ਲਖੀਮਪੁਰ ਖੀਰੀ ਕਤਲ ਕਾਂਡ ਦੀ ਬਰਸੀ ਮੌਕੇ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ

0
315

ਚੰਡੀਗੜ੍ਹ (ਗੁਰਜੀਤ ਬਿੱਲਾ)
ਲਖੀਮਪੁਰ ਖੀਰੀ ‘ਚ ਪਿਛਲੇ ਵਰ੍ਹੇ ਸ਼ਹੀਦ ਹੋਏ 4 ਕਿਸਾਨਾਂ ਅਤੇ 1 ਪੱਤਰਕਾਰ ਦੀ ਬਰਸੀ ਮੌਕੇ ਸੰਯੁਕਤ ਕਿਸਾਨ ਮੋਰਚਾ ‘ਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਸੋਮਵਾਰ ਸੂਬੇ ਭਰ ‘ਚ ਜ਼ਿਲ੍ਹਾ ਅਤੇ ਤਹਿਸੀ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰਦਿਆਂ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ ਭੇਜੇ ਗਏ | ਸ਼ਹੀਦ ਕਿਸਾਨਾਂ ਨਛੱਤਰ ਸਿੰਘ, ਦਲਜੀਤ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਪੱਤਰਕਾਰ ਰਮਨ ਕਸ਼ਯਪ ਨੂੰ ਕਿਸਾਨਾਂ ਨੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ |
ਪ੍ਰਧਾਨ ਮੰਤਰੀ ਦੇ ਨਾਂਅ ਭੇਜੇ ਸੰਯੁਕਤ ਕਿਸਾਨ ਮੋਰਚੇ ਦੇ ਮੰਗ ਪੱਤਰ ਰਾਹੀਂ ਮੰਗ ਕੀਤੀ ਕਿ ਲਖੀਮਪੁਰ ਖੀਰੀ ਕਤਲੇਆਮ ਦੇ ਮੁੱਖ ਸਾਜਿਸ਼ਕਾਰ ਅਜੈ ਮਿਸ਼ਰਾ ਟੈਨੀ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ ਅਤੇ ਉਸ ਨੂੰ ਗਿ੍ਫਤਾਰ ਕਰ ਕੇ ਜੇਲ੍ਹ ਭੇਜਿਆ ਜਾਵੇ | ਲਖੀਮਪੁਰ ਖੀਰੀ ਕਤਲ ਕਾਂਡ ਮੌਕੇ ਕਿਸਾਨਾਂ ‘ਤੇ ਪਾਏ ਫਰਜ਼ੀ ਕੇਸ ਰੱਦ ਕਰਕੇ ਤੁਰੰਤ ਰਿਹਾ ਕੀਤਾ ਜਾਵੇ | ਸ਼ਹੀਦ ਕਿਸਾਨਾਂ ਅਤੇ ਜ਼ਖਮੀਆਂ ਦੇ ਪਰਵਾਰਾਂ ਨੂੰ ਆਰਥਕ ਮਦਦ ਅਤੇ ਸਰਕਾਰੀ ਨੌਕਰੀ ਦੇਣ ਦਾ ਸਰਕਾਰ ਵੱਲੋਂ ਕੀਤਾ ਵਾਅਦਾ ਪੂਰਾ ਕੀਤਾ ਜਾਵੇ | ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਿਰਭੈ ਸਿੰਘ ਢੁੱਡੀਕੇ, ਮਨਜੀਤ ਸਿੰਘ ਧਨੇਰ, ਡਾ. ਦਰਸ਼ਨਪਾਲ, ਹਰਮੀਤ ਸਿੰਘ ਕਾਦੀਆਂ, ਮਨਜੀਤ ਸਿੰਘ ਰਾਏ, ਸਤਨਾਮ ਸਿੰਘ ਅਜਨਾਲਾ, ਸਤਨਾਮ ਸਿੰਘ ਬਹਿਰੂ, ਰੁਲਦੂ ਸਿੰਘ ਮਾਨਸਾ, ਬਲਦੇਵ ਸਿੰਘ ਨਿਹਾਲਗੜ੍ਹ, ਮੇਜਰ ਸਿੰਘ ਪੁੰਨਾਵਾਲ, ਅਵਤਾਰ ਸਿੰਘ ਮੇਹਲੋਂ, ਬੂਟਾ ਸਿੰਘ ਸ਼ਾਦੀਪੁਰ, ਫੁਰਮਾਨ ਸਿੰਘ ਸੰਧੂ, ਕੁਲਦੀਪ ਸਿੰਘ ਵਜੀਦਪੁਰ, ਮੁਕੇਸ਼ ਚੰਦਰ, ਜੰਗਵੀਰ ਸਿੰਘ ਚੌਹਾਨ, ਹਰਜੀਤ ਸਿੰਘ ਰਵੀ, ਬਿੰਦਰ ਸਿੰਘ ਗੋਲੇਵਾਲਾ, ਨਛੱਤਰ ਸਿੰਘ, ਵੀਰ ਸਿੰਘ ਬੜਵਾ, ਕਿਰਨਜੀਤ ਸਿੰਘ ਸੇਖੋਂ, ਲਖਵਿੰਦਰ ਸਿੰਘ, ਕੁਲਜਿੰਦਰ ਸਿੰਘ ਘੁੰਮਣ, ਹਰਦੇਵ ਸਿੰਘ ਸੰਧੂ, ਸੁਰਜੀਤ ਸਿੰਘ ਫੂਲ, ਗੁਰਬਖਸ਼ ਸਿੰਘ ਬਰਨਾਲਾ ਅਤੇ ਰਾਜੂ ਔਲਖ ਨੇ ਸੰਘਰਸ਼ ਦੀ ਅਗਵਾਈ ਕੀਤੀ |
