ਹਲਵਾਰਾ (ਨਵਾਂ ਜ਼ਮਾਨਾ ਸਰਵਿਸ)
ਹਲਵਾਰਾ ਏਅਰਪੋਰਟ ਤੋਂ ਉਡਾਣਾਂ ਦੀ ਸ਼ੁਰੂਆਤ ਪੰਜਾਬ ਲਈ ਆਰਥਿਕ ਵਿਕਾਸ, ਕੁਨੈਕਟੀਵਿਟੀ ਅਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਦੇ ਦ੍ਰਿੜ੍ਹ ਯਤਨਾਂ ਅਤੇ ਵਿੱਤੀ ਵਚਨਬੱਧਤਾ ਸਦਕਾ ਮੁਕੰਮਲ ਹੋਇਆ ਇਹ ਲੰਮੇ ਸਮੇਂ ਤੋਂ ਲਟਕ ਰਿਹਾ ਪ੍ਰੋਜੈਕਟ ਪੂਰੇ ਖੇਤਰ ਵਿੱਚ ਵਪਾਰ, ਉਦਯੋਗ, ਨਿਵੇਸ਼ ਅਤੇ ਰੁਜ਼ਗਾਰ ਨੂੰ ਹੁਲਾਰਾ ਦੇਵੇਗਾ। ਉਡਾਣਾਂ ਸ਼ੁਰੂ ਹੋਣ ਤੋਂ ਬਾਅਦ ਪਹਿਲੀ ਵਾਰ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਏਅਰਪੋਰਟ ਟਰਮੀਨਲ ਦਾ ਦੌਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਇਸ ਹਵਾਈ ਅੱਡੇ ਦੀ ਸ਼ੁਰੂਆਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਲਿਆਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਪੰਜਾਬ ਸਰਕਾਰ ਵੱਲੋਂ ਹਵਾਈ ਅੱਡੇ ਦੇ ਵਿਕਾਸ ‘ਤੇ ਲਗਭਗ 54.67 ਕਰੋੜ ਰੁਪਏ ਖ਼ਰਚਣ ਦੀ ਗੱਲ ਆਖਦਿਆਂ ਸੁਤੰਤਰਤਾ ਸੰਗਰਾਮੀਆਂ ਅਤੇ ਮਹਾਨ ਸੰਤਾਂ ਦੀ ਵਿਰਾਸਤ ਦਾ ਸਨਮਾਨ ਕਰਨ ਦੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਣਥੱਕ ਯਤਨਾਂ ਸਦਕਾ ਮੁਹਾਲੀ ਏਅਰਪੋਰਟ ਦਾ ਨਾਂਅ ਸ਼ਹੀਦ ਭਗਤ ਸਿੰਘ ਅਤੇ ਆਦਮਪੁਰ ਏਅਰਪੋਰਟ ਦਾ ਨਾਂਅ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਂਅ ‘ਤੇ ਰੱਖੇ ਜਾਣ ਤੋਂ ਬਾਅਦ ਹੁਣ ਹਲਵਾਰਾ ਏਅਰਪੋਰਟ ਦਾ ਨਾਂਅ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ ‘ਤੇ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾ ਕਿਹਾ ਕਿ ਉਹ ਇਸ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਉਠਾਉਣਗੇ।ਮਾਨ ਨੇ ਕਿਹਾ—ਪੰਜਾਬ ਸਰਕਾਰ ਵੱਲੋਂ ਨੌਜਵਾਨ ਪਾਇਲਟਾਂ ਨੂੰ ਸਿਖਲਾਈ ਦੇਣ ਲਈ ਸਾਹਨੇਵਾਲ ਹਵਾਈ ਅੱਡੇ ਦੀ ਇਮਾਰਤ ਦੀ ਵਰਤੋਂ ਸੰਬੰਧੀ ਵੀ ਠੋਸ ਯਤਨ ਕੀਤੇ ਜਾਣਗੇ। ਨੌਜਵਾਨਾਂ ਨੂੰ ਪਹਿਲਾਂ ਹੀ ਕਿਫਾਇਤੀ ਦਰਾਂ ‘ਤੇ ਹਵਾਬਾਜ਼ੀ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਨਤਕ ਹਿੱਤ ਵਿੱਚ ਹਲਵਾਰਾ ਹਵਾਈ ਅੱਡੇ ਤੋਂ ਉਡਾਣ ਦੇ ਸਮੇਂ ਨੂੰ ਬਦਲਣ ਦਾ ਮੁੱਦਾ ਵੀ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ।”





