ਼ ਨੂੰ ਭਾਰਤ ਦੇ ਭੰਡਾਰਾਂ ਦੀ ਅਸਲ ਸਥਿਤੀ ਬਾਰੇ ਦੱਸਣਾ ਚਾਹੀਦਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਵਿਦੇਸ਼ ਅਤੇ ਆਰਥਿਕ ਨੀਤੀ, ਦੋਵਾਂ ਪਹਿਲੂਆਂ ‘ਤੇ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਜਿਸ ਕਾਰਨ ਦੇਸ਼ ਵਿੱਚ ਬੇਚੈਨੀ ਦਾ ਮਾਹੌਲ ਹੈ। ਕੇਂਦਰ ਸਰਕਾਰ ਖਾੜੀ ਜੰਗ ਤੋਂ ਪੈਦਾ ਹੋਈ ਸਥਿਤੀ ਦੀ ਗੰਭੀਰਤਾ ਦਾ ਅੰਦਾਜ਼ਾ ਲਗਾਉਣ ਵਿੱਚ ਵੀ ਨਾਕਾਮ ਰਹੀ ਹੈ, ਜਿਸ ਕਾਰਨ ਦੇਸ਼ ਵਿੱਚ ਪੂਰੀ ਤਰ੍ਹਾਂ ਹਫੜਾ-ਦਫੜੀ ਮਚ ਗਈ ਹੈ।
ਮੁੱਖ ਮੰਤਰੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ, ਕਿਉਂਕਿ ਤੇਲ ਦੀਆਂ ਕੀਮਤਾਂ ਲਗਾਤਾਰ ਵਧਣ ਦੀ ਉਮੀਦ ਹੈ। ਉਨ੍ਹਾ ਕਿਹਾ, ‘ਲੋਕਾਂ ਦੀਆਂ ਸਮੱਸਿਆਵਾਂ ਦਾ ਕੋਈ ਅੰਤ ਨਹੀਂ ਹੋਵੇਗਾ, ਕਿਉਂਕਿ ਕੇਂਦਰ ਸਰਕਾਰ ਲੋਕ ਵਿਰੋਧੀ ਮਾਨਸਿਕਤਾ ਤੋਂ ਪੀੜਤ ਹੈ। ਲੋਕ ਭਾਰੀ ਬੋਝ ਹੇਠ ਦੱਬੇ ਰਹਿਣਗੇ, ਕਿਉਂਕਿ ਚੋਣ ਮੋਡ ਵਿੱਚ ਰੁਝੀ ਹੋਣ ਕਰਕੇ ਕੇਂਦਰ ਸਰਕਾਰ ਹੁਣੇ-ਹੁਣੇ ਕੁੰਭਕਰਨੀ ਨੀਂਦ ਤੋਂ ਜਾਗੀ ਹੈ।’