ਓਧਰ ਯੂ ਪੀ ‘ਚ ਤਿਕੂੰਨੀਆਂ ਵਿਖੇ ਵਾਪਰੇ ਕਤਲੇਆਮ ਵਿੱਚ ਸ਼ਹੀਦ ਹੋਏ ਕਿਸਾਨਾਂ ਅਤੇ ਪੱਤਰਕਾਰ ਵੀਰ ਦੀ ਯਾਦ ਵਿੱਚ ਘਟਨਾ ਸਥਾਨ ਦੇ ਨੇੜੇ ਸਥਿਤ ਗੁਰਦੁਆਰਾ ਕੰਡਾਲਾ ਘਾਟ ਸਾਹਿਬ ਵਿਖੇ ਬਰਸੀ ਸਮਾਗਮ ਵਿੱਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਆਗੂ ਬੂਟਾ ਸਿੰਘ ਬੁਰਜ ਗਿੱਲ, ਰਮਿੰਦਰ ਸਿੰਘ ਪਟਿਆਲਾ, ਜਗਮਨਦੀਪ ਸਿੰਘ ਤੋਂ ਇਲਾਵਾ ਉੱਤਰ ਪ੍ਰਦੇਸ ਦੇ ਕਿਸਾਨ ਆਗੂ ਰਾਕੇਸ਼ ਟਿਕੈਤ, ਬਲਜਿੰਦਰ ਮਾਨ, ਗੁਰਅਮਨੀਤ ਸਿੰਘ ਮਾਂਗਟ, ਉੱਤਰਾਖੰਡ ਦੇ ਕਿਸਾਨ ਆਗੂ ਤੇਜਿੰਦਰ ਸਿੰਘ ਵਿਰਕ ਅਤੇ ਜਗਤਾਰ ਸਿੰਘ ਬਾਜਵਾ ਨੇ ਹਿੱਸਾ ਲਿਆ | ਪੰਡਾਲ ਵਿੱਚ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕਾਂ ਦੀ ਸ਼ਮੂਲੀਅਤ ਇਹ ਦੱਸ ਰਹੀ ਸੀ ਕਿ ਲੋਕ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਦੇ ਅਤੇ ਪ੍ਰੇਰਨਾ ਲੈਂਦੇ ਹਨ | ਇਕੱਠ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਰਾਕੇਸ਼ ਟਿਕੈਤ, ਬੂਟਾ ਸਿੰਘ ਬੁਰਜ ਗਿੱਲ ਅਤੇ ਰਮਿੰਦਰ ਸਿੰਘ ਪਟਿਆਲਾ ਨੇ ਸੰਬੋਧਨ ਕੀਤਾ | ਸਮਾਗਮ ਦੌਰਾਨ ਜੇਲ੍ਹ ਵਿੱਚ ਬੰਦ ਨੌਜਵਾਨ ਕਿਸਾਨਾਂ ਦੇ ਪਰਵਾਰਾਂ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਆਰਥਕ ਸਹਾਇਤਾ ਭੇਟ ਕਰਨ ਦੇ ਨਾਲ-ਨਾਲ ਸ਼ਹੀਦਾਂ ਦੇ ਪਰਵਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ | ਪ੍ਰੋਗਰਾਮ ਦੌਰਾਨ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਹਾਜ਼ਰੀ ਲਗਵਾਈ | ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਵਰਣਨਯੋਗ ਹੈ ਕਿ ਦੇਸ਼ ਭਰ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਲਖੀਮਪੁਰ ਖੀਰੀ ਕਾਂਡ ਦਾ ਨਿਆਂ ਲੈਣ ਨਾਲ ਸੰਬੰਧਤ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ |

LEAVE A REPLY

Please enter your comment!
Please enter your name here